ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਤੇ ਡੀਸੀ ਆਸ਼ਿਕਾ ਜੈਨ ਨੇ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲਿਆ

ਗਿਰਦਾਵਰੀ ਦਾ ਕੰਮ ਸਮੇਂ ਸੀਮਾਂ ਵਿੱਚ ਮੁਕੰਮਲ ਕਰਨ ਲਈ ਮੌਕੇ ’ਤੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਾਰਚ:
ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਅਤੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਬੇਮੌਸਮੀ ਮੀਂਹ ਦੇ ਕਾਰਨ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਲਈ ਅੱਜ ਮੁਹਾਲੀ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ। ਮਾਨ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਫ਼ਸਲਾਂ ਦੇ ਮੁਆਵਜ਼ੇ ਲਈ ਗਿਰਦਾਵਰੀ ਦੇ ਹੁਕਮ ਦੇ ਦਿੱਤੇ ਜਾ ਚੁੱਕੇ ਹਨ। ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਬਾਰਸ਼ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ ’ਤੇ ਪਤਾ ਲਗਾਇਆ ਜਾ ਸਕੇ।
ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਫਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜੇ ਫ਼ਸਲ ਦੀ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ 10 ਫੀਸਦੀ ਮੁਆਵਜ਼ਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਸਰਕਾਰ ਹਮੇਸ਼ਾ ਹੀ ਕਿਸਾਨਾਂ ਅਤੇ ਉਨ੍ਹਾਂ ਦੇ ਹੱਕਾਂ ਦੀ ਹਮਾਇਤੀ ਰਹੀ ਹੈ ਅਤੇ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕਈ ਯੋਗ ਕਦਮ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਲਗਾਤਾਰ ਬਰਸਾਤ ਖੜ੍ਹੀ ਕਣਕ ਅਤੇ ਹਾੜ੍ਹੀ ਦੀਆਂ ਹੋਰ ਫ਼ਸਲਾਂ ਲਈ ਨੁਕਸਾਨਦਾਇਕ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਤੇਜ ਹਵਾਵਾਂ ਅਤੇ ਗੜੇਮਾਰੀ ਨਾਲ ਆਈ ਬਾਰਸ਼ ਨੇ ਫ਼ਸਲਾਂ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ ਅਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਰੋਜੀ-ਰੋਟੀ ਨੂੰ ਸੱਟ ਮਾਰੀ ਹੈ। ਇਸ ਮੌਕੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮੰਤਰੀ ਨੂੰ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਗਿਰਦਾਵਰੀ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਵਿੱਚ ਇਹ ਕਾਰਜ ਮੁਕੰਮਲ ਕਰਨ ਲਈ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਲੇਟ-ਲਤੀਫ਼ੀ ਅਤੇ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਐਸਡੀਐਮ ਰਵਿੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…