10 ਫੀਸਦੀ ਬਿਜਲੀ ਰੇਟ ਵਧਾਉਣ ਨਾਲ ‘ਆਪ’ ਸਰਕਾਰ ਦਾ ਦੋਗਲਾ ਚਿਹਰਾ ਸਾਹਮਣੇ ਆਇਆ: ਕੁਲਜੀਤ ਬੇਦੀ

ਅੌਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਵੀ ਨਹੀਂ ਹੋਇਆ ਵਫ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਾਰਚ:
ਪੰਜਾਬ ਰਾਜ ਪਾਵਰਕੌਮ ਕਾਰਪੋਰੇਸ਼ਨ ਵੱਲੋਂ ਪੰਜਾਬ ਵਿੱਚ ਸਨਅਤਾਂ ਬਾਰੇ ਸਰਕੂਲਰ ਜਾਰੀ ਕਰਕੇ ਬਿਜਲੀ ਦਰਾਂ ਵਿੱਚ 10 ਫੀਸਦੀ ਦਾ ਵਾਧਾ ਕਰਨ ਦੀ ਨਿਖੇਧੀ ਕਰਦਿਆਂ ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਅਜਿਹਾ ਕਰਕੇ ਇਕ ਵਾਰ ਮੁੜ ਆਪਣਾ ਦੋਗਲਾ ਚਰਿੱਤਰ ਉਜਾਗਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਾਵਰਕੌਮ ਵੱਲੋਂ ਸਰਕੂਲਰ ਜਾਰੀ ਕਰਕੇ ਉਦਯੋਗਾਂ ਤੋਂ ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ ਅਨੁਸਾਰ 5.50 ਰੁਪਏ ਪ੍ਰਤੀ ਯੂਨਿਟ ਵਸੂਲੀ ਕਰਨ ਲਈ ਕਿਹਾ ਗਿਆ ਹੈ। ਇਹ ਨੀਤੀ 17 ਅਕਤੂਬਰ 2022 ਤੋਂ ਲਾਗੂ ਹੋਵੇਗੀ।
ਸ੍ਰੀ ਬੇਦੀ ਨੇ ਕਿਹਾ ਕਿ ਉਦਯੋਗਾਂ ਵਿੱਚ ਬਿਜਲੀ ਦੇ ਰੇਟਾਂ ਵਿੱਚ ਵਾਧਾ ਕਰਨ ਨਾਲ ਉਤਪਾਦਾਂ ਦੀ ਕੀਮਤ ਵਿੱਚ ਵੀ ਵਾਧਾ ਹੋਵੇਗਾ ਅਤੇ ਇਸ ਦਾ ਬੋਝ ਆਮ ਆਦਮੀ ਦੀ ਜੇਬ੍ਹ ਉਤੇ ਹੀ ਪਵੇਗਾ ਕਿਉੱਕਿ ਉਦਯੋਗਪਤੀ ਇਨ੍ਹਾਂ ਉਤਪਾਦਾਂ ਤੇ ਵੈਟ ਵਧਾਉਣ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਇਸ ਤਰਾਂ ਆਮ ਆਦਮੀ ਨੂੰ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਉਤੇ ਸਗੋਂ ਦੋਹਰਾ ਬੋਝ ਪਾਵੇਗੀ।
ਡਿਪਟੀ ਮੇਅਰ ਕੁਲਜੀਤ ਬੇਦੀ ਨੇ ਕਿਹਾ ਕਿ ਹਰ ਫਰੰਟ ਤੇ ਫੇਲ ਹੋ ਰਹੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਚੋਣ ਵਾਅਦੇ ਪੂਰੇ ਕਰਨ ਦੀ ਥਾਂ ਤੇ ਉਲਟਾ ਆਮ ਲੋਕਾਂ ਉਤੇ ਵਿੱਤੀ ਬੋਝ ਪਾਉਣ ਲੱਗ ਪਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ 18 ਸਾਲ ਤੋਂ ਉਪਰ ਦੀ ਹਰੇਕ ਮਹਿਲਾ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਤੱਕ ਇਹ ਵਾਅਦਾ ਵਫਾ ਨਹੀਂ ਹੋਇਆ ਜਦੋਂਕਿ ਸਰਕਾਰ ਨੂੰ ਇੱਕ ਸਾਲ ਤੋੱ ਵੱਧ ਦਾ ਸਮਾਂ ਹੋ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਵੀ ਬੇਹੱਦ ਤਣਾਅਪੂਰਨ ਹੋ ਚੁੱਕੀ ਹੈ। ਉਨ੍ਹਾਂ ਮੰਗ ਕੀਤੀ ਕਿ ਉਦਯੋਗਾਂ ਵਿੱਚ ਬਿਜਲੀ ਦੇ ਰੇਟਾਂ ਵਿੱਚ ਕੀਤਾ ਗਿਆ ਇਹ ਵਾਧਾ ਤੁਰੰਤ ਵਾਪਸ ਲਿਆ ਜਾਵੇ ਅਤੇ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹੋਏ ਆਪਣੇ ਵਾਅਦੇ ਪੂਰੇ ਕਰੇ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…