2100 ਵਿਦਿਆਰਥੀਆਂ ਨੂੰ ਚੋਣਵੇਂ ਸੱਤ ਕੋਰਸਾਂ ਲਈ ਸਿਖਲਾਈ ਦਿੱਤੀ ਜਾਵੇਗੀ: ਅਮਨ ਅਰੋੜਾ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਆਈਟੀ ਸਿਟੀ ਮੁਹਾਲੀ ਤੋਂ ‘ਪਰਿਵਰਤਨ’ ਸਕੀਮ ਦਾ ਆਗਾਜ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਪਰੈਲ:
ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਤਹਿਤ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਨੌਕਰੀਆਂ ਦੇ ਯੋਗ ਬਣਾਉਣ ਲਈ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ‘ਪਰਿਵਰਤਨ’ ਸਕੀਮ ਦੀ ਸ਼ੁਰੂਆਤ ਕੀਤੀ। ਇਸ ਸਕੀਮ ਤਹਿਤ ਵਿਦਿਆਰਥੀਆਂ ਨੂੰ ਜ਼ਿਆਦਾ ਮੰਗ ਵਾਲੇ ਚੋਣਵੇਂ ਸੱਤ ਕੋਰਸਾਂ (ਜੌਬ ਰੋਲਜ਼) ਲਈ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਅਲਫਾ ਆਈਟੀ ਸਿਟੀ ਮੁਹਾਲੀ ਵਿਖੇ ਸਿਖਲਾਈ ਦੇਣ ਲਈ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇੱਕ ਵਿਸ਼ੇਸ਼ ਕੇਂਦਰ ਸਥਾਪਿਤ ਕੀਤਾ ਗਿਆ ਹੈ।
ਇਸ ਤੋਂ ਬਾਅਦ ਅਮਨ ਅਰੋੜਾ ਨੇ ਇਸ ਸੈਂਟਰ ਦਾ ਬਰੀਕੀ ਨਾਲ ਨਿਰੀਖਣ ਕੀਤਾ ਅਤੇ ਉੱਥੇ ਸਿਖਲਾਈ ਪ੍ਰਾਪਤ ਕਰ ਰਹੇ ਨੌਜਵਾਨਾਂ ਨਾਲ ਵੀ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਇਸ ਤਰ੍ਹਾਂ ਦੀਆਂ ਸਕੀਮਾਂ ਸਮੇਂ ਦੀ ਲੋੜ ਹਨ। ਉਨ੍ਹਾਂ ਕਿਹਾ ਕਿ ਇਹ ਉਦਯੋਗਾਂ ਨੂੰ ਹੁਨਰਮੰਦ ਮਨੁੱਖੀ ਸ਼ਕਤੀ ਪ੍ਰਦਾਨ ਕਰਨ ਵਿੱਚ ਵੀ ਸਹਾਈ ਸਿੱਧ ਹੋਵੇਗਾ।
ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦੇ ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਨੌਜਵਾਨਾਂ ਨੂੰ ਸੱਤ ਸਿਖਲਾਈ ਕੋਰਸਾਂ ਵਿੱਚ ਸਿਖਲਾਈ ਦਿੱਤੀ ਜਾਵੇਗੀ, ਜਿਸ ਵਿੱਚ ਜਨਰਲ ਡਿਊਟੀ ਅਸਿਸਟੈਂਟ, ਮੈਡੀਕਲ ਲੈਬ ਟੈਕਨੀਸ਼ੀਅਨ, ਹਸਪਤਾਲ ਫਰੰਟ ਡੈਸਕ ਐਗਜ਼ੀਕਿਊਟਿਵ, ਰਿਟੇਲ ਸੇਲਜ਼ ਐਸੋਸੀਏਟ-ਕਮ-ਕੈਸ਼ੀਅਰ, ਅਕਾਊਂਟ ਐਗਜ਼ੀਕਿਊਟਿਵ, ਜੂਨੀਅਰ ਸਾਫ਼ਟਵੇਅਰ ਡਿਵੈਲਪਰ, ਸਰਚ ਇੰਜਨ ਮਾਰਕੀਟਿੰਗ ਐਗਜ਼ੀਕਿਊਟਿਵ ਸ਼ਾਮਲ ਹਨ।
ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਦਸਵੀਂ ਅਤੇ ਬਾਰ੍ਹਵੀਂ ਪਾਸ (ਕੋਰਸ ਅਨੁਸਾਰ) ਵਿਦਿਆਰਥੀ ਇਸ ਸਕੀਮ ਅਧੀਨ ਆਪਣੇ ਆਪ ਨੂੰ ਰਜਿਸਟਰ ਅਤੇ ਸਰਟੀਫਾਈਡ ਕਰਵਾ ਸਕਦੇ ਹਨ। ਪੀਐਸਡੀਐਮ ਦੀ ਸੀਐਸਆਰ ਸਕੀਮ ਤਹਿਤ ਸੂਬੇ ਭਰ ਦੇ 2100 ਵਿਦਿਆਰਥੀਆਂ ਨੂੰ ਇਹ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ। ਸਿਖਲਾਈ ਤੋਂ ਬਾਅਦ ਉਮੀਦਵਾਰਾਂ ਨੂੰ ਉਨ੍ਹਾਂ ਦੇ ਕੋਰਸ ਲਈ ਕੌਮੀ ਹੁਨਰ ਵਿਕਾਸ ਨਿਗਮ (ਐਨਐਸਡੀਸੀ) ਤਹਿਤ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਕੋਰਸ ਦਾ ਪਾਠਕ੍ਰਮ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (ਐਨਐਸਕਿਊਐਫ਼) ਅਨੁਸਾਰ ਹੋਵੇਗਾ।
ਉਨ੍ਹਾਂ ਕਿਹਾ ਕਿ ਵਿਭਾਗ ਹੁਨਰ ਵਿਕਾਸ ਸਕੀਮਾਂ ਬਣਾਉਣ ਅਤੇ ਚਲਾਉਣ ਲਈ ਇਸ ਮਿਸ਼ਨ ਨੂੰ ਸਰਕਾਰ ਲਈ ਸੰਪਰਕ ਦਾ ਸਿੰਗਲ ਪੁਆਇੰਟ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਜ਼ਿਕਰਯੋਗ ਹੈ ਕਿ ਪਰਿਵਰਤਨ ਸਕੀਮ, ਜੋ ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਐਚਡੀਐਫ਼ਸੀ ਬੈਂਕ ਲਿਮਟਿਡ ਦੀ ਇੱਕ ਪਹਿਲਕਦਮੀ ਹੈ, ਨੂੰ ਟਰੇਨਿੰਗ ਪਾਰਟਨਰ ਮੈਸਰਜ਼ ਓਰੀਅਨ ਐਜੂਕੇਸ਼ਨਲ ਸੁਸਾਇਟੀ ਰਾਹੀਂ ਲਾਗੂ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…