ਝੂਠਾ ਪੁਲੀਸ ਮੁਕਾਬਲਾ: ਸੀਬੀਆਈ ਅਦਾਲਤ ਵੱਲੋਂ ਦੋ ਸਾਬਕਾ ਪੁਲੀਸ ਅਫ਼ਸਰ ਦੋਸ਼ੀ ਕਰਾਰ

ਦੋਸ਼ੀ ਪੁਲੀਸ ਅਫ਼ਸਰਾਂ ਨੂੰ 2 ਨਵੰਬਰ ਬੁੱਧਵਾਰ ਨੂੰ ਸੁਣਾਈ ਜਾਵੇਗੀ ਸਜ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਕਤੂਬਰ:
ਮੁਹਾਲੀ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਕਰੀਬ ਤਿੰਨ ਦਹਾਕੇ ਪੁਰਾਣੇ ਝੂਠੇ ਪੁਲੀਸ ਮੁਕਾਬਲੇ ਦੇ ਮਾਮਲੇ ਦਾ ਨਿਬੇੜਾ ਕਰਦਿਆਂ ਪੰਜਾਬ ਪੁਲੀਸ ਦੇ ਦੋ ਸੇਵਾਮੁਕਤ ਅਫ਼ਸਰਾਂ ਸਬ ਇੰਸਪੈਕਟਰ ਸ਼ਮਸ਼ੇਰ ਸਿੰਘ ਅਤੇ ਏਐਸਆਈ ਜਗਤਾਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੋਸ਼ੀਆਂ ਨੂੰ 2 ਨਵੰਬਰ ਦਿਨ ਬੁੱਧਵਾਰ ਨੂੰ ਸਜ਼ਾ ਸੁਣਾਈ ਜਾਵੇਗੀ। ਇਸ ਮਾਮਲੇ ਵਿੱਚ ਨਾਮਜ਼ਦ ਦੋ ਹੋਰ ਪੁਲੀਸ ਅਫ਼ਸਰਾਂ ਇੰਸਪੈਕਟਰ ਪੂਰਨ ਸਿੰਘ ਅਤੇ ਏਐਸਆਈ ਜਗੀਰ ਸਿੰਘ ਦੀ ਟਰਾਇਲ ਦੌਰਾਨ ਮੌਤ ਹੋ ਚੁੱਕੀ ਹੈ।
ਪੀੜਤ ਪਰਿਵਾਰ ਦੇ ਵਕੀਲ ਸਰਬਜੀਤ ਸਿੰਘ ਨੇ ਦੱਸਿਆ ਕਿ ਅਪਰੈਲ 1993 ਵਿੱਚ ਥਾਣਾ ਸਦਰ ਤਰਨ ਤਾਰਨ ਦੀ ਪੁਲੀਸ ਨੇ ਸਿੱਖ ਨੌਜਵਾਨ ਹਰਬੰਸ ਸਿੰਘ ਵਾਸੀ ਓਬੋਕੇ (ਤਰਨ ਤਾਰਨ) ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਸੀ। ਪੁਲੀਸ ਅਨੁਸਾਰ ਹਰਬੰਸ ਸਿੰਘ ਨੇ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਉਸ ਨੇ ਚੰਬਲ ਏਰੀਆ ਵਿੱਚ ਹਥਿਆਰ ਛੁਪਾ ਕੇ ਰੱਖੇ ਹੋਏ ਹਨ। ਨੌਜਵਾਨ ਦੇ ਦੱਸਣ ਅਨੁਸਾਰ 15 ਅਪਰੈਲ 1993 ਨੂੰ ਤਰਨ ਤਾਰਨ ਜ਼ਿਲ੍ਹੇ ਦੀ ਪੁਲੀਸ ਹਥਿਆਰ ਬਰਾਮਦ ਕਰਵਾਉਣ ਲਈ ਸਿੱਖ ਨੌਜਵਾਨ ਹਰਬੰਸ ਸਿੰਘ ਨੂੰ ਆਪਣੇ ਨਾਲ ਲੈ ਕੇ ਜਾ ਰਹੀ ਸੀ ਕਿ ਰਸਤੇ ਵਿੱਚ ਖਾੜਕੂਆਂ ਨੇ ਪੁਲੀਸ ਪਾਰਟੀ ’ਤੇ ਫਾਇਰਿੰਗ ਕਰ ਦਿੱਤੀ ਸੀ। ਇਸ ਮੁਕਾਬਲੇ ਵਿੱਚ ਹਰਬੰਸ ਸਿੰਘ ਅਤੇ ਇਕ ਹੋਰ ਅਣਪਛਾਤਾ ਖਾੜਕੂ ਮਾਰਿਆ ਗਿਆ ਸੀ। ਹਾਲਾਂਕਿ ਇਸ ਸਬੰਧੀ ਤਰਨ ਤਾਰਨ ਪੁਲੀਸ ਵੱਲੋਂ ਪੁਲੀਸ ਪਾਰਟੀ ’ਤੇ ਹਮਲਾ ਕਰਨ ਸਬੰਧੀ ਅਣਪਛਾਤੇ ਖਾੜਕੂਆਂ ਵਿਰੁੱਧ ਪਰਚਾ ਦਰਜ ਕੀਤਾ ਗਿਆ ਸੀ। ਪੁਲੀਸ ਨੇ ਦੋਸ਼ ਲਾਇਆ ਸੀ ਕਿ ਹਰਬੰਸ ਸਿੰਘ ਨੂੰ ਪੁਲੀਸ ਹਿਰਾਸਤ ’ਚੋਂ ਛੁਡਾਉਣ ਲਈ ਖਾੜਕੂਆਂ ਨੇ ਫਾਇਰਿੰਗ ਕੀਤੀ ਸੀ। ਦੂਜੇ ਪਾਸੇ ਇਸ ਸਬੰਧੀ ਪੀੜਤ ਪਰਿਵਾਰ ਦੋਸ਼ੀ ਪੁਲੀਸ ਕਰਮਚਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਲੰਮਾ ਸਮਾਂ ਉਸ ਸਮੇਂ ਦੀ ਸਰਕਾਰ ਅਤੇ ਉੱਚ ਪੁਲੀਸ ਅਧਿਕਾਰੀਆਂ ਦੇ ਤਰਲੇ ਕੱਢਦਾ ਰਿਹਾ ਲੇਕਿਨ ਕਿਸੇ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ।
ਬਾਅਦ ਵਿੱਚ ਪੀੜਤ ਉੱਚ ਅਦਾਲਤ ਦੇ ਹੁਕਮਾਂ ’ਤੇ ਇਸ ਸਬੰਧੀ ਮ੍ਰਿਤਕ ਨੌਜਵਾਨ ਦੇ ਭਰਾ ਪਰਮਜੀਤ ਸਿੰਘ ਦੀ ਸ਼ਿਕਾਇਤ ’ਤੇ 25 ਜਨਵਰੀ 1999 ਨੂੰ ਉਕਤ ਪੁਲੀਸ ਅਧਿਕਾਰੀਆਂ ਖ਼ਿਲਾਫ਼ ਧਾਰਾ 302, 364 ਅਤੇ 34 ਅਧੀਨ ਅਪਰਾਧਿਕ ਕੇਸ ਦਰਜ ਕੀਤਾ ਗਿਆ। ਇਸ ਮਾਮਲੇ ਦੀ ਸੁਣਵਾਈ ਮੁਹਾਲੀ ਸਥਿਤ ਸੀਬੀਆਈ ਦੀ ਅਦਾਲਤ ਵਿੱਚ ਚੱਲ ਰਹੀ ਸੀ। ਇਸ ਦੌਰਾਨ ਸੀਬੀਆਈ ਨੇ ਮੁੱਢਲੀ ਜਾਂਚ ਤੋਂ ਬਾਅਦ 13 ਦਸੰਬਰ 2002 ਨੂੰ ਉਕਤ ਪੁਲੀਸ ਅਫ਼ਸਰਾਂ ਦੇ ਖ਼ਿਲਾਫ਼ ਧਾਰਾ 302, 218 ਅਤੇ 120ਬੀ ਅਧੀਨ ਸੀਬੀਆਈ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ। ਇਸ ਕੇਸ ਦੀ ਸੁਣਵਾਈ ਦੌਰਾਨ ਸੀਬੀਆਈ ਨੇ 17 ਗਵਾਹ ਪੇਸ਼ ਕੀਤੇ ਅਤੇ ਪੀੜਤ ਪਰਿਵਾਰ ਦੇ ਵਕੀਲ ਸਰਬਜੀਤ ਸਿੰਘ ਨੇ ਤੱਥਾਂ ਦੇ ਆਧਾਰ ’ਤੇ ਉੁਸਾਰੂ ਦਲੀਲਾਂ ਦਿੰਦੀਆਂ ਗਈਆਂ। ਅੱਜ ਕੇਸ ਦੀ ਸੁਣਵਾਈ ਦੌਰਾਨ ਸੀਬੀਆਈ ਅਦਾਲਤ ਨੇ ਦੋ ਪੁਲੀਸ ਅਫ਼ਸਰਾਂ ਸ਼ਮਸ਼ੇਰ ਸਿੰਘ ਅਤੇ ਜਗਤਾਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਹੁਣ ਇਨ੍ਹਾਂ ਦੋਸ਼ੀਆਂ ਨੂੰ 2 ਨਵੰਬਰ ਨੂੰ ਸਜ਼ਾ ਸੁਣਾਈ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…