ਪੱਕਾ ਮੋਰਚਾ: ਸਿੱਖਾਂ ਦੇ ਜਥੇ ਵੱਲੋਂ ਮੁੱਖ ਮੰਤਰੀ ਦੀ ਸਰਕਾਰੀ ਕੋਠੀ ਵੱਲ ਕੂਚ ਕਰਨ ਦਾ ਯਤਨ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੁਹਾਲੀ ਵਿੱਚ ਦੂਜੇ ਦਿਨ ਕੀਤਾ ਰੋਸ ਮਾਰਚ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਪਰੈਲ:
ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਸਿੱਖ ਮਸਲਿਆਂ ਬਾਰੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪੱਕਾ ਮੋਰਚਾ ਜਾਰੀ ਹੈ। ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਦੀ ਆਪ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦੇ ਹੋਏ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ੀ ਵੱਲ ਕੂਚ ਕਰਨ ਦਾ ਯਤਨ ਕੀਤਾ ਲੇਕਿਨ ਮੁਹਾਲੀ ਤੇ ਯੂਟੀ ਪੁਲੀਸ ਨੇ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਦਾ ਰਾਹ ਰੋਕ ਲਿਆ। ਜਿਸ ਕਾਰਨ ਉਹ ਉੱਥੇ ਹੀ ਸੜਕ ਉੱਤੇ ਧਰਨਾ ਲਗਾ ਕੇ ਬੈਠ ਕੇ ਵਾਹਿਗੁਰੂ ਦਾ ਜਾਪ ਸ਼ੁਰੂ ਕਰ ਦਿੱਤਾ। ਬਾਅਦ ਵਿੱਚ ਇਹ ਸਾਰੇ ਮੁੜ ਪੱਕੇ ਮੋਰਚੇ ਵਾਲੀ ਥਾਂ ’ਤੇ ਆ ਗਏ।
ਉਧਰ, ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਰਾਣਾ ਰਣਬੀਰ ਸਿੰਘ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨ-ਮਜ਼ਦੂਰਾਂ ਅਤੇ ਬੀਬੀਆਂ ਨੇ ਦੂਜੇ ਦਿਨ ਮੁਹਾਲੀ ਵਿੱਚ ਰੋਸ ਮਾਰਚ ਕੀਤਾ। ਉਨ੍ਹਾਂ ਨੇ ਕਿਸਾਨਾਂ ਦੀਆਂ ਬਕਾਇਆਂ ਮੰਗਾਂ ਦਾ ਮੁੱਦਾ ਚੁੱਕਦਿਆਂ ਕੇਂਦਰ ਸਰਕਾਰ ਨੂੰ ਰੱਜ ਕੇ ਕੋਸਿਆ।
ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਰਮਨਜੀਤ ਸਿੰਘ ਬਡਾਲਾ ਨੇ ਕਿਹਾ ਕਿ ਉਮਰ ਕੈਦ ਤੋਂ ਵੀ ਦੁੱਗਣੀਆਂ ਸਜ਼ਾਵਾਂ ਭੁਗਤ ਚੁੱਕੇ ਸਿੱਖ ਕੈਦੀਆਂ ਨੂੰ ਤੁਰੰਤ ਰਿਹਾਅ ਕਰਨ ਸਮੇਤ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ 328 ਸਰੂਪਾਂ, ਬੇਅਦਬੀ, ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਮਾਮਲਿਆਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਸੂਬਾ ਆਗੂ ਸਰਵਣ ਸਿੰਘ ਪੰਧੇਰ ਅਤੇ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਬੰਦੀ ਸਿੱਖਾਂ ਦੇ ਨਾਲ-ਨਾਲ ਗੈਰਜਮਹੂਰੀ ਢੰਗ ਨਾਲ ਫੜ ਕੇ ਜੇਲ੍ਹਾਂ ਵਿੱਚ ਬੰਦ ਕੀਤੇ ਬੁੱਧੀਜੀਵੀ, ਪੱਤਰਕਾਰ ਅਤੇ ਸਮਾਜ ਸੇਵੀ ਕਾਰਕੁਨਾਂ ਨੂੰ ਰਿਹਾਅ ਕੀਤਾ ਜਾਵੇ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਪੱਕੇ ਮੋਰਚੇ ਦੀ ਹਮਾਇਤ ਦਾ ਐਲਾਨ ਕਰਦੇ ਹੋਏ ਸਾਰੇ ਵਰਗਾਂ ਨੂੰ ਮਨੁੱਖੀ ਅਧਿਕਾਰਾਂ ਦੀ ਸਾਂਝੀ ਲੜਾਈ ਲੜਨੀ ਚਾਹੀਦੀ ਹੈ।
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ, ਕੰਵਰਦਲੀਪ ਸੈਦੋਲੇਹਲ, ਜ਼ਿਲ੍ਹਾ ਅੰਮ੍ਰਿਤਸਰ ਦੇ ਸਕੱਤਰ ਗੁਰਲਾਲ ਮਾਨ ਨੇ ਕਿਹਾ ਕਿ ਆਪ ਸਰਕਾਰ ਬੇਮੌਸਮੀ ਬਾਰਸ਼ ਨਾਲ ਨੁਕਸਾਨੀਆਂ ਫ਼ਸਲਾਂ ਦੀ ਗਿਰਦਾਵਰੀਆਂ ਦੇ ਮਾਮਲੇ ਵਿੱਚ 60 ਫੀਸਦੀ ਕੰਮ ਨੇਪਰੇ ਚਾੜ੍ਹਨ ਬਾਰੇ ਨਿਰਾ ਝੂਠ ਬੋਲ ਰਹੀ ਹੈ ਜਦਕਿ ਜ਼ਮੀਨੀ ਹਕੀਕਤ ਕੋਹਾਂ ਦੂਰ ਹੈ। ਉਨ੍ਹਾਂ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਗਲਤ ਅੰਕੜੇ ਪੇਸ਼ ਕਰਕੇ ਲੋਕਾਂ ਨੂੰ ਗੁਮਰਾਹ ਕਰਨ ਤੋਂ ਗੁਰੇਜ਼ ਕੀਤਾ ਜਾਵੇ ਅਤੇ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਸਮੇਂ ਕੁਆਲਿਟੀ ਕੱਟ ਨਾ ਲਾਇਆ ਜਾਵੇ।

ਇਸ ਮੌਕੇ ਬਲਦੇਵ ਸਿੰਘ ਬੱਗਾ, ਦਿਆਲ ਸਿੰਘ ਮੀਆਂਵਿੰਡ, ਇੰਦਰਜੀਤ ਸਿੰਘ ਫਿਰੋਜ਼ਪੁਰ, ਸੁਖਮੰਦਰ ਸਿੰਘ ਕਿਸ਼ਨਪੁਰਾ, ਕੰਧਾਰ ਸਿੰਘ ਭੋਏਵਾਲ, ਸੁਖਦੇਵ ਸਿੰਘ ਚਾਟੀਵਿੰਡ, ਮੇਹਰ ਸਿੰਘ ਤਲਵੰਡੀ, ਕੁਲਦੀਪ ਸਿੰਘ ਹੁਸ਼ਿਆਰਪੁਰ, ਰਸ਼ਪਾਲ ਸਿੰਘ ਗੱਟਾ ਬਾਦਸ਼ਾਹ, ਇਕਬਾਲ ਸਿੰਘ ਵੜਿੰਗ, ਸੁੱਚਾ ਸਿੰਘ ਅਤੇ ਹੋਰ ਕਿਸਾਨ-ਮਜ਼ਦੂਰ ਅਤੇ ਬੀਬੀਆਂ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…