ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਦੌਰਾਨ ਵੱਡੀ ਗਿਣਤੀ ’ਚ ਲੋਕ ਜੁੜੇਲੋੜ ਪੈਣ ’ਤੇ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਵੱਡਾ ਸੰਘਰਸ਼ ਵਿੱਢੇਗਾ: ਆਗੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਦਸੰਬਰ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਦਸਤਖ਼ਤੀ ਮੁਹਿੰਮ ਦੌਰਾਨ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਇਲਾਕੇ ਦੀ ਸੰਗਤ ਨੇ ਸ਼ਿਰਕਤ ਕੀਤੀ। ਅਰਦਾਸ ਉਪਰੰਤ ਦਸਤਖ਼ਤੀ ਮੁਹਿੰਮ ਦਾ ਮੁਹਾਲੀ ’ਚ ਰਸਮੀ ਆਗਾਜ਼ ਕੀਤਾ ਗਿਆ। ਇਸ ਮੌਕੇ ਸਿੱਖ ਆਗੂਆਂ, ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਸ਼ਹਿਰ ਵਾਸੀਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਜ਼ੋਰਦਾਰ ਮੰਗ ਕਰਦਿਆਂ ਪੰਜਾਬ ਦੇ ਰਾਜਪਾਲ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨੂੰ ਭੇਜੇ ਜਾਣ ਵਾਲੇ ਮੰਗ ਪੱਤਰ ’ਤੇ ਦਸਤਖ਼ਤ ਕੀਤੇ।
ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਚਰਨਜੀਤ ਸਿੰਘ ਕਾਲੇਵਾਲ ਅਤੇ ਅਕਾਲੀ ਦਲ ਦੇ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਐਸਜੀਪੀਸੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਤ ਦੇ ਸਹਿਯੋਗ ਨਾਲ ਬੰਦੀ ਸਿੰਘਾਂ ਦੀ ਰਿਹਾਈ ਲਈ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਸਬੰਧੀ ਸ਼ਹਿਰਾਂ ਅਤੇ ਪਿੰਡਾਂ ਵਿੱਚ ਲੋਕਾਂ ਦੀ ਲਾਮਬੰਦੀ ਕੀਤੀ ਜਾਵੇਗੀ।
ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਫਾਰਮ ਭਰ ਕੇ ਰਾਜਪਾਲ ਕੋਲ ਭੇਜੇ ਜਾਣਗੇ ਤਾਂ ਜੋ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਪ੍ਰਤੀ ਸੰਗਤ ਵਿੱਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਹਰੇਕ ਸ਼ਹਿਰ, ਗਲੀ-ਮੁਹੱਲਾ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਆਮ ਲੋਕਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਹੋਕਾ ਦੇਣ ਲਈ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਲੋੜ ਪੈਣ ਤੇ ਵੱਡਾ ਸੰਘਰਸ਼ ਵੀ ਕੀਤਾ ਜਾਵੇਗਾ।
ਇਸ ਮੌਕੇ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ, ਮੀਤ ਪ੍ਰਧਾਨ ਮਨਜੀਤ ਸਿੰਘ ਮਾਨ, ਸ਼੍ਰੋਮਣੀ ਕਮੇਟੀ ਚੰਡੀਗੜ੍ਹ ਦੇ ਸਬ ਆਫ਼ਿਸ ਦੇ ਸਕੱਤਰ ਲਖਬੀਰ ਸਿੰਘ, ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਕਰਮ ਸਿੰਘ ਬਬਰਾ, ਗੁਰਦੁਆਰਾ ਫੇਜ਼-1 ਦੇ ਪ੍ਰਧਾਨ ਪ੍ਰੀਤਮ ਸਿੰਘ, ਗੁਰਦੁਆਰਾ ਫੇਜ਼-4 ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ, ਭਾਈ ਜਤਿੰਦਰ ਸਿੰਘ ਪ੍ਰਚਾਰਕ ਹਲਕਾ ਮੁਹਾਲੀ ਸਮੇਤ ਹੋਰ ਆਗੂ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…