ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਦੇ ਪੇਂਡੂ ਖੇਤ ਮਜ਼ਦੂਰਾਂ ’ਤੇ ਲਾਠੀਚਾਰਜ, ਕਈ ਜ਼ਖ਼ਮੀ

ਮੁੱਖ ਮੰਤਰੀ ਭਗਵੰਤ ਮਾਨ ’ਤੇ ਸਾਲ ਵਿੱਚ 6 ਵਾਰ ਮੀਟਿੰਗ ਦਾ ਸਮਾਂ ਦੇ ਮੁਕਰਨ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਾਰਚ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵੱਲੋਂ ਬੇਜ਼ਮੀਨੇ ਦਲਿਤ ਖੇਤ ਮਜ਼ਦੂਰਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਕੀਤੇ ਜਾ ਰਹੀ ਵਿਤਕਰੇਬਾਜ਼ੀ ਖ਼ਿਲਾਫ਼ ਅੱਜ ਪੰਜਾਬ ਦੀਆਂ 8 ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਆਧਾਰਿਤ ਸਾਂਝੇ ਮਜ਼ਦੂਰ ਮੋਰਚੇ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲ ਕੂਚ ਕਰਨ ਦਾ ਯਤਨ ਕੀਤਾ। ਇਸ ਦੌਰਾਨ ਪੁਲੀਸ ਨੇ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀ ਮਜ਼ਦੂਰਾਂ ਦਾ ਰਾਹ ਡੱਕ ਲਿਆ ਅਤੇ ਭੀੜ ਨੂੰ ਖਦੇੜਨ ਲਈ ਹਲਕਾ ਲਾਠੀਚਾਰਜ ਕੀਤਾ ਗਿਆ। ਜਿਸ ਕਾਰਨ ਕਈ ਮਜ਼ਦੂਰ ਜ਼ਖ਼ਮੀ ਹੋ ਗਏ ਅਤੇ ਅੌਰਤਾਂ ਨੂੰ ਵੀ ਮਾਮੂਲੀ ਸੱਟਾਂ ਵੱਜੀਆਂ। ਇਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ 29 ਮਾਰਚ ਨੂੰ ਮੀਟਿੰਗ ਦਾ ਸਮਾਂ ਦੇ ਕੇ ਮਜ਼ਦੂਰਾਂ ਨੂੰ ਸ਼ਾਂਤ ਕੀਤਾ ਗਿਆ।
ਜਾਣਕਾਰੀ ਅਨੁਸਾਰ ਪੰਜਾਬ ਭਰ ਤੋਂ ਬੇਜ਼ਮੀਨੇ ਖੇਤ ਮਜ਼ਦੂਰ ਅੱਜ ਸਵੇਰੇ 10 ਵਜੇ ਹੀ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਪੁੱਡਾ ਗਰਾਉਂਡ ਵਿੱਚ ਪਹੁੰਚਣੇ ਸ਼ੁਰੂ ਹੋ ਗਏ ਸੀ ਅਤੇ ਦੁਪਹਿਰ ਤੱਕ ਵੱਡੀ ਭੀੜ ਜਮ੍ਹਾ ਹੋ ਗਈ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਾਲੌਦ, ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਦੇਵੀ ਕੁਮਾਰੀ ਸਰਹਾਲੀ ਕਲਾਂ, ਦਿਹਾਤੀ ਮਜ਼ਦੂਰ ਸਭਾ ਦੇ ਆਗੂ ਗੁਰਨਾਮ ਦਾਊਦ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਆਗੂ ਲਖਵੀਰ ਲੌਂਗੋਵਾਲ, ਮਜ਼ਦੂਰ ਮੁਕਤੀ ਮੋਰਚਾ ਦੇ ਭਗਵੰਤ ਸਮਾਊ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਕਿਹਾ ਕਿ ਆਪ ਸਰਕਾਰ ਦੀ ਇੱਕ ਸਾਲ ਦੀ ਕਾਰਗੁਜ਼ਾਰੀ ਨੂੰ ਜ਼ੀਰੋ ਦੱਸਦਿਆਂ ਕਿਹਾ ਕਿ ਸਰਕਾਰ ਨੇ ਖੇਤ ਮਜ਼ਦੂਰਾਂ ਲਈ ਕੋਈ ਕੰਮ ਨਹੀਂ ਕੀਤਾ। ਇਹੀ ਨਹੀਂ ਮੁੱਖ ਮੰਤਰੀ ਖੇਤ ਮਜ਼ਦੂਰਾਂ ਨੂੰ 6 ਵਾਰ ਮੀਟਿੰਗ ਦਾ ਸਮਾਂ ਦੇ ਕੇ ਮੱੁਕਰਦੇ ਰਹੇ ਹਨ।
