ਪੱਕਾ ਮੋਰਚਾ: ਐਤਵਾਰ ਨੂੰ ਬੀਬੀਆਂ ਨੇ ਸੰਭਾਲਿਆ ਮੋਰਚਾ, ਸੋਮਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਦੇਵੇਗਾ ਸਮਰਥਨ

ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਧਰਨਾ ਜਾਰੀ, ਬੀਬੀਆਂ ਦੇ 31 ਮੈਂਬਰੀ ਜਥੇ ਵੱਲੋਂ ਮੁੱਖ ਮੰਤਰੀ ਦੀ ਕੋਠੀ ਵੱਲ ਮਾਰਚ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਫਰਵਰੀ:
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਮੇਤ ਹੋਰ ਸਿੱਖ ਮਸਲਿਆਂ ਨੂੰ ਲੈ ਕੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਦਾ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪੱਕਾ ਮੋਰਚਾ ਜਾਰੀ ਹੈ। ਐਤਵਾਰ ਨੂੰ ਬੀਬੀਆਂ ਨੇ ਮੋਰਚਾ ਸੰਭਾਲਿਆ। ਅੱਜ ਕੌਮੀ ਇਨਸਾਫ਼ ਮੋਰਚੇ ਦੇ ਬੈਨਰ ਹੇਠ ਬੀਬੀ ਰਜਿੰਦਰ ਕੌਰ ਦੀ ਅਗਵਾਈ ਵਿੱਚ ਅੌਰਤਾਂ ਦੇ 31 ਮੈਂਬਰੀ ਵਫ਼ਦ ਨੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵੱਲ ਵਧਣ ਦਾ ਯਤਨ ਕੀਤਾ ਪ੍ਰੰਤੂ ਮੁਹਾਲੀ-ਯੂਟੀ ਦੇ ਐਂਟਰੀ ਪੁਆਇੰਟ ’ਤੇ ਤਾਇਨਾਤ ਭਾਰੀ ਪੁਲੀਸ ਬਲ ਨੇ ਪ੍ਰਦਰਸ਼ਨਕਾਰੀ ਬੀਬੀਆਂ ਦਾ ਰਾਹ ਡੱਕ ਲਿਆ। ਪੁਲੀਸ ਵੱਲੋਂ ਰੋਕੇ ਜਾਣ ’ਤੇ ਪ੍ਰਦਰਸ਼ਨਕਾਰੀ ਬੀਬੀਆਂ ਉੱਥੇ ਸ਼ਾਂਤਮਈ ਧਰਨੇ ’ਤੇ ਬੈਠ ਗਈਆਂ ਅਤੇ ਗੁਰਬਾਣੀ ਦਾ ਜਾਪ ਸ਼ੁਰੂ ਕਰ ਦਿੱਤਾ। ਕਰੀਬ ਦੋ ਤਿੰਨ ਘੰਟੇ ਬਾਅਦ ਸਾਰੇ ਧਰਨਾਕਾਰੀ ਮੁੜ ਪੱਕੇ ਮੋਰਚੇ ਵਾਲੀ ਥਾਂ ’ਤੇ ਚਲੇ ਗਏ।
ਉਧਰ, ਪੱਕੇ ਮੋਰਚੇ ’ਤੇ ਡਟੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਬਾਪੂ ਗੁਰਚਰਨ ਸਿੰਘ, ਬਲਵਿੰਦਰ ਸਿੰਘ, ਭਾਈ ਜਸਵਿੰਦਰ ਸਿੰਘ, ਐਡਵੋਕੇਟ ਦਿਲਸ਼ੇਰ ਸਿੰਘ ਅਤੇ ਗੁਰਸ਼ਰਨ ਸਿੰਘ ਨੇ ਕਿਹਾ ਕਿ ਜਦੋਂ ਤੱਕ ਸਮੇਂ ਦੀਆਂ ਸਰਕਾਰਾਂ ਸਿੱਖਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਨਹੀਂ ਕਰ ਲੈਂਦੀਆਂ ਅਤੇ ਬੰਦੀ ਸਿੰਘ ਰਿਹਾਅ ਹੋ ਕੇ ਪੱਕੇ ਮੋਰਚੇ ’ਤੇ ਨਹੀਂ ਪਹੁੰਚਦੇ, ਉਦੋਂ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦਾਅਵਾ ਕੀਤਾ ਕਿ ਰੋਜ਼ਾਨਾ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਅਤੇ ਇਨਸਾਫ਼ ਪਸੰਦ ਲੋਕ ਜੁੜ ਰਹੇ ਹਨ।
