Share on Facebook Share on Twitter Share on Google+ Share on Pinterest Share on Linkedin ਮੁਹਾਲੀ ਹਵਾਈ ਅੱਡੇ ਨੇੜੇ ਸ਼ਹੀਦ ਭਗਤ ਸਿੰਘ ਦਾ 5ਡੀ ਬੁੱਤ ਲਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਭਗਵੰਤ ਮਾਨ ਨੇ ਅਤਿ-ਆਧੁਨਿਕ ਬੁੱਤ ਲਾਉਣ ਵਾਲੀ ਪ੍ਰਸਤਾਵਿਤ ਥਾਂ ਦਾ ਲਿਆ ਜਾਇਜ਼ਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਦੇਸ਼ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ ਦੱਸਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਨੇੜੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਅਤਿ-ਆਧੁਨਿਕ 5ਡੀ ਬੁੱਤ ਲਗਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਅੱਜ ਉਸ ਪ੍ਰਸਤਾਵਿਤ ਥਾਂ ਜਾਇਜ਼ਾ ਵੀ ਲਿਆ, ਜਿੱਥੇ ਇਹ ਅਤਿ-ਆਧੁਨਿਕ ਬੁੱਤ ਲਾਇਆ ਜਾਵੇਗਾ। ਪਿਛਲੇ ਜਿਹੇ ਮੁਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਹਵਾਈ ਅੱਡਾ ਰੱਖਿਆ ਗਿਆ ਸੀ। ਉਨ੍ਹਾਂ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਆਖਿਆ ਕਿ ਇਹ ਕੰਮ ਮਿੱਥੇ ਸਮੇਂ ਵਿੱਚ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਬੁੱਤ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਨਿਸ਼ਕਾਮ ਸੇਵਾ ਲਈ ਪ੍ਰੇਰਿਤ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਬੁੱਤ ਰਾਹੀਂ ਸਰਕਾਰ ਵੱਲੋਂ ਇਸ ਧਰਤੀ ਦੇ ਮਹਾਨ ਸਪੂਤ ਨੂੰ ਢੁਕਵੀਂ ਸ਼ਰਧਾਂਜਲੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਦੇਸ਼ ਨੂੰ ਦਰਪੇਸ਼ ਤਮਾਮ ਸਮੱਸਿਆਵਾਂ ਦਾ ਹੱਲ ਦੱਸਦਿਆਂ ਕਿਹਾ ਕਿ ਇਸ ਹਵਾਈ ਅੱਡੇ ਤੋਂ ਦੇਸ਼ ਅਤੇ ਵਿਦੇਸ਼ਾਂ ਵਿੱਚ ਸਫ਼ਰ ਕਰਦੇ ਪੰਜਾਬ ਦੇ ਨੌਜਵਾਨਾਂ ਨੂੰ ਸ਼ਹੀਦ ਦੀ ਮਹਾਨ ਵਿਰਾਸਤ ਬਾਰੇ ਜਾਗਰੂਕ ਕਰਨ ਵਿੱਚ ਇਹ ਬੁੱਤ ਅਹਿਮ ਭੂਮਿਕਾ ਨਿਭਾਏਗਾ। ਇਸ ਦੇ ਨਾਲ-ਨਾਲ ਇਹ ਬੁੱਤ ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਹੋਰ ਸੂਬਿਆਂ ਦੇ ਯਾਤਰੀਆਂ ਨੂੰ ਵੀ ਇਸ ਨੌਜਵਾਨ ਕੌਮੀ ਨਾਇਕ ਵੱਲੋਂ ਦਿੱਤੇ ਮਹਾਨ ਬਲੀਦਾਨ ਬਾਰੇ ਚੇਤੇ ਕਰਵਾਏਗਾ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਸਮਾਜਿਕ ਬਰਾਬਰੀ, ਫਿਰਕੂ ਸਦਭਾਵਨਾ ਅਤੇ ਭਾਈਚਾਰੇ ਦੇ ਹਾਮੀ ਸਨ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਦਾ ਸੁਪਨਾ ਸਮਾਜ ਨੂੰ ਭ੍ਰਿਸ਼ਟਾਚਾਰ ਤੇ ਬੇਇਨਸਾਫ਼ੀ ਤੋਂ ਮੁਕਤ ਕਰਨਾ ਸੀ। ਉਨ੍ਹਾਂ ਕਿਹਾ ਕਿ ਸਿਰਫ਼ ਅਜਿਹੀ ਵਿਚਾਰਧਾਰਾ ਨਾਲ ਹੀ ਭਾਰਤ ਨੂੰ ਵਿਸ਼ਵ ਦਾ ਮੋਹਰੀ ਮੁਲਕ ਬਣਾਇਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨ ਕ੍ਰਾਂਤੀਕਾਰੀ ਭਗਤ ਸਿੰਘ ਨੂੰ ਨਾ ਸਿਰਫ਼ ਇਕ ਨਾਇਕ ਵਜੋਂ ਸਗੋਂ ਉਨ੍ਹਾਂ ਦੇ ਸਮਾਜਵਾਦ ਅਤੇ ਨਾਇਨਸਾਫ਼ੀ ਵਿਰੁੱਧ ਜੂਝਣ ਦੇ ਫ਼ਲਸਫ਼ੇ ਕਾਰਨ ਵੀ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਜੀਵਨ ਤੇ ਫ਼ਲਸਫ਼ਾ ਹਮੇਸ਼ਾ ਨੌਜਵਾਨ ਪੀੜ੍ਹੀ ਨੂੰ ਦੇਸ਼-ਭਗਤੀ ਦੇ ਜਜ਼ਬੇ ਨਾਲ ਮੁਲਕ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗਾ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਇਸ ਮਹਾਨ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸੋਨਾਲੀ ਗਿਰ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ, ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਐੱਸਐੱਸਪੀ ਡਾ. ਸੰਦੀਪ ਗਰਗ ਸਮੇਤ ਹੋਰ ਅਧਿਕਾਰੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