ਮੂਲ ਅਨਾਜ ਦੇ ਫ਼ਾਇਦਿਆਂ ਬਾਰੇ ਜਾਗਰੂਕਤਾ ਲਹਿਰ ਚਲਾਉਣ ਦੀ ਲੋੜ ‘ਤੇ ਜ਼ੋਰ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁਹਾਲੀ ਵਿੱਚ ‘ਮਿਲਟ ਮੇਲੇ’ ਦਾ ਉਦਘਾਟਨ

ਨਿਰੋਗ ਸਰੀਰ ਲਈ ਮੋਟੇ ਅਨਾਜ ਦੀ ਵਰਤੋਂ ਬਹੁਤ ਜ਼ਰੂਰੀ: ਸੰਧਵਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ,15 ਜਨਵਰੀ:
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਫ਼ੂਡ ਐਂਡ ਡਰੱਗਜ਼ ਐਡਮਿਨਿਸਟਰੇਸ਼ਨ ਪੰਜਾਬ ਵੱਲੋਂ ਇੱਥੋਂ ਦੇ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਮੋਟੇ ਅਨਾਜ ਬਾਰੇ ਜਾਗਰੂਕ ਕਰਨ ਲਈ ‘ਈਟ ਰਾਈਟ ਮਿਲਟ ਮੇਲਾ’ ਲਗਾਇਆ ਗਿਆ। ਜਿਸ ਦਾ ਉਦਘਾਟਨ ਸੂਬੇ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਕੀਤਾ।
ਇਸ ਮੌਕੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਅਤੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੀ ਹਾਜ਼ਰ ਸਨ।
ਇਸ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਹਾਜ਼ਰ ਕਿਸਾਨਾਂ, ਖ਼ੁਰਾਕ ਮਾਹਰਾਂ, ਵਿਦਿਆਰਥੀਆਂ ਤੇ ਆਮ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੁਦਰਤੀ ਖੇਤੀ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਖੇਤੀ ਸਾਨੂੰ ਅਪਣੀਆਂ ਜੜ੍ਹਾਂ ਅਤੇ ਵਿਰਸੇ ਨਾਲ ਜੋੜਦੀ ਹੈ। ਮੋਟਾ ਅਨਾਜ ਜਿਸ ਵਿੱਚ ਮੁੱਖ ਤੌਰ ’ਤੇ ਬਾਜਰਾ, ਕੰਗਣੀ, ਕੋਧਰਾ, ਜਵਾਰ, ਹਰੀ ਕੰਗਣੀ, ਕੁਟਕੀ, ਸਾਵਾਂ, ਰਾਗੀ ਆਉਂਦੇ ਹਨ, ਅੱਜ ਅਸੀਂ ਬਿਲਕੁਲ ਹੀ ਵਿਸਾਰ ਦਿੱਤਾ ਹੈ ਜਦਕਿ ਸਾਡੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਇਨ੍ਹਾਂ ਦਾ ਸੇਵਨ ਅਤਿਅੰਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਪੋਸ਼ਕ ਤੱਤਾਂ ਨਾਲ ਭਰਪੂਰ ਮੋਟੇ ਅਨਾਜ ਦੇ ਫ਼ਾਇਦਿਆਂ ਬਾਰੇ ਜਾਗਰੂਕਤਾ ਲਹਿਰ ਚਲਾਈ ਜਾਵੇ ਅਤੇ ਇਸ ਦੇ ਉਤਪਾਦਨ ਨੂੰ ਪ੍ਰਫੁੱਲਤ ਕਰਨ ਲਈ ਮਾਹੌਲ ਸਿਰਜਿਆ ਜਾਵੇ।
ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਜੋਕੇ ਦੌਰ ’ਚ ਮਿਲੇਟ ਯਾਨੀ ਮੋਟੇ ਅਨਾਜ ਦੇ ਫ਼ਾਇਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਇਹ ਮੇਲਾ ਕਰਵਾਉਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਮੋਟਾ ਅਨਾਜ ਕਿਸੇ ਸਮੇਂ ਸਾਡੀ ਖ਼ੁਰਾਕ ਦਾ ਅਹਿਮ ਹਿੱਸਾ ਹੁੰਦਾ ਸੀ ਪਰ ਸਾਡੇ ਰਹਿਣ-ਸਹਿਣ ਤੇ ਖਾਣ-ਪੀਣ ਵਿੱਚ ਆਏ ਵੱਡੇ ਬਦਲਾਅ ਕਾਰਨ ਅੱਜ ਇਹ ਸਾਡੀ ਥਾਲੀ ‘ਚੋਂ ਗ਼ਾਇਬ ਹੋ ਗਿਆ। ਉਨ੍ਹਾਂ ਕਿਹਾ, ‘ਪੁਰਾਣੇ ਦੌਰ ਵਿਚ ਕੀਤੀ ਗਈ ਭੁੱਲ ਦਾ ਅੱਜ ਅਸੀਂ ਤਰ੍ਹਾਂ ਤਰ੍ਹਾਂ ਦੀਆਂ ਬਿਮਾਰੀਆਂ ਦੇ ਰੂਪ ਵਿੱਚ ਖ਼ਮਿਆਜ਼ਾ ਭੁਗਤ ਰਹੇ ਹਾਂ ਤੇ ਅੱਜ ਸਾਨੂੰ ਲੋੜ ਮਹਿਸੂਸ ਹੋ ਰਹੀ ਹੈ ਕਿ ਮੋਟੇ ਅਨਾਜ ਨੂੰ ਮੁੜ ਅਪਣੀ ਥਾਲੀ ਦਾ ਹਿੱਸਾ ਬਣਾਇਆ ਜਾਵੇ।’ ਉਨ੍ਹਾਂ ਕਿਹਾ ਕਿ ਕਿਸਾਨ ਮੋਟੇ ਅਨਾਜ ਦੀ ਕਾਸ਼ਤ ਕਰਨ ਲਈ ਤਿਆਰ ਹੈ ਪਰ ਜੇਕਰ ਮੰਡੀਕਰਨ ਵਿਵਸਥਾ ਮਜ਼ਬੂਤ ਹੋਵੇ ਤਾਂ ਕਿਸਾਨ ਨੂੰ ਮੋਟੇ ਅਨਾਜ ਦੀ ਕਾਸ਼ਤ ਕਰਨ ਤੋਂ ਕੋਈ ਨਹੀਂ ਰੋਕ ਸਕਦਾ।
ਇਸ ਮੌਕੇ ਕੁਦਰਤੀ ਖੇਤੀ ਲਈ ਪ੍ਰਸਿੱਧ ਸੰਸਥਾ ‘ਖੇਤੀ ਵਿਰਾਸਤ ਮਿਸ਼ਨ’ਦੇ ਮੁਖੀ ਉਮੇਂਦਰ ਦੱਤ ਨੇ ਵੀ ਮੋਟੇ ਅਨਾਜ ਦੀ ਖੇਤੀ ’ਤੇ ਜ਼ੋਰ ਦਿੰਦਿਆਂ ਲੋਕਾਂ ਨੂੰ ਇਸ ਮੂਲ ਅਨਾਜ ਨੂੰ ਰੋਜ਼ਾਨਾ ਖ਼ੁਰਾਕ ਵਿਚ ਸ਼ਾਮਲ ਕਰਨ ਦੀ ਅਪੀਲ ਕੀਤੀ। ਮੁੱਖ ਮਹਿਮਾਨਾਂ ਨੇ ਮੇਲੇ ਵਿੱਚ ਕੁਦਰਤੀ ਖੇਤੀ ਅਤੇ ਮੋਟੇ ਅਨਾਜ ਦੇ ਪ੍ਰਚਾਰ ਹਿੱਤ ਲੱਗੇ ਵੱਖ-ਵੱਖ ਸਟਾਲਾਂ ਨੂੰ ਗਹੁ ਨਾਲ ਵੇਖਿਆ ਅਤੇ ਮੇਲੇ ਦੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ।
ਅਖੀਰ ਵਿੱਚ ਏਡੀਸੀ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਸਾਰਿਆਂ ਦਾ ਧੰਨਵਾਦ ਕੀਤਾ।

ਇਸ ਮੌਕੇ ਏਡੀਸੀ (ਵਿਕਾਸ) ਸ੍ਰੀਮਤੀ ਅਵਨੀਤ ਕੌਰ, ਐਸਡੀਐਮ ਸ੍ਰੀਮਤੀ ਸਰਬਜੀਤ ਕੌਰ, ਸਹਾਇਕ ਕਮਿਸ਼ਨਰ (ਸਿਕਾਇਤਾਂ) ਇੰਦਰਪਾਲ ਸਿੰਘ, ਸਿਵਲ ਸਰਜਨ ਮੋਹਾਲੀ ਡਾ. ਆਦਰਸ਼ਪਾਲ ਕੌਰ, ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਭਵਨੀਤ ਭਾਰਤੀ, ਐਫ਼ਡੀਏ ਦੇ ਡਾਇਰੈਕਟਰ ਲੈਬ ਸ੍ਰੀਮਤੀ ਰਵਨੀਤ ਕੌਰ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ, ਪੀਜੀਆਈ ਤੋਂ ਡਾ. ਪੂਨਮ, ਡਾ. ਰਚਨਾ, ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ, ‘ਖੇਤੀ ਵਿਰਾਸਤ ਮਿਸ਼ਨ’ਦੇ ਮੁਖੀ ਉਮੇਂਦਰ ਦੱਤ, ਚੈਂਬਰ ਆਫ਼ ਕਾਮਰਸ ਦੇ ਆਰ.ਐਸ. ਸਚਦੇਵਾ ਤੇ ਹੋਰ ਅਧਿਕਾਰੀ ਤੇ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…