ਸਰਕਾਰੀ ਸਕੂਲਾਂ ਦੇ ਘੱਟ ਨਜ਼ਰ ਵਾਲੇ ਬੱਚਿਆਂ ਦੀਆਂ ਸੂਚੀਆਂ ਤਿਆਰ ਕੀਤੀਆਂ ਜਾਣ: ਸਿਵਲ ਸਰਜਨ

ਸਿਵਲ ਸਰਜਨ ਨੇ ਆਰਬੀਐਸਕੇ ਤਹਿਤ ਸਮੀਖਿਆ ਮੀਟਿੰਗ ’ਚ ਦਿੱਤੀਆਂ ਜ਼ਰੂਰੀ ਹਦਾਇਤਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜਨਵਰੀ:
ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਆਰਬੀਐਸਕੇ (ਰਾਸ਼ਟਰੀ ਬਾਲ ਸਵਾਸਥਿਆ ਕਾਰਿਆਕ੍ਰਮ) ਅਧੀਨ ਆਯੁਰਵੈਦਿਕ ਮੈਡੀਕਲ ਅਫ਼ਸਰਾਂ, ਸਟਾਫ਼ ਨਰਸਾਂ ਅਤੇ ਫ਼ਾਰਮਾਸਿਸਟਾਂ ਨਾਲ ਤਿਮਾਹੀ ਸਮੀਖਿਆ ਬੈਠਕ ਕੀਤੀ ਅਤੇ ਜ਼ਰੂਰੀ ਹਦਾਇਤਾਂ ਦਿਤੀਆਂ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਨੇ ਆਖਿਆ ਕਿ ਸਰਕਾਰੀ ਸਕੂਲਾਂ ਦੇ ਘੱਟ ਨਜ਼ਰ ਵਾਲੇ ਬੱਚਿਆਂ ਦੀਆਂ ਸੂਚੀਆਂ ਤਿਆਰ ਕਰ ਕੇ ਸਿਖਿਆ ਵਿਭਾਗ ਨਾਲ ਸਾਂਝੀਆਂ ਕੀਤੀਆਂ ਜਾਣ ਤਾਕਿ ਇਨ੍ਹਾਂ ਬੱਚਿਆਂ ਨੂੰ ਸਮੇਂ ਸਿਰ ਐਨਕਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕਰ ਕੇ ਲੋੜਵੰਦ ਬੱਚਿਆਂ ਨੂੰ ਮੁਫ਼ਤ ਐਨਕਾਂ ਦਿੱਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਸਿਹਤ ਵਿਭਾਗ ਦੇ ਡਾਕਟਰ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕਰ ਕੇ ਰੀਪੋਰਟ ਸਿਖਿਆ ਵਿਭਾਗ ਨੂੰ ਭੇਜ ਰਹੇ ਹਨ।
ਡਾ. ਆਦਰਸ਼ਪਾਲ ਕੌਰ ਨੇ ਸਟਾਫ਼ ਨੂੰ ਮਹੀਨਾਵਾਰ ਮਾਈਕਰੋ ਪਲਾਨ ਤਿਆਰ ਕਰਨ ਦੀ ਹਦਾਇਤ ਦਿੰਦਿਆਂ ਕਿਹਾ ਕਿ ਟੂਰ ਪ੍ਰੋਗਰਾਮ ਪਲਾਨ ਮੁਤਾਬਕ ਹੀ ਕੀਤਾ ਜਾਵੇ ਅਤੇ ਜੇ ਕੋਈ ਤਬਦੀਲੀ ਹੈ ਤਾਂ ਉਚ ਅਧਿਕਾਰੀਆਂ ਨੂੰ ਸਮੇਂ ਸਿਰ ਜਾਣੂੰ ਕਰਵਾਇਆ ਜਾਵੇ। ਸਿਵਲ ਸਰਜਨ ਨੇ ਸਟਾਫ਼ ਦੀ ਪ੍ਰਗਤੀ ਰੀਪੋਰਟ ਵਾਚਦਿਆਂ ਤਸੱਲੀ ਪ੍ਰਗਟ ਕੀਤੀ ਅਤੇ ਨਾਲ ਹੀ ਆਖਿਆ ਕਿ ਪੂਰੀ ਮਿਹਨਤ ਅਤੇ ਲਗਨ ਨਾਲ ਮਹੀਨਾਵਾਰ ਟੀਚੇ ਪ੍ਰਾਪਤ ਕੀਤੇ ਜਾਣ। ਉਨ੍ਹਾਂ ਡਾਕਟਰਾਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਮੋਬਾਈਲ ਸਿਹਤ ਟੀਮਾਂ ਨੂੰ ਮਿੱਥੇ ਸਮੇਂ ਵਿੱਚ ਬਿਮਾਰ ਬੱਚਿਆਂ ਦਾ ਇਲਾਜ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ, ਰੈਫ਼ਰ ਕਰਨਾ, ਬਿਮਾਰੀਆਂ ਤੋਂ ਪੀੜਤ ਬੱਚਿਆਂ ਲਈ ਢੁਕਵੇਂ ਪ੍ਰਬੰਧ ਕਰਨਾ ਅਤੇ ਇਲਾਜ ਲਈ ਪ੍ਰੇਰਿਤ ਕਰਨਾ ਆਰਬੀਐਸਕੇ ਪ੍ਰੋਗਰਾਮ ਦੇ ਮੁੱਖ ਅੰਸ਼ ਹਨ।
ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਅਧੀਨ ਪੰਜਾਬ ਸਰਕਾਰ ਵਲੋਂ ਰਾਜ ਦੇ 0 ਤੋਂ 18 ਸਾਲ ਤਕ ਦੇ ਬੱਚਿਆਂ ਦੀਆਂ ਵੱਖ-ਵੱਖ 31 ਬੀਮਾਰੀਆਂ ਦੇ ਮੁਫ਼ਤ ਇਲਾਜ ਦੀ ਸਹੂਲਤ ਦਿਤੀ ਜਾਂਦੀ ਹੈ। ਇਸ ਲਈ ਇਸ ਪ੍ਰੋਗਰਾਮ ਨੂੰ ਅਸਰਦਾਰ ਤਰੀਕੇ ਨਾਲ ਲਾਗੂ ਕਰਨ ਲਈ ਅਪਣੇ ਟੂਰ ਪ੍ਰੋਗਰਾਮ ਮੁਤਾਬਕ ਹਰ ਸਕੂਲ ਅਤੇ ਆਂਗਨਵਾੜੀ ਸੈਂਟਰ ਵਿਚ ਬੱਚਿਆਂ ਦੀ ਬਰੀਕੀ ਨਾਲ ਸਿਹਤ ਜਾਂਚ ਕੀਤੀ ਜਾਵੇ ਅਤੇ ਸਰਕਾਰੀ ਸਿਹਤ ਸਹੂਲਤਾਂ ਹਰ ਲੋੜਵੰਦ ਬੱਚੇ ਤਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।
ਸਿਵਲ ਸਰਜਨ ਨੇ ਇਹ ਵੀ ਕਿਹਾ ਕਿ ਬੱਚਿਆਂ ਦੀ ਨਜ਼ਰ ਟੈਸਟ ਕਰਨ ਦੀ ਮੁਢਲੀ ਜਾਣਕਾਰੀ ਅਧਿਆਪਕਾਂ ਨੂੰ ਵੀ ਦਿੱਤੀ ਜਾਵੇ ਤਾਂ ਕਿ ਲੋੜ ਪੈਣ ’ਤੇ ਅਧਿਆਪਕ ਵੀ ਬੱਚਿਆਂ ਦੀ ਪਛਾਣ ਕਰ ਸਕਣ ਅਤੇ ਫਿਰ ਸਿਹਤ ਵਿਭਾਗ ਦੀਆਂ ਮੋਬਾਈਲ ਟੀਮਾਂ ਦੁਆਰਾ ਮੁਕੰਮਲ ਚੈਕਿੰਗ ਮਗਰੋਂ ਬੱਚਿਆਂ ਦੀ ਸਿਹਤ ਸਮੱਸਿਆ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਆਰਬੀਐਸਕੇ ਅਧੀਨ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਸਰਗਰਮੀਆਂ ਕਰਨ ਦੀ ਵੀ ਹਦਾਇਤ ਦਿੱਤੀ। ਮੀਟਿੰਗ ਵਿੱਚ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ, ਜ਼ਿਲ੍ਹਾ ਆਰ.ਬੀ.ਐਸ.ਕੇ. ਕੁਆਰਡੀਨੇਟਰ ਵਿਵੇਕ ਕੁਮਾਰ ਸ਼ਰਮਾ ਅਤੇ ਹੋਰ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…