ਗਰੀਬਾਂ ਲੋਕਾਂ ਨੂੰ ਵੱਡੀ ਰਾਹਤ: ਮੁਹਾਲੀ ਵਿੱਚ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੀ ਰਸਮੀ ਸ਼ੁਰੂਆਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜਨਵਰੀ:
ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਤੇਜਿੰਦਰ ਸਿੰਘ ਢੀਂਡਸਾ ਵੱਲੋਂ ਵਰਚੁਅਰ ਮੋਡ ਰਾਹੀਂ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਸਥਾਪਤ ਕੀਤੇ ਗਏ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੀ ਅੱਜ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵੱਖ-ਵੱਖ ਜ਼ਿਲ੍ਹਾ ਤੇ ਸੈਸ਼ਨ ਜੱਜ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ-1, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਤੇ ਵਕੀਲਾਂ ਨੇ ਹਿੱਸਾ ਲਿਆ।
ਜਸਟਿਸ ਤੇਜਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਲੀਗਲ ਏਡ ਡਿਫੈਂਸ ਕੌਂਸਲ ਅਪਰਾਧਿਕ ਕੇਸਾਂ ਵਿੱਚ ਸ਼ਾਮਲ ਮੁਲਜ਼ਮਾਂ ਦੇ ਕੇਸਾਂ ਨੂੰ ਸਮਰਪਿਤ ਭਾਵਨਾ ਨਾਲ ਲੜਨਗੇ। ਇਸ ਤੋਂ ਪਹਿਲਾਂ ਅਜਿਹੇ ਕੇਸ ਪੈਨਲ ਦੇ ਵਕੀਲਾਂ ਨੂੰ ਮੁਲਜ਼ਮਾਂ ਦੀ ਪੈਰਵਾਈ ਕਰਨ ਲਈ ਦਿੱਤੇ ਜਾਂਦੇ ਸਨ, ਜੋ ਕਿ ਪ੍ਰਾਈਵੇਟ ਤੌਰ ’ਤੇ ਵੀ ਪ੍ਰੈਕਟਿਸ ਕਰਦੇ ਸਨ। ਜਿਸ ਕਾਰਨ ਉਨ੍ਹਾਂ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਵਾਲੇ ਕੇਸਾਂ ਵੱਲ ਜ਼ਿਆਦਾ ਧਿਆਨ ਨਹੀਂ ਦਿੱਤਾ ਜਾਂਦਾ ਸੀ ਅਤੇ ਕਈ ਮੌਕਿਆਂ ’ਤੇ ਪੈਨਲ ਦੇ ਵਕੀਲਾਂ ਦੀ ਮੁਫ਼ਤ ਕਾਨੂੰਨੀ ਸਹਾਇਤਾ ਵਾਲੇ ਕੇਸਾਂ ਵਿੱਚ ਪੀੜਤਾਂ ਤੱਕ ਪਹੁੰਚ ਨਹੀਂ ਹੁੰਦੀ ਸੀ। ਜਿਸ ਕਾਰਨ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਵਾਲੇ ਵਿਅਕਤੀਆਂ ਨਾਲ ਸਲਾਹ ਅਤੇ ਉਨ੍ਹਾਂ ਨੂੰ ਕੇਸ ਦੀ ਸਹੀ ਸਥਿਤੀ ਬਾਰੇ ਜਾਣਕਾਰੀ ਦੇਣ ਵਿੱਚ ਮੁਸ਼ਕਲ ਆਉਂਦੀ ਸੀ। ਲੇਕਿਨ ਹੁਣ ਜੁਡੀਸ਼ਲ ਸਿਸਟਮ ਨੇ ਪਹਿਲਕਦਮੀ ਕਰਦਿਆਂ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਰਾਹੀਂ ਸਮਾਜ ਦੇ ਗਰੀਬਾਂ ਅਤੇ ਹਾਸ਼ੀਏ ’ਤੇ ਪੁੱਜੇ ਲੋਕਾਂ ਲਈ ਸਮਾਂਬੱਧ ਅਤੇ ਉਸਾਰੂ, ਵਚਨਬੱਧ ਅਤੇ ਜਵਾਬਦੇਹੀ ਵਾਲੇ ਵਕੀਲ ਚੁਣੇ ਗਏ ਹਨ। ਜਿਨ੍ਹਾਂ ਨੂੰ ਪ੍ਰਾਈਵੇਟ ਪ੍ਰੈਕਟਿਸ ਕਰਨ ਦੀ ਆਗਿਆ ਨਹੀਂ ਹੋਵੇਗੀ। ਅਕਸਰ ਦੇਖਿਆ ਜਾਂਦਾ ਹੈ ਕਿ ਗਰੀਬ ਵਿਅਕਤੀ ਕੋਲ ਵਕੀਲਾਂ ਨੂੰ ਫੀਸ ਦੇਣ ਲਈ ਵੀ ਪੈਸੇ ਨਹੀਂ ਹੁੰਦੇ ਹਨ। ਜਿਸ ਕਾਰਨ ਕਈ ਪੀੜਤ ਲੋਕ ਇਨਸਾਫ਼ ਲਈ ਅਦਾਲਤਾਂ ਦਾ ਬੂਹਾ ਖੜਕਾਉਣ ਤੋਂ ਵੀ ਝਿਜਕਦੇ ਹਨ ਲੇਕਿਨ ਹੁਣ ਗਰੀਬ ਲੋਕਾਂ ਨੂੰ ਆਪਣੇ ਕੇਸਾਂ ਦੀ ਪੈਰਵਾਈ ਕਰਨਾ ਸੌਖਾ ਹੋ ਜਾਵੇਗਾ।
ਇਸ ਮੌਕੇ ਜਸਟਿਸ ਅਰੁਣ ਪੱਲੀ, ਜਸਟਿਸ ਸੰਜੀਵ ਬੈਰੀ, ਰਮੇਸ਼ ਚੰਦਰ ਡਿਮਰੀ, ਰਜਿਸਟਰਾਰ ਜਨਰਲ, ਅਰੁਣ ਗੁਪਤਾ ਮੈਂਬਰ ਸਕੱਤਰ ਸ੍ਰੀਮਤੀ ਸਮ੍ਰਿਤੀ ਧੀਰ, ਵਧੀਕ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੁਹਾਲੀ ਵੀ ਹਾਜ਼ਰ ਸਨ। ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪਾਲ ਸਿੰਘ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ-1 ਅਵਤਾਰ ਸਿੰਘ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਬਲਜਿੰਦਰ ਸਿੰਘ, ਚੀਫ਼, ਡਿਪਟੀ ਅਤੇ ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲਾਂ ਗੀਤਾਂਜਲੀ ਬਾਲੀ ਅਤੇ ਹੋਰਨਾਂ ਨੇ ਵੀ ਇਸ ਪ੍ਰੋਗਰਾਮ ਵਿੱਚ ਵਰਚੂਅਲ ਸ਼ਮੂਲੀਅਤ ਕਰਦਿਆਂ ਇਸ ਸੁਵਿਧਾ ਦਾ ਮੁਹਾਲੀ ਅਦਾਲਤ ਵਿੱਚ ਉਦਘਾਟਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…