3 ਮਹੀਨੇ ਤੋਂ ਤਨਖ਼ਾਹ ਨਾ ਮਿਲਣ ਕਾਰਨ ਸਫ਼ਾਈ ਕਰਮਚਾਰੀ ਜਨਤਕ ਪਖਾਨਿਆਂ ਨੂੰ ਜੜਨਗੇ ਤਾਲੇ

‘ਆਪ’ ਵਿਧਾਇਕ ਕੁਲਵੰਤ ਸਿੰਘ, ਮੇਅਰ ਜੀਤੀ ਸਿੱਧੂ ਤੇ ਨਿਗਮ ਕਮਿਸ਼ਨਰ ਨੇ ਵੀ ਨਹੀਂ ਫੜੀ ਬਾਂਹ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਫਰਵਰੀ:
ਮੁਹਾਲੀ ਵਿੱਚ ਜਨਤਕ ਪਖਾਨਿਆਂ ਦੀ ਸਫ਼ਾਈ ਕਰਨ ਵਾਲੇ ਸਫ਼ਾਈ ਕਾਮਿਆਂ ਨੂੰ ਪਿਛਲੇ ਤਿੰਨ ਮਹੀਨੇ ਤੋਂ ਤਨਖ਼ਾਹ ਨਾ ਮਿਲਣ ਅਤੇ ਠੇਕੇਦਾਰ ਵੱਲੋਂ ਪੀਐਫ਼ ਫੰਡ ਜਮ੍ਹਾ ਨਾ ਕਰਵਾਉਣ ਦਾ ਮਾਮਲਾ ਕਾਫ਼ੀ ਭਖ ਗਿਆ ਹੈ। ਸਫ਼ਾਈ ਸੇਵਕ ਯੂਨੀਅਨ ਪੰਜਾਬ ਅਤੇ ਸੁਲੱਭ ਸ਼ੌਚਾਲਿਆ ਸਫ਼ਾਈ ਮਜ਼ਦੂਰ ਸੰਗਠਨ ਮੁਹਾਲੀ ਦੇ ਚੇਅਰਮੈਨ ਕਰਮਵੀਰ ਸਿੰਘ, ਸਲਾਹਕਾਰ ਪ੍ਰੇਮਪਾਲ ਅਤੇ ਸੋਮਪਾਲ ਸਿੰਘ ਨੇ ਇਸ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਰੋੜਾ ਰੁਪਏ ਦੇ ਪੀਐਫ਼ ਫੰਡ ਦਾ ਘਪਲਾ ਨਗਰ ਨਿਗਮ ਪ੍ਰਸ਼ਾਸਨ ਦੀ ਕਥਿਤ ਮਿਲੀਭੁਗਤ ਤੋਂ ਬਿਨਾਂ ਸੰਭਵ ਨਹੀਂ ਹੈ। ਸਫ਼ਾਈ ਕਾਮਿਆਂ ਨੇ ਦੱਸਿਆ ਕਿ ਇਸ ਸਬੰਧੀ ਉਹ ਮੁਹਾਲੀ ਤੋਂ ਆਪ ਵਿਧਾਇਕ ਕੁਲਵੰਤ ਸਿੰਘ, ਭਾਜਪਾ ਦੇ ਮੇਅਰ ਜੀਤੀ ਸਿੱਧੂ ਅਤੇ ਨਿਗਮ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਮਿਲ ਕੇ ਲਿਖਤੀ ਸ਼ਿਕਾਇਤਾਂ ਦੇ ਚੁੱਕੇ ਹਨ ਲੇਕਿਨ ਕਿਸੇ ਨੇ ਉਨ੍ਹਾਂ ਦੀ ਬਾਂਹ ਨਹੀਂ ਫੜੀ।
ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਮਹੀਨੇ ਤੋਂ ਤਨਖ਼ਾਹ ਨਾਲ ਮਿਲਣ ਕਾਰਨ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋ ਗਿਆ ਹੈ। ਬੱਚਿਆਂ ਨੂੰ ਸਕੂਲਾਂ ਵਿੱਚ ਦਾਖ਼ਲ ਕਰਵਾਉਣ, ਨਵੀਆਂ ਵਰਦੀਆਂ ਅਤੇ ਕਿਤਾਬਾਂ ਲੈਣ ਵਿੱਚ ਦਿੱਕਤ ਹੋ ਰਹੀ ਹੈ ਅਤੇ ਹੁਣ ਦੁਕਾਨਦਾਰਾਂ ਨੇ ਰਾਸ਼ਨ ਦੇਣਾ ਵੀ ਬੰਦ ਕਰ ਦਿੱਤਾ ਹੈ।
ਮੀਟਿੰਗ ਦੌਰਾਨ ਨੰਨੇ, ਭੂਰੇ ਲਾਲ, ਵਿਕਾਸ, ਰਵੀ ਕੁਮਾਰ ਅਤੇ ਹੋਰਨਾਂ ਨੇ ਕਿਹਾ ਕਿ ਸਮੂਹ ਸਫ਼ਾਈ ਕਰਮਚਾਰੀਆਂ ਨੂੰ ਦਸੰਬਰ, ਜਨਵਰੀ ਅਤੇ ਫਰਵਰੀ ਮਹੀਨੇ ਦੀ ਤਨਖ਼ਾਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਠੇਕੇਦਾਰ ਵੱਲੋਂ ਕਰਮਚਾਰੀਆਂ ਦਾ ਕਰੀਬ 1 ਕਰੋੜ ਪੀਐਫ ਕੱਟਿਆ ਜਾ ਚੁੱਕਾ ਹੈ ਪ੍ਰੰਤੂ ਕਰਮਚਾਰੀਆਂ ਦੇ ਖਾਤੇ ਵਿੱਚ ਜਮ੍ਹਾਂ ਨਹੀਂ ਕਰਵਾਇਆ। ਉਨ੍ਹਾਂ ਜਲਦੀ ਹੀ ਉਪਰੋਕਤ ਮੰਗਾਂ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਜੇਕਰ ਕਰਮਚਾਰੀਆਂ ਨੂੰ ਤਨਖ਼ਾਹਾਂ ਦੀ ਅਦਾਇਗੀ ਨਾ ਹੋਈ ਤਾਂ ਉਹ ਸ਼ਹਿਰ ਦੇ ਸਾਰੇ ਜਨਤਕ ਪਖਾਨਿਆਂ ਨੂੰ ਤਾਲੇ ਜੜਨ ਲਈ ਮਜਬੂਰ ਹੋਣਗੇ ਅਤੇ ਇਸਦੀ ਸਾਰੀ ਜ਼ਿੰਮੇਵਾਰੀ ਠੇਕੇਦਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…