ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ

ਅਪਰਾਧ ਨੂੰ ਅੰਜਾਮ ਦੇਣ ਲਈ ਵਰਤਿਆ ਵਾਹਨ (ਆਟੋ) ਵੀ ਕੀਤਾ ਬਰਾਮਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ:
ਇੱਥੋਂ ਦੇ ਟਰੈਫ਼ਿਕ ਲਾਈਟ ਪੁਆਇੰਟ ਫੇਜ਼-6 ਤੋਂ ਆਟੋ ਵਿੱਚ ਸਵਾਰ ਹੋ ਕੇ ਜਾ ਰਹੀ ਮੁਟਿਆਰ ਨਾਲ ਆਟੋ ਚਾਲਕ ਅਤੇ ਪਿਛਲੀ ਸੀਟ ’ਤੇ ਬੈਠੇ ਵਿਅਕਤੀ ਨਾਲ ਮਿਲ ਕੇ ਛੇੜਛਾੜ ਅਤੇ ਬਲਾਤਕਾਰ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤ ਮਿਲਣ ’ਤੇ ਮੁਹਾਲੀ ਪੁਲੀਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਇਸ ਮਾਮਲੇ ਵਿੱਚ ਸ਼ਾਮਲ ਦੋਵੇਂ ਮੁਲਜ਼ਮਾਂ ਮਲਕੀਤ ਸਿੰਘ ਉਰਫ਼ ਬੰਟੀ ਵਾਸੀ ਪਿੰਡ ਰਡਿਆਲਾ (ਖਰੜ) ਹਾਲ ਵਾਸੀ ਨੇੜੇ ਸਟੇਡੀਅਮ ਕੁਰਾਲੀ ਅਤੇ ਮਨਮੋਹਨ ਸਿੰਘ ਉਰਫ਼ ਮਨੀ ਵਾਸੀ ਪਿੰਡ ਸਿੰਘਪੁਰਾ (ਕੁਰਾਲੀ) ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲੀਸ ਨੇ ਇਸ ਘਿਨੌਣੇ ਅਪਰਾਧ ਲਈ ਵਰਤਿਆ ਆਟੋ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ।
ਮੁਹਾਲੀ ਦੇ ਐੱਸਐੱਸਪੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਮੁਲਜ਼ਮਾਂ ਨੇ ਬੀਤੀ 13 ਤੇ 14 ਦਸੰਬਰ ਦੀ ਦਰਮਿਆਨੀ ਰਾਤ ਨੂੰ ਇਹ ਜੁਰਮ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੀੜਤ ਲੜਕੀ ਇੱਥੋਂ ਦੇ ਫੇਜ਼-6 ਸਥਿਤ ਟਰੈਫ਼ਿਕ ਲਾਈਟ ਪੁਆਇੰਟ ਤੋਂ ਇੱਕ ਆਟੋ ਲੈ ਕੇ ਜਾ ਰਹੀ ਸੀ ਤਾਂ ਆਟੋ ਵਿੱਚ ਇੱਕ ਹੋਰ ਵਿਅਕਤੀ ਪਿਛਲੀ ਸੀਟ ’ਤੇ ਬੈਠਾ ਸੀ। ਰਸਤੇ ਵਿੱਚ ਆਟੋ ਚਾਲਕ ਅਤੇ ਪਿਛਲੀ ਸੀਟ ’ਤੇ ਬੈਠੇ ਵਿਅਕਤੀ ਨੇ ਲੜਕੀ ਨਾਲ ਛੇੜਛਾੜ ਕਰਨੀ ਸ਼ੁਰੂ ਕਰ ਦਿੱਤੀ, ਉਸ ਦੀ ਕੁੱਟਮਾਰ ਕੀਤੀ ਗਈ। ਮੁਲਜ਼ਮਾਂ ਨੇ ਪੀੜਤ ਲੜਕੀ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ ’ਤੇ ਲੜਕੀ ਨੇ ਹਿੰਮਤ ਕਰਕੇ ਰਿਆਤ ਐਂਡ ਬਾਹਰਾ ਹਸਪਤਾਲ ਕੋਲ ਜਾ ਕੇ ਆਟੋ ’ਚੋਂ ਛਾਲ ਮਾਰ ਦਿੱਤੀ। ਜਿਸ ਕਾਰਨ ਪੀੜਤ ਲੜਕੀ ਨੂੰ ਸੱਟਾਂ ਵੀ ਲੱਗੀਆਂ ਹਨ। ਇਸ ਘਟਨਾ ਸਬੰਧੀ ਪੁਲੀਸ ਨੇ ਪੀੜਤ ਲੜਕੀ ਦੇ ਬਿਆਨ ਦਰਜ ਕਰਨ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਧਾਰਾ 376,3544,3548,342,324,323,511,506 ਅਤੇ 34 ਅਧੀਨ ਥਾਣਾ ਸਦਰ ਖਰੜ ਵਿੱਚ ਪਰਚਾ ਦਰਜ ਕੀਤਾ ਗਿਆ ਹੈ।
ਐੱਸਐੱਸਪੀ ਸੰਦੀਪ ਗਰਗ ਨੇ ਦੱਸਿਆ ਕਿ ਇਸ ਸਬੰਧੀ ਐਸਪੀ (ਡੀ) ਅਮਨਦੀਪ ਸਿੰਘ ਬਰਾੜ, ਐਸਪੀ ਦਿਹਾਤੀ ਨਵਰੀਤ ਸਿੰਘ ਵਿਰਕ, ਡੀਐਸਪੀ ਖਰੜ ਰੁਪਿੰਦਰਦੀਪ ਕੌਰ ਸੋਹੀ ਅਤੇ ਡੀਐਸਪੀ (ਜਾਂਚ) ਗੁਰਸ਼ੇਰ ਸਿੰਘ ਸੰਧੂ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਅਤੇ ਸਬ ਇੰਸਪੈਕਟਰ ਭਗਤਵੀਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਬਣਾਈਆ ਗਈਆਂ ਸਨ। ਪੁਲੀਸ ਨੇ ਸਖ਼ਤ ਮਿਹਨਤ ਕਰਕੇ 12 ਘੰਟਿਆਂ ਦੇ ਅੰਦਰ-ਅੰਦਰ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

Load More Related Articles
Load More By Nabaz-e-Punjab
Load More In Crime

Check Also

ਫਿਰੌਤੀ ਮੰਗਣ ਵਾਲੇ ਗਰੋਹ ਦਾ ਪਰਦਾਫਾਸ਼, ਤਿੰਨ ਗੈਂਗਸਟਰ ਅਸਲੇ ਸਣੇ ਗ੍ਰਿਫ਼ਤਾਰ, ਇਕ ਮੁਲਜ਼ਮ ਜ਼ਖ਼ਮੀ

ਫਿਰੌਤੀ ਮੰਗਣ ਵਾਲੇ ਗਰੋਹ ਦਾ ਪਰਦਾਫਾਸ਼, ਤਿੰਨ ਗੈਂਗਸਟਰ ਅਸਲੇ ਸਣੇ ਗ੍ਰਿਫ਼ਤਾਰ, ਇਕ ਮੁਲਜ਼ਮ ਜ਼ਖ਼ਮੀ ਵਿੱਕੀ ਮਿੱਡ…