ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ ਮੁਹਾਲੀ ਤੋਂ ਰਾਜ ਪੱਧਰੀ ਮੁਫ਼ਤ ਟੀਕਾਕਰਨ ਮੁਹਿੰਮ ਸ਼ੁਰੂ

ਮੁਹਾਲੀ ਤੋਂ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਕੀਤਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਫਰਵਰੀ:
ਪੰਜਾਬ ਦੀ ਆਪ ਸਰਕਾਰ ਵੱਲੋਂ ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ ਰਾਜ ਪੱਧਰੀ ਮੁਫ਼ਤ ਟੀਕਾਕਰਨ ਮੁਹਿੰਮ ਅੱਜ ਮੁਹਾਲੀ ਦੀ ਗਊਸ਼ਾਲਾ ਤੋਂ ਸ਼ੁਰੂ ਕੀਤੀ ਗਈ। ਜਿਸ ਦਾ ਉਦਘਾਟਨ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਕੀਤਾ। ਉਨ੍ਹਾਂ ਦੱਸਿਆ ਕਿ 75 ਦਿਨ ਚੱਲਣ ਵਾਲੀ ਇਸ ਟੀਕਾਕਰਨ ਮੁਹਿੰਮ ਦੌਰਾਨ ਗਊਧਨ ਦਾ ਮੁਫ਼ਤ ਟੀਕਾਕਰਨ ਕੀਤਾ ਜਾਵੇਗਾ
ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਸਾਲ ਦੌਰਾਨ ਲੰਪੀ ਸਕਿਨ ਬਿਮਾਰੀ ਤੋਂ ਗਊਆਂ ਦੇ ਅਗਾਊਂ ਬਚਾਅ ਲਈ ਮੈਗਾ ਟੀਕਾਕਰਨ ਮੁਹਿੰਮ ਵਿੱਢਣ ਲਈ ਸੂਬੇ ਵਿੱਚ 25 ਲੱਖ ਗਊਆਂ ਨੂੰ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖ਼ੁਰਾਕਾਂ ਦੇ ਟੀਕਾਕਰਨ ਕਰਨ ਦਾ ਟੀਚਾ ਮਿਥਿਆ ਹੈ। ਪਿਛਲੇ ਵਰ੍ਹੇ ਦੂਜੇ ਸੂਬਿਆਂ ਰਾਹੀਂ ਪੰਜਾਬ ’ਚ ਫੈਲੀ ਇਸ ਬਿਮਾਰੀ ਨਾਲ ਪਸ਼ੂ-ਧਨ ਦਾ ਕਾਫ਼ੀ ਨੁਕਸਾਨ ਹੋਇਆ ਸੀ। ਇਹ ਬਿਮਾਰੀ ਮੁੜ ਕਿਰਸਾਨੀ, ਪਸ਼ੂ-ਧਨ ਅਤੇ ਸਬੰਧਤ ਕਿੱਤਿਆਂ ਦਾ ਨੁਕਸਾਨ ਨਾ ਕਰ ਸਕੇ, ਇਸ ਲਈ ਸਰਕਾਰ ਨੇ ਪਹਿਲਾਂ ਹੀ ਵਿਉਂਤਬੰਦੀ ਕੀਤੀ ਹੈ।
ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਸਟੇਟ ਵੈਟਰਨਰੀ ਬਾਇਓਲੋਜੀਕਲ ਐਂਡ ਰਿਸਰਚ ਇੰਸਟੀਚਿਊਟ ਹੈਦਰਾਬਾਦ ਤੋਂ 25 ਲੱਖ ਖ਼ੁਰਾਕਾਂ ਖ਼ਰੀਦ ਕੇ ਲੁਧਿਆਣਾ ਸਥਿਤ ਪੰਜਾਬ ਵੈਟਰਨਰੀ ਵੈਕਸੀਨ ਸੰਸਥਾ ਵਿਖੇ ਵਿਗਿਆਨਕ ਤਰੀਕੇ ਨਾਲ ਸੁਰੱਖਿਅਤ ਸਟੋਰ ਕੀਤੀਆਂ ਗਈਆਂ ਹਨ, ਜਿੱਥੋਂ ਇਨ੍ਹਾਂ ਖ਼ੁਰਾਕਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੈਕਸੀਨ ਨੂੰ ਤੇਲੰਗਾਨਾ ਤੋਂ ਟਰਾਂਸਪੋਰਟ ਕਰਦੇ ਸਮੇਂ ਵੈਕਸੀਨ ਦੀ ਗੁਣਵੱਤਾ ਲਈ ਕੋਲਡ ਚੇਨ ਬਰਕਰਾਰ ਰੱਖਣ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ।
