ਗਰਮ ਖਿਆਲੀ ਨੌਜਵਾਨਾਂ ਤੇ ਨਿਹੰਗ ਸਿੰਘਾਂ ਦਾ ਧਰਨਾ ਜਾਰੀ, ਪੁਲੀਸ ਵੱਲੋਂ ਫਲੈਗ ਮਾਰਚ

ਪੱਕੇ ਮੋਰਚੇ ਦੇ ਆਗੂਆਂ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਸਮਝਾਉਣ ਦਾ ਯਤਨ, ਨਹੀਂ ਮੰਨੇ ਨੌਜਵਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਾਰਚ:
‘ਵਾਰਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਭਤਭਰੀ ਹਾਲਤ ਵਿੱਚ ਲਾਪਾਤ ਹੋਣ ਅਤੇ ਕੁੱਝ ਸਾਥੀਆਂ ਨੂੰ ਪੰਜਾਬ ਪੁਲੀਸ ਵੱਲੋਂ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਕੁੱਝ ਗਰਮ ਖਿਆਲੀ ਨੌਜਵਾਨਾਂ ਅਤੇ ਨਿਹੰਗ ਸਿੰਘਾਂ ਵੱਲੋਂ ਬੀਤੇ ਕੱਲ੍ਹ ਸ਼ਹਿਰ ਵਿੱਚ ਰੋਸ ਮਾਰਚ ਕਰਨ ਮਗਰੋਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਚੌਰਾਹੇ ਉੱਤੇ ਮੁਹਾਲੀ ਏਅਰਪੋਰਟ ਸੜਕ ’ਤੇ ਲਗਾਇਆ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਐਤਵਾਰ ਨੂੰ ਸਾਰਾ ਦਿਨ ਧਰਨਾਕਾਰੀ ਜੈਕਾਰੇ ਲਾਉਂਦੇ ਰਹੇ ਅਤੇ ਅੰਮ੍ਰਿਤਪਾਲ ਸਿੰਘ ਦੀ ਮੌਜੂਦਗੀ ਅਤੇ ਗੁੰਮਸ਼ੁਦਗੀ ਬਾਰੇ ਸਥਿਤੀ ਸਪੱਸ਼ਟ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਅੰਮ੍ਰਿਤਪਾਲ ਸਿੰਘ ਦੀ ਸਲਾਮਤੀ ਬਾਰੇ ਕੋਈ ਪੱਕੀ ਸੁਹ ਨਹੀਂ ਮਿਲ ਜਾਂਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ। ਚੱਕਾ ਜਾਮ ਕਾਰਨ ਸ਼ਹਿਰ ਵਾਸੀਆਂ ਅਤੇ ਰਾਹਗੀਰਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਧਰ, ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਸਿੱਖ ਮਸਲਿਆਂ ਬਾਰੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਅੱਜ ਸਾਰਾ ਦਿਨ ਪੱਕੇ ਮੋਰਚੇ ਦੇ ਆਗੂ ਭਾਈ ਕੁਲਵਿੰਦਰ ਸਿੰਘ ਚਮਕੌਰ ਸਾਹਿਬ ਅਤੇ ਹਰਪਾਲ ਸਿੰਘ ਫਰਾਂਸ ਸਮੇਤ ਹੋਰਨਾਂ ਆਗੂਆਂ ਨੇ ਧਰਨਾਕਾਰੀ ਨੌਜਵਾਨਾਂ ਨੂੰ ਸਮਝਾ ਕੇ ਧਰਨਾ ਚੁੱਕਣ ਦੀ ਅਪੀਲ ਕੀਤੀ ਕਿ ਲੇਕਿਨ ਗਰਮ ਖਿਆਲੀ ਨੌਜਵਾਨਾਂ ਅਤੇ ਨਿਹੰਗਾਂ ਸਿੰਘਾਂ ਨੇ ਉਨ੍ਹਾਂ ਦੀ ਇੱਕ ਨਹੀਂ ਸੁਣੀ ਅਤੇ ਦੇਰ ਸ਼ਾਮ ਖ਼ਬਰ ਲਿਖੇ ਜਾਣ ਤੱਕ ਖ਼ਾਲਿਸਤਾਨ ਪੱਖੀਆਂ ਦਾ ਧਰਨਾ ਜਾਰੀ ਸੀ। ਧਰਨੇ ’ਤੇ ਬੈਠੇ ਵਿਅਕਤੀਆਂ ਨੇ ਆਪਣੇ ਹੱਥਾਂ ਵਿੱਚ ਡਾਂਗਾਂ, ਕਿਰਪਾਨਾਂ, ਗੰਡਾਸੇ ਅਤੇ ਤਲਵਾਰਾਂ ਫੜੀਆਂ ਹੋਈਆਂ ਹਨ।
ਉਧਰ, ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਧਰਨੇ ਵਾਲੀ ਥਾਂ ਅਤੇ ਆਲੇ ਦੁਆਲੇ ਪੰਜਾਬ ਪੁਲੀਸ ਅਤੇ ਪੈਰਾ ਮਿਲਟਰੀ ਫੋਰਸਿਸ ਦੇ ਜਵਾਨ ਵੱਡੀ ਗਿਣਤੀ ਵਿੱਚ ਤਾਇਨਾਤ ਕੀਤੀ ਗਈ ਹੈ ਅਤੇ ਇਹ ਪੂਰਾ ਇਲਾਕਾ ਪੁਲੀਸ ਛਾਊਣੀ ਵਿੱਚ ਤਬਦੀਲ ਕੀਤਾ ਗਿਆ ਹੈ।
ਉਧਰ, ਇਸੇ ਦੌਰਾਨ ਮੁਹਾਲੀ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੁਲੀਸ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਪੱਕਾ ਮੋਰਚਾ ਸਮੇਤ ਇਲਾਕੇ ਵਿੱਚ ਚੱਪੇ ਚੱਪੇ ’ਤੇ ਪੁਲੀਸ ਤਾਇਨਾਤ ਹੈ ਅਤੇ ਬਾਹਰੀ ਵਿਅਕਤੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਐਤਵਾਰ ਨੂੰ ਆਈਜੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸਐੱਸਪੀ ਡਾ. ਸੰਦੀਪ ਗਰਗ ਦੀ ਅਗਵਾਈ ਹੇਠ ਸ਼ਹਿਰ ਵਿੱਚ ਫਲੈਗ ਮਾਰਚ ਕੀਤਾ ਗਿਆ। ਆਈਜੀ ਭੁੱਲਰ ਨੇ ਲੋਕਾਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਦੀ ਜ਼ੋਰਦਾਰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਅਤੇ ਕਿਸੇ ਭੜਕਾਹਟ ਵਿੱਚ ਨਾ ਆਉਣ। ਆਈਜੀ ਭੁੱਲਰ ਨੇ ਕਿਹਾ ਕਿ ਕਾਨੂੰਨ ਤੋੜਨ ਵਾਲਿਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…