ਭਾਰਤਮਾਲਾ ਪ੍ਰਾਜੈਕਟ: ਕਿਸਾਨਾਂ ਵੱਲੋਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਰੋਸ ਮੁਜ਼ਾਹਰਾ

ਡੀਸੀ ਦਫ਼ਤਰ ਦੇ ਬਾਹਰ ਕਿਸਾਨਾਂ ਦਾ ਲੜੀਵਾਰ ਧਰਨਾ 209ਵੇਂ ਦਿਨ ’ਚ ਦਾਖ਼ਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਦਸੰਬਰ:
ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਭਾਰਤਮਾਲਾ ਪ੍ਰਾਜੈਕਟ ਤਹਿਤ ਐਕਵਾਇਰ ਕੀਤੀ ਜਾ ਰਹੀਆਂ ਜ਼ਮੀਨਾਂ ਦਾ ਘੱਟ ਰੇਟ ਦੇਣ ਕਾਰਨ ਇਲਾਕੇ ਦੇ ਕਿਸਾਨਾਂ ਵਿੱਚ ਲਗਾਤਾਰ ਰੋਹ ਭਖਦਾ ਜਾ ਰਿਹਾ ਹੈ। ਮੁਹਾਲੀ ਵਿਖੇ ਡੀਸੀ ਦਫ਼ਤਰ ਦੇ ਬਾਹਰ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਵੱਲੋਂ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਅੱਜ 209ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਉਣ ਵਾਲੇ ਦਿਨਾਂ ਵਿੱਚ ਗੁਪਤ ਐਕਸ਼ਨ ਕਰਨ ਦੀ ਚਿਤਾਵਨੀ ਦਿੱਤੀ।
ਇਸ ਮੌਕੇ ਕਿਸਾਨ ਆਗੂ ਰਣਬੀਰ ਸਿੰਘ ਗਰੇਵਾਲ, ਬੀਬੀ ਗੁਰਜੀਤ ਕੌਰ, ਗੁਰਮੁੱਖ ਸਿੰਘ ਸਾਬਕਾ ਸਰਪੰਚ ਨਿਊਂ ਲਾਂਡਰਾਂ, ਅਵਤਾਰ ਸਿੰਘ ਮਾਮੂਪੁਰ ਅਤੇ ਹੋਰਨਾਂ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੂੰ ਗੁਜਰਾਤ ਅਤੇ ਹਿਮਾਚਲ ਚੋਣਾਂ ਵਿੱਚ ਮਿਲੀ ਹਾਰ ਤੋਂ ਸਬਕ ਲੈ ਕੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸਾਨਾਂ ਦੇ ਸਬਰ ਦੀ ਹੋਰ ਪ੍ਰੀਖਿਆ ਲੈਣ ਦੀ ਥਾਂ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਕਿਸਾਨ ਘੱਟ ਕੀਮਤ ’ਤੇ ਆਪਣੀ ਜ਼ਮੀਨ ਦਾ ਇੱਕ ਟੁਕੜਾ ਵੀ ਨਹੀਂ ਦੇਵੇਗਾ।
ਕਿਸਾਨ ਆਗੂ ਰਣਬੀਰ ਸਿੰਘ ਗਰੇਵਾਲ ਨੇ ਕਿਹਾ ਕਿ ਭਾਰਤਮਾਲਾ ਪ੍ਰਾਜੈਕਟ ਰਾਹੀਂ ਆਈਟੀ ਸਿਟੀ ਮੁਹਾਲੀ ਤੋਂ ਕੁਰਾਲੀ ਤੱਕ ਬਣਾਏ ਜਾ ਰਹੇ ਨੈਸ਼ਨਲ ਹਾਈਵੇਅ-205 ਲਈ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਬਹੁਤ ਘੱਟ ਰੇਟ ’ਤੇ ਐਕਵਾਇਰ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਵਿਰੋਧ ਵਿੱਚ ਇਲਾਕੇ ਦੇ ਕਿਸਾਨ ਡੀਸੀ ਦਫ਼ਤਰ ਦੇ ਬਾਹਰ ਲੜੀਵਾਰ ਧਰਨੇ ’ਤੇ ਬੈਠੇ ਹਨ ਪ੍ਰੰਤੂ ਸਰਕਾਰ ਦੇ ਕੰਨ ’ਤੇ ਜੂੰ ਨਹੀਂ ਸਰਕ ਰਹੀ। ਜਿਸ ਕਾਰਨ ਕਿਸਾਨਾਂ ਨੂੰ ਗੁਪਤ ਐਕਸ਼ਨ ਕਰਨ ਦਾ ਫ਼ੈਸਲਾ ਲੈਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਮੌਕੇ ਰਾਜ ਸਿੰਘ ਚਡਿਆਲਾ ਸੂਦਾ, ਜਸਵੀਰ ਸਿੰਘ ਗੋਬਿੰਦਗੜ੍ਹ, ਜਗਜੀਤ ਸਿੰਘ ਮੁੱਲਾਂਪੁਰ ਸੋਢੀਆਂ, ਗੁਰਬਚਨ ਸਿੰਘ, ਰਘਵੀਰ ਸਿੰਘ ਗੋਬਿੰਦਗੜ੍ਹ, ਮਾਨ ਸਿੰਘ ਝਿੰਗੜਾ, ਸੁਰਿੰਦਰ ਸਿੰਘ ਛਿੰਦਾ ਢੇਲਪੁਰ, ਗੁਰਮੇਲ ਸਿੰਘ ਗਡਾਣਾ, ਸੰਤਾ ਸਿੰਘ ਧਿਆਨਪੁਰਾ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…