ਦਸੰਬਰ ਤੇ ਅਪਰੈਲ ਵਿੱਚ ਪ੍ਰਵਾਸੀ ਪੰਜਾਬੀਆਂ ਨਾਲ ਐਨਆਰਆਈ ਮਿਲਣੀ ਸਮਾਗਮ ਕੀਤੇ ਜਾਇਆ ਕਰਨਗੇ: ਧਾਲੀਵਾਲ

ਐਮਿਟੀ ਯੂਨੀਵਰਸਿਟੀ ਮੁਹਾਲੀ ਵਿੱਚ ਸਮਾਗਮ ਦੌਰਾਨ 4 ਜ਼ਿਲ੍ਹਿਆਂ ਦੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣੀਆਂ

ਸਬੰਧਤ ਜ਼ਿਲ੍ਹਿਆਂ ਦੇ ਡੀਸੀ ਤੇ ਐੱਸਐੱਸਪੀਜ਼ ਨੂੰ ਸਮੱਸਿਆਵਾਂ ਦਾ ਮਿੱਥੇ ਸਮੇਂ ਵਿੱਚ ਹੱਲ ਕਰਨ ਦੇ ਨਿਰਦੇਸ਼

ਕਿਹਾ, ਐਨਆਰਆਈਜ਼ ਦੇ ਕੇਸਾਂ ਦੇ ਛੇਤੀ ਨਿਪਟਾਰੇ ਲਈ ਵਿਸ਼ੇਸ਼ ਫਾਸਟ ਟਰੈਕ ਅਦਾਲਤਾਂ ਸਥਾਪਿਤ ਕੀਤੀਆਂ ਜਾਣਗੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਦਸੰਬਰ:
ਪ੍ਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਜੁੜੀਆਂ ਤਮਾਮ ਸਮੱਸਿਆਵਾਂ ਦਾ ਮਿੱਥੇ ਸਮੇਂ ਵਿੱਚ ਨਿਪਟਾਰਾ ਕਰਨ ਲਈ ਸਰਕਾਰ ਵਿਸ਼ੇਸ਼ ਨੀਤੀ ਤਿਆਰ ਕਰ ਰਹੀ ਹੈ। ਐਨਆਰਆਈ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਹਰ ਸਾਲ ਦਸੰਬਰ ਤੇ ਅਪਰੈਲ ਮਹੀਨੇ ਵਿੱਚ ਦੋ ਵਾਰ ਐਨਆਰਆਈ ਮਿਲਣੀਆਂ ਕੀਤੀਆਂ ਜਾਣਗੀਆਂ। ਇਹ ਪ੍ਰਗਟਾਵਾ ਪ੍ਰਵਾਸੀ ਭਾਰਤੀ ਮਾਮਲੇ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਐਮਿਟੀ ਯੂਨੀਵਰਸਿਟੀ ਵਿੱਚ ਕਰਵਾਏ ‘ਐਨਆਰਆਈ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਮੌਕੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨ ਮੌਕੇ ਕੀਤਾ।
ਪੰਜਾਬ ਸਰਕਾਰ ਦੀ ਦੁਨੀਆਂ ਭਰ ਦੇ ਦੇਸ਼ਾਂ ਵਿੱਚ ਵਸ ਰਹੇ ਪੰਜਾਬੀਆਂ ਨੂੰ ਇਹ ਸੱਦਾ ਦਿੰਦੀ ਹੈ ਕਿ ਪੰਜਾਬ ਤੁਹਾਡਾ ਹੈ, ਤੁਸੀਂ ਪੰਜਾਬ ਆਓ, ਪੰਜਾਬ ਸਰਕਾਰ ਤੁਹਾਡੀਆਂ ਜ਼ਮੀਨਾਂ ਦੀ ਰਾਖੀ, ਤੁਹਾਡੇ ਜਾਨ ਮਾਲ ਦੀ ਰਾਖੀ ਅਤੇ ਤੁਹਾਡੇ ਕਾਰੋਬਾਰ ਦੀ ਰਾਖੀ ਲਈ ਵਚਨਵੱਧ ਹੈ। ਸਮਾਗਮ ਵਿੱਚ ਮੁਹਾਲੀ ਸਮੇਤ ਰੂਪਨਗਰ, ਫਤਹਿਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀਆਂ ਪੰਜਾਬੀਆਂ ਨੇ ਸ਼ਿਰਕਤ ਕੀਤੀ ਅਤੇ ਆਪਣੀ ਸਮੱਸਿਆਵਾਂ ਬਾਰੇ ਦੱਸਿਆ।
ਧਾਲੀਵਾਲ ਨੇ ਕਿਹਾ ਕਿ ਸਰਕਾਰ ਇਹ ਭਲੀਭਾਂਤ ਜਾਣਦੀ ਹੈ ਕਿ ਐਨਆਰਆਈਜ਼ ਦੇ ਮੁੱਖ ਮਸਲੇ ਉਨ੍ਹਾਂ ਦੀਆਂ ਜ਼ਮੀਨ-ਜਾਇਦਾਦਾਂ, ਕਾਰੋਬਾਰ ਅਤੇ ਪਰਿਵਾਰਕ ਝਗੜੇ ਹਨ। ਮੌਜੂਦਾ ਸਮੇਂ ਕੰਟਰੈਕਟ ਵਿਆਹ ਦਾ ਟਰੈਂਡ ਸਾਹਮਣੇ ਆਇਆ ਹੈ, ਅਜਿਹੇ ਕੇਸਾਂ ਵਿੱਚ ਆਈਲੈਂਟਸ ਪਾਸ ਕੁੜੀ ਨਾਲ ਕੰਟਰੈਕਟ ਵਿਆਹ ਕਰਕੇ ਮੁੰਡੇ ਵਾਲੇ ਉਸ ਨੂੰ ਬਾਹਰ ਤਾਂ ਭੇਜ ਦਿੰਦੇ ਹਨ ਪਰ ਬਾਅਦ ਵਿੱਚ ਆਪਸੀ ਝਗੜੇ ਵਧ ਜਾਂਦੇ ਹਨ। ਕੁੜੀ, ਮੁੰਡੇ ਨੂੰ ਬਾਹਰ ਲਿਜਾਉਣ ਤੋਂ ਮੁਨਕਰ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀ ਇੱਥੇ ਰਹਿੰਦੇ ਆਪਣੇ ਸਾਕ ਸਬੰਧੀਆਂ ਰਾਹੀਂ ਆਪਣੀਆਂ ਸ਼ਿਕਾਇਤਾਂ ਸਰਕਾਰ ਕੋਲ ਪੇਸ਼ ਕਰ ਸਕਦੇ ਹਨ। ਜਿਨ੍ਹਾਂ ਦਾ ਮਿੱਥੇ ਸਮੇਂ ਵਿੱਚ ਨਿਪਟਾਰਾ ਕੀਤਾ ਜਾਵੇਗਾ।
ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਐਨਆਰਆਈਜ਼ ਕੇਸਾਂ ਲਈ ਵਿਸ਼ੇਸ਼ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਛੇਤੀ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਪ੍ਰਵਾਸੀ ਪੰਜਾਬੀਆਂ ਦੇ ਮਾਮਲੇ ਘੱਟੋ-ਘੱਟ ਸਮੇਂ ਵਿੱਚ ਨਿਪਟਾਏ ਜਾ ਸਕਣ। ਪੰਜਾਬ ਤੋਂ ਕੈਨੇਡਾ ਫਲਾਈਟਾਂ ਸ਼ੁਰੂ ਕਰਨ ਅਤੇ ਈ-ਵੀਜ਼ਾ ਦੀ ਸਹੂਲਤ ਵਿੱਚ ਪ੍ਰਵਾਸੀ ਪੰਜਾਬੀਆਂ ਨੂੰ ਦਰਪੇਸ਼ ਦਿੱਕਤਾਂ ਸਬੰਧੀ ਮੰਤਰੀ ਨੇ ਕਿਹਾ ਕਿ ਉਹ ਛੇਤੀ ਹੀ ਇਹ ਦੋਵੇਂ ਮਸਲੇ ਕੇਂਦਰ ਸਰਕਾਰ ਕੋਲ ਚੁੱਕਣਗੇ।

