ਪੱਕਾ ਮੋਰਚਾ: ਕੌਮੀ ਇਨਸਾਫ਼ ਮੋਰਚੇ ਦੇ ਮੈਂਬਰਾਂ ਅਤੇ ਨਿਹੰਗ ਸਿੰਘਾਂ ’ਤੇ ਲਾਠੀਚਾਰਜ, ਪਾਣੀ ਦੀਆਂ ਬੁਛਾੜਾਂ ਮਾਰੀਆਂ

ਮੁਹਾਲੀ ਦੇ ਐੱਸਐੱਸਪੀ ਦੀ ਸਰਕਾਰੀ ਕੋਠੀ ਨੇੜਲੇ ਬੈਰੀਕੇਡ ਤੋੜ ਕੇ ਅੱਗੇ ਵਧੇ ਪ੍ਰਦਰਸ਼ਨਕਾਰੀ

ਪ੍ਰਵਾਸੀ ਮਜ਼ਦੂਰਾਂ ਵੱਲੋਂ ਕੀਤੇ ਪਥਰਾਓ ਤੋਂ ਬਾਅਦ ਨਿਹੰਗ ਸਿੰਘਾਂ ਨੇ ਨੰਗੀਆਂ ਤਲਵਾਰਾਂ ਲਹਿਰਾ ਕੇ ਕੀਤਾ ਹੰਗਾਮਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਫਰਵਰੀ:
ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਮੇਤ ਹੋਰ ਸਿੱਖ ਮਸਲਿਆਂ ਨੂੰ ਲੈ ਕੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਅੱਜ ਕੌਮੀ ਇਨਸਾਫ਼ ਮੋਰਚੇ ਦੇ ਮੈਂਬਰਾਂ ਅਤੇ ਕੁੱਝ ਘੋੜ ਸਵਾਰ ਨਿਹੰਗ ਸਿੰਘ ਨੰਗੀਆਂ ਤਲਵਾਰਾਂ ਲਹਿਰਾਉਂਦੇ ਹੋਏ ਮੁਹਾਲੀ ਦੇ ਐਸਐਸਪੀ ਦੀ ਸਰਕਾਰੀ ਰਿਹਾਇਸ਼ ਨੇੜਲੇ ਮੁਹਾਲੀ-ਚੰਡੀਗੜ੍ਹ ਦੇ ਐਂਟਰੀ ਪੁਆਇੰਟ ’ਤੇ ਬੈਰੀਕੇਡ ਤੋੜ ਕੇ ਚੰਡੀਗੜ੍ਹ ਵਿੱਚ ਦਾਖ਼ਲ ਹੋ ਗਏ।
ਜਿਸ ਕਾਰਨ ਯੂਟੀ ਪੁਲੀਸ ਨੂੰ ਪ੍ਰਦਰਸ਼ਨਕਾਰੀਆਂ ਉੱਤੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਉਨ੍ਹਾਂ ਨੂੰ ਖਦੇੜਨ ਦੀ ਕੋਸ਼ਿਸ਼ ਕੀਤੀ ਅਤੇ ਹਲਕਾ ਲਾਠੀਚਾਰਜ ਵੀ ਕੀਤਾ ਗਿਆ ਲੇਕਿਨ ਪ੍ਰਦਰਸ਼ਨਕਾਰੀ ਅੱਗੇ ਵਧਣ ਵਿੱਚ ਕਾਮਯਾਬ ਹੋ ਗਏ। ਜਿਸ ਕਾਰਨ ਪੁਲੀਸ ਨੂੰ ਭਾਜੜਾਂ ਪੈ ਗਈਆਂ। ਇਸ ਦੌਰਾਨ ਯੂਟੀ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਕਥਿਤ ਟਕਰਾਅ ਦੀ ਨੌਬਤ ਆ ਗਈ। ਤਿੱਖੀ ਬਹਿਸ ਤੋਂ ਬਾਅਦ ਪੁਲੀਸ ਕਰਮਚਾਰੀ ਨਾਕਾ ਛੱਡ ਕੇ ਪਿੱਛੇ ਹੋ ਗਏ। ਕਵਰੇਜ ਕਰ ਰਹੇ ਮੀਡੀਆ ਕਰਮੀਆਂ ਨੂੰ ਵੀ ਨਿਹੰਗ ਸਿੰਘਾਂ ਦੀਆਂ ਵਧੀਕੀਆਂ ਦਾ ਸਾਹਮਣਾ ਕਰਨਾ ਪਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਕੌਮੀ ਇਨਸਾਫ਼ ਮੋਰਚੇ ਦੇ ਮੈਂਬਰਾਂ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵੱਲੋਂ ਕੂਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਜ ਕੁੱਝ ਵਿਅਕਤੀਆਂ ਨੇ ਸ਼ਾਂਤਮਈ ਤਰੀਕੇ ਨਾਲ ਗੁਰਬਾਣੀ ਦਾ ਜਾਪ ਕਰਦਿਆਂ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਲਈ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਪ੍ਰੰਤੂ ਯੂਟੀ ਪੁਲੀਸ ਨੇ ਪ੍ਰਦਰਸ਼ਨਕਾਰੀਆਂ ’ਤੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਉਨ੍ਹਾਂ ਨੂੰ ਖਦੇੜ ਦਿੱਤਾ ਲੇਕਿਨ ਬਾਅਦ ਵਿੱਚ ਪ੍ਰਦਰਸ਼ਨਕਾਰੀ ਸ਼ਾਂਤਮਈ ਧਰਨੇ ’ਤੇ ਬੈਠ ਗਏ। ਇਸ ਦੌਰਾਨ ਕਜਹੇੜੀ ਦੇ ਕੁੱਝ ਵਸਨੀਕਾਂ (ਪ੍ਰਵਾਸੀ ਮਜ਼ਦੂਰਾਂ) ਨੇ ਅਚਾਨਕ ਕੌਮੀ ਇਨਸਾਫ਼ ਮੋਰਚੇ ਦੇ ਮੈਂਬਰਾਂ ’ਤੇ ਪਥਰਾਓ ਕਰ ਦਿੱਤਾ। ਜਿਸ ਕਾਰਨ ਸਥਿਤੀ ਤਣਾਅ ਪੂਰਨ ਹੋ ਗਈ। ਸੂਚਨਾ ਮਿਲਦੇ ਹੀ ਪੱਕੇ ਮੋਰਚੇ ਤੋਂ ਘੋੜ ਸਵਾਰ ਨਿਹੰਗ ਸਿੰਘ ਅਤੇ ਹੋਰ ਪ੍ਰਦਰਸ਼ਨਕਾਰੀ ਟਰੈਕਟਰ ਲੈ ਕੇ ਮੌਕੇ ’ਤੇ ਪਹੁੰਚ ਗਏ ਅਤੇ ਪੁਲੀਸ ਨਾਲ ਟਕਰਾਅ ਦੀ ਸਥਿਤੀ ਪੈਦਾ ਹੋ ਗਈ। ਇਸ ਮੌਕੇ ਪੁਲੀਸ ਦੇ ਕਈ ਵਾਹਨਾਂ ਦੇ ਸ਼ੀਸ਼ੇ ਭੰਨੇ ਗਏ। ਕਈ ਪ੍ਰਦਰਸ਼ਨਕਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਕਈ ਲੋਕਾਂ ਦੀਆਂ ਪੱਗਾਂ ਲੱਥ ਗਈਆਂ ਜਦੋਂਕਿ ਮੁਹਾਲੀ ਪੁਲੀਸ ਦੇ ਇੱਕ ਕਰਮਚਾਰੀ ਦੀ ਲੱਤ ਟੁੱਟ ਗਈ। ਪ੍ਰਦਰਸ਼ਨਕਾਰੀ ਯੂਟੀ ਪੁਲੀਸ ਦੇ ਬੈਰੀਕੇਡ ਵੀ ਚੁੱਕ ਕੇ ਮੁਹਾਲੀ ਲੈ ਗਏ।

