ਨੌਕਰੀ ਤੋਂ ਫ਼ਾਰਗ ਕੀਤੇ ਫਾਇਰ ਬ੍ਰਿਗੇਡ ਦੇ 35 ਕਰਮਚਾਰੀ ਮੁੜ ਬਹਾਲ, ਲੱਡੂ ਵੰਡੇ

ਬਾਕੀ ਰਹਿੰਦੇ ਠੇਕਾ ਕਰਮਚਾਰੀ ਵੀ ਜਲਦੀ ਮੁੜ ਕੰਮ ’ਤੇ ਪਰਤਣਗੇ: ਵਿਨੀਤ ਵਰਮਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਪਰੈਲ:
ਆਮ ਆਦਮੀ ਪਾਰਟੀ (ਆਪ) ਦੇ ਬੁਲਾਰੇ ਅਤੇ ਵਪਾਰ ਮੰਡਲ ਦੇ ਸੂਬਾ ਪ੍ਰਧਾਨ ਵਿਨੀਤ ਵਰਮਾ ਦੀ ਪਹਿਲਕਦਮੀ ਸਦਕਾ ਪੰਜਾਬ ਸਰਕਾਰ ਵੱਲੋਂ ਮੁਹਾਲੀ ਨਗਰ ਨਿਗਮ ਵਿੱਚ ਠੇਕਾ ਪ੍ਰਣਾਲੀ ਅਧੀਨ ਕੰਮ ਕਰਦੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਦਾ ਦੁਬਾਰਾ ਠੇਕਾ ਬਹਾਲ ਕਰ ਦਿੱਤਾ ਗਿਆ ਹੈ। ਜਿਸ ਨਾਲ ਨੌਜਵਾਨਾਂ ਨੂੰ ਵੱਡੀ ਰਾਹਤ ਮਿਲੀ ਹੈ। ਨਗਰ ਨਿਗਮ ਨੇ ਠੇਕੇਦਾਰ ਕੰਪਨੀ ਨਾਲ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਦਾ ਐਗਰੀਮੈਂਟ ਇੱਕ ਸਾਲ ਲਈ ਹੋਰ ਅੱਗੇ ਵਧਾ ਦਿੱਤਾ ਹੈ। ਜਿਸ ਕਾਰਨ ਕਰੀਬ 35 ਕਰਮਚਾਰੀ ਮੁੜ ਕੰਮ ’ਤੇ ਪਰਤ ਆਏ ਹਨ।
ਇਨ੍ਹਾਂ ਵਿੱਚ ਠੇਕਾ ਕਰਮਚਾਰੀ ਰਜਿੰਦਰ ਪਾਲ ਸਿੰਘ, ਰਵਿੰਦਰ ਸਿੰਘ, ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਇੰਦਰਜੀਤ ਸਿੰਘ, ਰਾਹੁਲ, ਵਿਜੈ ਸ਼ੰਕਰ, ਅਸ਼ੋਕ ਕੁਮਾਰ, ਭੁਪਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਦਵਿੰਦਰ ਸਿੰਘ, ਵਰਿੰਦਰ ਸਿੰਘ, ਮਨਦੀਪ ਸਿੰਘ, ਅਮਨਜੋਤ ਸਿੰਘ, ਸਿਮਰਨ ਸਿੰਘ, ਮਨਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਅਮਨਦੀਪ ਸਿੰਘ, ਜਸਪ੍ਰੀਤ ਸਿੰਘ ਅਤੇ ਰਾਜਵੀਰ ਸਿੰਘ (ਸਾਰੇ ਫਾਇਰਮੈਨ) ਅਤੇ ਜਸਪ੍ਰੀਤ ਸਿੰਘ, ਅਮਰਜੀਤ ਸਿੰਘ, ਸਤਪਾਲ ਸਿੰਘ, ਕਮਲਜੀਤ ਸਿੰਘ (ਸਾਰੇ ਡਰਾਈਵਰ) ਅਤੇ ਹੋਰ ਸ਼ਾਮਲ ਹਨ। ਇਨ੍ਹਾਂ ਕਰਮਚਾਰੀਆਂ ਨੇ ਅੱਜ ਆਪ ਆਗੂ ਵਿਨੀਤ ਵਰਮਾ ਨੇ ਦਫ਼ਤਰ ਵਿੱਚ ਪਹੁੰਚ ਕੇ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਲੱਡੂ ਵੰਡੇ।
ਜਾਣਕਾਰੀ ਅਨੁਸਾਰ ਮੈਨ ਪਾਵਰ ਸਪਲਾਈ ਕਰਨ ਵਾਲੀ ਪ੍ਰਾਈਵੇਟ ਕੰਪਨੀ ਦਾ ਐਗਰੀਮੈਂਟ ਬੀਤੀ 31 ਮਾਰਚ ਨੂੰ ਖ਼ਤਮ ਹੋ ਗਿਆ ਸੀ ਅਤੇ ਨਵਾਂ ਐਗਰੀਮੈਂਟ ਨਾ ਹੋਣ ਕਾਰਨ ਨਗਰ ਨਿਗਮ ਨੇ ਬੀਤੇ ਦਿਨੀਂ ਲਗਪਗ 150 ਤੋਂ ਵੱਧ ਠੇਕਾ ਕਰਮਚਾਰੀਆਂ ਨੂੰ ਨੌਕਰੀ ਤੋਂ ਫ਼ਾਰਗ ਕਰ ਦਿੱਤਾ ਸੀ। ਆਪਣੇ ਪਰਿਵਾਰਾਂ ਦੇ ਪਾਲਣ-ਪੋਸਣ ਕਰਨ ਦੀ ਦੁਹਾਈ ਦੇ ਕੇ ਉਨ੍ਹਾਂ ਦੀਆਂ ਸੇਵਾਵਾਂ ਨਿਰੰਤਰ ਜਾਰੀ ਰੱਖਣ ਦੀ ਗੁਹਾਰ ਲਗਾਈ ਗਈ ਸੀ ਲੇਕਿਨ ਕਿਸੇ ਨੇ ਉਨ੍ਹਾਂ ਦੀ ਬਾਂਹ ਨਹੀਂ ਫੜੀ। ਜਿਸ ਕਾਰਨ ਨੌਕਰੀ ਤੋਂ ਫ਼ਾਰਗ ਕੀਤੇ ਪੀੜਤ ਕਰਮਚਾਰੀਆਂ ਨੇ ਰੋਸ ਪ੍ਰਦਰਸ਼ਨ ਕੀਤਾ। ਉਪਰੰਤ ਆਮ ਆਦਮੀ ਪਾਰਟੀ ਦੇ ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਵਿਨੀਤ ਵਰਮਾ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਦੇ ਕੇ ਨੌਕਰੀ ’ਤੇ ਬਹਾਲ ਕਰਵਾਉਣ ਦੀ ਮੰਗ ਕੀਤੀ।
ਵਿਨੀਤ ਵਰਮਾ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਸਥਾਨਕ ਸਰਕਾਰਾਂ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਗੱਲ ਕਰਕੇ ਸਮੁੱਚੇ ਮਾਮਲੇ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਦੇ ਕਰੀਬ ਤਿੰਨ ਦਰਜਨ ਕਰਮਚਾਰੀਆਂ ਦਾ ਤਰਸ ਦੇ ਆਧਾਰ ’ਤੇ ਐਗਰੀਮੈਂਟ ਇੱਕ ਸਾਲ ਲਈ ਹੋਰ ਵਧਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਹਾੜੀ ਦੇ ਸੀਜ਼ਨ ਵਿੱਚ ਕਣਕ ਦੀ ਵਾਢੀ ਦੌਰਾਨ ਅੱਗ ਲੱਗਣ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਦੀ ਬਹਾਲੀ ਬਹੁਤ ਜ਼ਰੂਰੀ ਸੀ। ਕਿਉਂਕਿ ਹੁਣ ਤੱਕ ਕਈ ਥਾਵਾਂ ’ਤੇ ਅੱਗ ਲੱਗ ਚੁੱਕੀ ਹੈ ਜਦੋਂਕਿ ਉਕਤ ਕਰਮਚਾਰੀਆਂ ਨੂੰ ਫ਼ਾਰਗ ਕਰਨ ਨਾਲ ਫਾਇਰ ਬ੍ਰਿਗੇਡ ਦਾ ਵਿਹੜਾ ਖਾਲੀ ਹੋ ਗਿਆ ਸੀ।
ਆਪ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਨਿਯਮਾਂ ਅਨੁਸਾਰ ਬਾਕੀ ਰਹਿੰਦੇ ਕਰਮਚਾਰੀਆਂ ਦੀਆਂ ਸੇਵਾਵਾਂ ਵੀ ਜਲਦੀ ਬਹਾਲ ਕੀਤੀਆਂ ਜਾਣਗੀਆਂ। ਉਂਜ ਉਨ੍ਹਾਂ ਦੱਸਿਆ ਕਿ ਬੀਤੀ 10 ਅਪਰੈਲ ਨੂੰ ਪੰਜਾਬ ਸਰਕਾਰ ਨੇ ਸਮੂਹ ਬੋਰਡ ਅਤੇ ਕਾਰਪੋਰੇਸ਼ਨਾਂ ਨੂੰ ਪੱਤਰ ਲਿਖ ਕੇ ਆਖਿਆ ਸੀ ਕਿ 31 ਮਾਰਚ ਨੂੰ ਜਿਨ੍ਹਾਂ ਠੇਕਾ ਮੁਲਾਜ਼ਮਾਂ ਦਾ ਐਗਰੀਮੈਂਟ ਖ਼ਤਮ ਹੋ ਗਿਆ ਹੈ। ਸਬੰਧਤ ਵਿਭਾਗ ਦਫ਼ਤਰੀ ਕੰਮ ਚਲਾਉਣ ਲਈ ਆਪਣੇ ਪੱਧਰ ’ਤੇ ਉਨ੍ਹਾਂ ਨੂੰ ਕੰਮ ’ਤੇ ਰੱਖ ਸਕਦੇ ਹਨ।

Load More Related Articles
Load More By Nabaz-e-Punjab
Load More In General News

Check Also

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ ਨਬਜ਼-ਏ-ਪੰਜਾਬ, ਮੁਹਾਲੀ, 5 ਅਕ…