ਆਗੂਆਂ ਨੇ ਕਿਹਾ ਕਿ ਸਰਕਾਰ ਨੇ ਆਪਣੇ ਪਲੇਠੇ ਬਜਟ ਵਿੱਚ ਵੱਖ-ਵੱਖ ਸ਼੍ਰੇਣੀਆਂ ਲਈ ਫੰਡ ਰੱਖੇ ਗਏ ਹਨ ਪ੍ਰੰਤੂ ਖੇਤ ਮਜ਼ਦੂਰਾਂ ਦਾ ਜ਼ਿਕਰ ਤੱਕ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਭਗਵੰਤ ਮਾਨ ਦੀ ਜ਼ਬਾਨ ਉੱਤੇ ਮੋਤੀ ਮਹਿਲ, ਸਿਸਵਾਂ ਫਾਰਮ ਅਤੇ ਸੁੱਖਬਿਲਾਸ ਨਿਸ਼ਾਨੇ ’ਤੇ ਸਨ ਪ੍ਰੰਤੂ ਸੱਤਾ ਵਿੱਚ ਆਉਣ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਪਾਸੇ ਅੱਖ ਮੀਚ ਲਈ ਲੇਕਿਨ ਆਮ ਲੋਕਾਂ ਦਾ ਕਚੂਮਰ ਕੱਢਣ ’ਤੇ ਲੱਕ ਬੰਨ੍ਹ ਲਿਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਹਜ਼ਾਰਾਂ ਲੋੜਵੰਦਾਂ ਦੇ ਰਾਸ਼ਨ ਕਾਰਡਾਂ ’ਤੇ ਲਾਲ ਲਕੀਰ ਮਾਰ ਕੇ ਗਰੀਬ ਪਰਿਵਾਰਾਂ ਨੂੰ ਭੁੱਖਮਰੀ ਦੀ ਭੱਠੀ ਵਿੱਚ ਝੌਂਕ ਦਿੱਤਾ ਹੈ। ਆਏ ਦਿਨ ਦਲਿਤ ਪਰਿਵਾਰਾਂ ’ਤੇ ਧਨਾਢਾਂ ਦਾ ਜ਼ੁਲਮ ਵਧਦਾ ਜਾ ਰਿਹਾ ਹੈ।
ਬੁਲਾਰਿਆਂ ਨੇ ਕਿਹਾ ਕਿ ਮਜ਼ਦੂਰਾਂ ਦੀ ਦਿਹਾੜੀ 700 ਰੁਪਏ, ਸਾਲ ਭਰ ਰੁਜ਼ਗਾਰ ਗਰੰਟੀ, ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ, ਜ਼ਮੀਨਾਂ ਦੀ ਵੰਡ, ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਮਜ਼ਦੂਰਾਂ ਨੂੰ ਸਸਤੇ ਭਾਅ ਠੇਕੇ ’ਤੇ ਦੇਣ, ਬੇਘਰੇ ਤੇ ਲੋੜਵੰਦਾਂ ਨੂੰ 10-10 ਮਰਲੇ ਦੇ ਪਲਾਟ ਦੇਣਾ, ਬੁਢਾਪਾ ਵਿਧਵਾ ਤੇ ਅਪੰਗ ਪੈਨਸ਼ਨ ਵਿੱਚ ਵਾਧਾ ਕਰਨ, ਦਲਿਤਾਂ ਹੋ ਰਹੇ ਅੱਤਿਆਚਾਰ ਰੋਕਣ ਵਰਗੇ ਮਸਲਿਆਂ ਦੇ ਹੱਲ ਲਈ ਮੁੱਖ ਮੰਤਰੀ ਨੇ ਇੱਕ ਪੂਣੀ ਵੀ ਕੱਤੀ। ਜਿਸ ਕਾਰਨ ਖੇਤ ਮਜ਼ਦੂਰਾਂ ਦੇ ਮਲਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਬਿੱਕਰ ਸਿੰਘ ਹਥੋਆ, ਪ੍ਰਗਟ ਸਿੰਘ ਕਾਲਾਝਾੜ, ਅਵਤਾਰ ਸਿੰਘ ਰਸੂਲਪੁਰ, ਮੇਜਰ ਸਿੰਘ ਕਾਲੇਕੇ, ਮੱਖਣ ਸਿੰਘ ਰਾਮਗੜ੍ਹ, ਕ੍ਰਿਸ਼ਨ ਚੌਹਾਨ, ਦਰਸ਼ਨ ਨਾਹਰ ਅਤੇ ਧਰਮਵੀਰ ਹਰੀਗੜ੍ਹ ਨੇ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…