ਇਸ ਮੌਕੇ ਬਾਪੂ ਗੁਰਚਰਨ ਸਿੰਘ, ਭਾਈ ਜਸਵਿੰਦਰ ਸਿੰਘ ਰਾਜਪੁਰਾ, ਬਲਵਿੰਦਰ ਸਿੰਘ, ਰਵਿੰਦਰ ਸਿੰਘ ਵਜੀਦਪੁਰ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਸਿੱਖਾਂ ਨੂੰ ਇਨਸਾਫ਼ ਦੇਣ ਦੀ ਬਜਾਏ ਸਰਕਾਰ ਗਲਤ ਹਰਕਤਾਂ ’ਤੇ ਉਤਰ ਆਈ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਧਰਨੇ ’ਤੇ ਬੈਠੇ ਲੋਕਾਂ ’ਤੇ ਸਾਜ਼ਿਸ਼ ਤਹਿਤ ਪਥਰਾਓ ਕਰਵਾ ਕੇ ਮੋਰਚੇ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਾਣਬੁੱਝ ਕੇ ਅਜਿਹੇ ਹਾਲਾਤ ਪੈਦਾ ਕਰ ਰਹੀ ਹੈ। ਉਨ੍ਹਾਂ ਹੁਕਮਰਾਨਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਭਰਾਵਾਂ ਨੂੰ ਆਪਸ ਵਿੱਚ ਲੜਾਉਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਸਿੱਖਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕੀਤੀਆਂ ਜਾਣ।

ਆਗੂਆਂ ਨੇ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਸਮੇਂ ਦੀਆਂ ਸਰਕਾਰਾਂ ਅਤੇ ਪ੍ਰਸ਼ਾਸਨ ਇਹ ਗੱਲ ਕਹਿ ਰਹੇ ਹਨ ਕਿ ਸਾਨੂੰ ਸਿੱਖਾਂ ਦੀਆਂ ਮੰਗਾਂ ਬਾਰੇ ਕੁੱਝ ਪਤਾ ਨਹੀਂ ਹੈ, ਉਹ ਕੀ ਚਾਹੁੰਦੇ ਹਨ ਜਦੋਂਕਿ ਉਹ ਬੰਦੀ ਸਿੰਘਾਂ ਦੀ ਰਿਹਾਈ, 328 ਲਾਪਤਾ ਸਰੂਪਾਂ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗਲੀਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੇਣ ਦੀ ਮੰਗ ਨੂੰ ਲੈ ਕੇ ਪਿਛਲੇ ਇੱਕ ਮਹੀਨੇ ਤੋਂ ਲੜੀਵਾਰ ਧਰਨੇ ’ਤੇ ਬੈਠੇ ਹਨ।

ਉਧਰ, ਮੌਕੇ ’ਤੇ ਮੌਜੂਦ ਪੰਜਾਬ ਤੇ ਯੂਟੀ ਪੁਲੀਸ ਦੇ ਸੀਨੀਅਰ ਅਧਿਕਾਰੀ ਉਕਤ ਘਟਨਾ ਬਾਰੇ ਕੋਈ ਵੀ ਟਿੱਪਣੀ ਕਰਨ ਤੋਂ ਲਗਾਤਾਰ ਟਾਲਾ ਵੱਟਦੇ ਰਹੇ। ਮੀਡੀਆ ਵੱਲੋਂ ਪੈਦਤਾ ਹੋਏ ਹਾਲਾਤਾਂ ਬਾਰੇ ਪੁਲੀਸ ਦਾ ਪੱਖ ਜਾਣਨ ਲਈ ਵਾਰ-ਵਾਰ ਪੁੱਛੇ ਜਾਣ ’ਤੇ ਵੀ ਕਿਸੇ ਅਧਿਕਾਰੀ ਨੇ ਆਪਣਾ ਮੂੰਹ ਤੱਕ ਨਹੀਂ ਖੋਲ੍ਹਿਆ। ਕੁੱਝ ਸਮੇਂ ਬਾਅਦ ਚੰਡੀਗੜ੍ਹ ਦੀ ਹੱਦ ਵਿੱਚ ਦਾਖ਼ਲ ਹੋਏ ਪ੍ਰਦਰਸ਼ਨਕਾਰੀ ਵਾਪਸ ਪੱਕੇ ਮੋਰਚੇ ਵਾਲੀ ਥਾਂ ’ਤੇ ਆ ਕੇ ਮੁੜ ਧਰਨੇ ’ਤੇ ਬੈਠ ਗਏ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…