ਉਧਰ, ਦੂਜੇ ਪਾਸੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਨੇ ਦੱਸਿਆ ਕਿ ਬੰਦੀ ਸਿੰਘ ਦੀ ਰਿਹਾਈ ਲਈ ਚੱਲ ਰਹੇ ਪੱਕੇ ਮੋਰਚੇ ਦੀ ਹਮਾਇਤ ਵਿੱਚ ਭਲਕੇ ਸੋਮਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਅਤੇ ਸਰਗਰਮ ਕਿਸਾਨ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ ਅਤੇ ਕੌਮੀ ਇਨਸਾਫ਼ ਮੋਰਚੇ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਮੈਂਬਰ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਸਵੇਰੇ 11 ਵਜੇ ਮੁਹਾਲੀ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਤਰ ਹੋਣਗੇ। ਇੱਥੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਚਰਚਾ ਕਰਨ ਉਪਰੰਤ ਰੋਸ ਮਾਰਚ ਕਰਦੇ ਹੋਏ ਪੱਕੇ ਮੋਰਚੇ ਵਿੱਚ ਪਹੁੰਚਣਗੇ।

ਉਨ੍ਹਾਂ ਕਿਹਾ ਕਿ ਸਜ਼ਾ ਪੂਰੀ ਹੋਣ ’ਤੇ ਵੀ ਕਿਸੇ ਕੈਦੀ ਨੂੰ ਜੇਲ੍ਹ ਵਿੱਚ ਨਜ਼ਰਬੰਦ ਕਰਕੇ ਰੱਖਣਾ ਗੈਰ ਕਾਨੂੰਨੀ ਅਤੇ ਮਨੁੱਖੀ ਅਧਿਕਾਰਾਂ ਤੇ ਡਾਕਾ ਅਤੇ ਕੁਦਰਤੀ ਇਨਸਾਫ਼ ਦੇ ਖ਼ਿਲਾਫ਼ ਹੈ। ਉਨ੍ਹਾਂ ਬੰਦੀ ਸਿੰਘਾਂ ਸਮੇਤ ਸਾਰੇ ਪੱਤਰਕਾਰਾਂ, ਬੁੱਧੀਜੀਵੀਆਂ ਅਤੇ ਸਿਆਸੀ ਵਿਰੋਧੀਆਂ ਦੀ ਰਿਹਾਈ ਦੀ ਮੰਗ ਕੀਤੀ। ਜਿਨ੍ਹਾਂ ਨੂੰ ਸਰਕਾਰ ਵਿਰੋਧੀ ਵਿਚਾਰਾਂ ਕਾਰਨ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ, ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਕਰਕੇ ਸਾਂਝੇ ਤੌਰ ’ਤੇ ਅੰਦੋਲਨ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਮੋਦੀ ਵਜ਼ਾਰਤ ’ਚੋਂ ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ 20 ਮਾਰਚ ਨੂੰ ਦਿੱਲੀ ਵਿੱਚ ਕੌਮੀ ਪੱਧਰ ’ਤੇ ਇੱਕ ਰੋਜ਼ਾ ਅੰਦੋਲਨ ਕੀਤਾ ਜਾਵੇਗਾ। ਜਿਸ ਵਿੱਚ 450 ਤੋਂ ਵੱਧ ਜਥੇਬੰਦੀਆਂ ਦੇ ਲੱਖਾਂ ਦੀ ਗਿਣਤੀ ਵਿੱਚ ਨੁਮਾਇੰਦੇ ਸ਼ਮੂਲੀਅਤ ਕਰਨਗੇ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…