ਪੱਕਾ ਮੋਰਚਾ: ਸਿੱਖਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਵੱਲ ਕੂਚ, ਥਾਣੇ ਡੱਕੇ ਪ੍ਰਦਰਸ਼ਨਕਾਰੀ ਰਿਹਾਅ

ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੱਕਾ ਮੋਰਚਾ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਫਰਵਰੀ:
ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਸਿੱਖ ਮਸਲਿਆਂ ਬਾਰੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਸੋਮਵਾਰ ਨੂੰ ਵੱਡੀ ਗਿਣਤੀ ਵਿੱਚ ਸਿੱਖਾਂ ਨੇ ਭਗਵੰਤ ਮਾਨ ਦੀ ਕੋਠੀ ਦੇ ਬਾਹਰ ਬੈਠ ਕੇ ਕੀਰਤਨ ਕਰਨ ਲਈ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵੱਲ ਕੂਚ ਕੀਤਾ ਗਿਆ ਲੇਕਿਨ ਰਸਤੇ ਵਿੱਚ ਯੂਟੀ ਪੁਲੀਸ ਨੇ ਪ੍ਰਦਰਸ਼ਨਕਾਰੀ ਸਿੱਖਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਜਾਣਕਾਰੀ ਅਨੁਸਾਰ ਬਾਪੂ ਗੁਰਚਰਨ ਸਿੰਘ, ਬਲਵਿੰਦਰ ਸਿੰਘ, ਦਿਲਸ਼ੇਰ ਸਿੰਘ ਦੀ ਦੇਖਰੇਖ ਹੇਠ ਰੇਸ਼ਮ ਸਿੰਘ ਬਡਾਲਾ ਦੀ ਅਗਵਾਈ ਵਾਲੇ ਕਾਫ਼ਲੇ ਨੇ ਪੱਕੇ ਮੋਰਚੇ ਵਾਲੀ ਥਾਂ ਤੋਂ ਜੈਕਾਰੇ ਛਡਦੇ ਹੋਏ ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕੀਤਾ ਗਿਆ। ਲੇਕਿਨ ਪਹਿਲਾਂ ਮੁਹਾਲੀ ਪੁਲੀਸ ਨੇ ਐੱਸਐੱਸਪੀ ਦੀ ਸਰਕਾਰੀ ਰਿਹਾਇਸ਼ ਨੇੜੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦਾ ਯਤਨ ਕੀਤਾ ਪ੍ਰੰਤੂ ਸਿੱਖ ਜੈਕਾਰੇ ਲਾਉਂਦੇ ਹੋਏ ਅੱਗੇ ਵਧ ਗਏ ਅਤੇ ਜਿਵੇਂ ਹੀ ਉਨ੍ਹਾਂ ਚੰਡੀਗੜ੍ਹ ਦੀ ਹੱਦ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਯੂਟੀ ਪੁਲੀਸ ਨੇ ਰੇਸ਼ਮ ਸਿੰਘ ਬਡਾਲੀ ਸਮੇਤ ਕਰੀਬ 36 ਪ੍ਰਦਰਸ਼ਨਕਾਰੀ ਸਿੱਖਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲੀਸ, ਸਿੱਖਾਂ ਨੂੰ ਆਪਣੀ ਬੱਸ ਵਿੱਚ ਬਿਠਾ ਕੇ ਸੈਕਟਰ-36 ਦੇ ਥਾਣੇ ਲੈ ਗਏ। ਬਾਅਦ ਵਿੱਚ ਬਿਨਾਂ ਸ਼ਰਤ ਸਾਰੇ ਸਿੱਖਾਂ ਨੂੰ ਰਿਹਾਅ ਕਰ ਦਿੱਤਾ ਅਤੇ ਉਹ ਸਾਰੇ ਮੁੜ ਪੱਕੇ ਮੋਰਚੇ ਵਾਲੀ ਥਾਂ ’ਤੇ ਧਰਨੇ ਉੱਤੇ ਬੈਠ ਗਏ।
ਇਸ ਮੌਕੇ ਭਾਈ ਜਸਵਿੰਦਰ ਸਿੰਘ ਰਾਜਪੁਰਾ, ਐਡਵੋਕੇਟ ਗੁਰਸ਼ਰਨ ਸਿੰਘ, ਪਾਲ ਸਿੰਘ ਫਰਾਂਸ, ਰੁਪਿੰਦਰ ਸਿੰਘ, ਪਿੱਪਲ ਸਿੰਘ, ਰਜਿੰਦਰ ਸਿੰਘ ਬਾਲੀ ਨੇ ਅਤੇ ਹੋਰ ਵੱਡੀ ਗਿਣਤੀ ਵਿੱਚ ਇਨਸਾਫ਼ ਪਸੰਦ ਲੋਕ ਮੌਜੂਦ ਸਨ। ਉਧਰ, ਅੱਜ ਸਮਾਗਮ ਵਿੱਚ ਰੋਜ਼ਾਨਾ ਵਾਂਗ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ। ਸਾਰਾ ਦਿਨ ਵੱਖ-ਵੱਖ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਜੋਸ਼ੀਲੀਆਂ ਵਾਰਾਂ ਗਾਈਆਂ।
ਉਧਰ, ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਪ੍ਰਮੁੱਖ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣੇ ਸੈਂਕੜੇ ਸਮਰਥਕਾਂ ਨਾਲ ਪੱਕੇ ਮੋਰਚੇ ਵਿੱਚ ਸ਼ਮੂਲੀਅਤ ਕੀਤੀ ਅਤੇ ਸਮਰਥਨ ਦੇਣ ਦਾ ਐਲਾਨ ਕੀਤਾ। ਕਿਸਾਨਾਂ ਦਾ ਇਹ ਕਾਫ਼ਲਾ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਤੋਂ ਰੋਸ ਮਾਰਚ ਕਰਦੇ ਹੋਏ ਧਰਨੇ ਵਿੱਚ ਪੁੱਜਾ। ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਪੱਕਾ ਮੋਰਚਾ ਲਗਾ ਕੇ ਜਿਵੇਂ ਕਿਸਾਨਾਂ ਨੇ ਖੇਤੀ ਕਾਲੇ ਕਾਨੂੰਨ ਵਾਪਸ ਕਰਨ ਲਈ ਕੇਂਦਰ ਸਰਕਾਰ ਨੂੰ ਮਜਬੂਰ ਕੀਤਾ ਗਿਆ ਸੀ, ਓਵੇਂ ਹੀ ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਹੁਕਮਰਾਨਾਂ ’ਤੇ ਦਬਾਅ ਪਾਉਣ ਲਈ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਕੌਮੀ ਇਨਸਾਫ਼ ਮੋਰਚੇ ਵੱਲੋਂ ਜੋ ਵੀ ਸੇਵਾ ਲਗਾਈ ਜਾਵੇਗੀ, ਉਸ ਨੂੰ ਖਿੜੇ ਮੱਥੇ ਪ੍ਰਵਾਨ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…