ਵਿਕਾਸ ਪ੍ਰਤਾਪ ਨੇ ਦੱਸਿਆ ਕਿ ਟੀਕਾਕਰਨ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਡਾਇਰੈਕਟੋਰੇਟ ਵਿੱਚ ਸੰਯੁਕਤ ਡਾਇਰੈਕਟਰ ਪੱਧਰ ਦੇ ਅਧਿਕਾਰੀ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਜਾ ਰਿਹਾ ਹੈ, ਜੋ ਰੋਜ਼ਾਨਾ ਪ੍ਰਗਤੀ ਦੀ ਪੈਰਵਾਈ ਕਰੇਗਾ। ਉਨ੍ਹਾਂ ਦੱਸਿਆ ਕਿ ਪਸ਼ੂ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਤਾਇਨਾਤ ਸਮੂਹ ਵੈਟਰਨਰੀ ਅਫ਼ਸਰ, ਵੈਟਰਨਰੀ ਇੰਸਪੈਕਟਰ, ਵੈਟਰਨਰੀ ਫਾਰਮਾਸਿਸਟ ਅਤੇ ਦਰਜਾ ਚਾਰ ਕਰਮਚਾਰੀਆਂ ’ਤੇ ਆਧਾਰਿਤ 773 ਟੀਮਾਂ ਬਣਾ ਕੇ ਟੀਕਾਕਰਨ ਕੀਤਾ ਜਾ ਰਿਹਾ ਹੈ। ਟੀਕਾਕਰਨ ਮੁਹਿੰਮ ਦੇ ਮੱਦੇਨਜ਼ਰ ਵਿਭਾਗ ਵੱਲੋਂ 418 ਵੈਟਰਨਰੀ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ੀ ਨਾਲ ਮੁਕੰਮਲ ਕੀਤੀ ਜਾ ਰਹੀ ਹੈ। ਜਿਸ ਅਧੀਨ ਕਰੀਬ 200 ਵੈਟਰਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਦੇ ਕੇ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਇਹ ਅਧਿਕਾਰੀ ਟੀਕਾਕਰਨ ਮੁਹਿੰਮ ਵਿੱਚ ਆਪਣਾ ਯੋਗਦਾਨ ਪਾ ਸਕਣ।
ਜ਼ਿਕਰਯੋਗ ਹੈ ਕਿ ਵਿਸ਼ਾਣੂਆਂ ਤੋਂ ਹੋਣ ਵਾਲੀ ਲੰਪੀ ਸਕਿਨ ਬਿਮਾਰੀ ਨੇ ਜੁਲਾਈ 2022 ਵਿੱਚ ਪੰਜਾਬ ਦੇ ਗਊਧਨ ਨੂੰ ਵੱਡੀ ਪੱਧਰ ’ਤੇ ਆਪਣੀ ਲਪੇਟ ਵਿੱਚ ਲੈ ਲਿਆ ਸੀ। ਸਮੂਹ ਜ਼ਿਲ੍ਹਿਆਂ ਵਿੱਚ ਕਰੀਬ 1.75 ਲੱਖ ਗਊਧਨ ਪ੍ਰਭਾਵਿਤ ਹੋਇਆ ਸੀ ਅਤੇ ਲਗਪਗ 18 ਹਜ਼ਾਰ ਗਊਧਨ ਦੀ ਮੌਤ ਹੋਈ ਸੀ।
ਇਸ ਮੌਕੇ ਵਿਭਾਗ ਦੇ ਸੰਯੁਕਤ ਸਕੱਤਰ ਐਸਐਸ ਬੱਲ, ਮੁਹਾਲੀ ਨਿਗਮ ਦੀ ਵਧੀਕ ਕਮਿਸ਼ਨਰ ਸ੍ਰੀਮਤੀ ਕਿਰਨ ਸ਼ਰਮਾ, ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਰਾਮਪਾਲ ਮਿੱਤਲ, ਡਿਪਟੀ ਡਾਇਰੈਕਟਰ ਡਾ. ਸ਼ਿਵਕਾਂਤ ਗੁਪਤਾ, ਡਾ. ਰਣਬੀਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਸੋਨੀਕਾ ਛਾਬੜਾ, ਸੀਨੀਅਰ ਵੈਟਰਨਰੀ ਅਫ਼ਸਰ ਡਾ. ਨਰੇਸ਼ ਨਾਰੰਗ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…