ਇਸ ਮੌਕੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਕੁਲਵੰਤ ਸਿੰਘ, ਕੁਲਜੀਤ ਸਿੰਘ ਰੰਧਾਵਾ ਵਿਧਾਇਕ ਡੇਰਾਬੱਸੀ, ਡਾ. ਚਰਨਜੀਤ ਸਿੰਘ ਵਿਧਾਇਕ ਚਮਕੌਰ ਸਾਹਿਬ, ਆਪ ਆਗੂ ਸ੍ਰੀਮਤੀ ਪ੍ਰਭਜੋਤ ਕੌਰ, ਹਰਸੁਖਇੰਦਰ ਸਿੰਘ ਬੱਬੀ ਬਾਦਲ ਸਮੇਤ ਐਨਆਰਆਈ ਵਿਭਾਗ ਦੇ ਪ੍ਰਮੁੱਖ ਸਕੱਤਰ ਜੇ.ਬਾਲਾਮੁਰੂਗਨ, ਏਡੀਜੀਪੀ ਐਨਆਰਆਈ ਵਿੰਗ ਪ੍ਰਵੀਨ ਸਿਨਹਾ, ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਪ੍ਰੀਤੀ ਯਾਦਵ ਡੀਸੀ ਰੂਪਨਗਰ, ਸ੍ਰੀਮਤੀ ਪਰਨੀਤ ਸ਼ੇਰਗਿੱਲ ਡੀਸੀ ਫਤਹਿਗੜ੍ਹ ਸਾਹਿਬ, ਐੱਸਐੱਸਪੀ ਸੰਦੀਪ ਗਰਗ, ਡਾ. ਰਵਜੋਤ ਕੌਰ ਗਰੇਵਾਲ ਐੱਸਐੱਸਪੀ ਫਤਹਿਗੜ੍ਹ ਸਾਹਿਬ, ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…