ਐਸਸੀ ਸਰਟੀਫਿਕੇਟਾਂ ਦਾ ਮਾਮਲਾ: ਰਿਆਤ ਐਂਡ ਬਾਹਰਾ ਯੂਨੀਵਰਸਿਟੀ ਦਾ ਘਿਰਾਓ ਕਰਨ ਦਾ ਐਲਾਨ

ਦਲਿਤ ਵਿਦਿਆਰਥੀਆਂ ਦੇ ਸਰਟੀਫਿਕੇਟ ਦਿਵਾਉਣ ਲਈ ਡੀਸੀ ਨੂੰ ਦਿੱਤਾ ਮੰਗ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਪਰੈਲ:
ਪੰਜਾਬ ਸਟੂਡੈਂਟਸ ਯੂਨੀਅਨ ਨੇ ਦਲਿਤ ਵਿਦਿਆਰਥੀਆਂ ਦੀਆਂ ਡਿਗਰੀਆਂ ਲੈਣ ਅਤੇ ਰਿਆਤ ਐਂਡ ਬਾਹਰਾ ਯੂਨੀਵਰਸਿਟੀ ਮੈਨੇਜਮੈਂਟ ਵਿਰੁੱਧ ਐਸਸੀ\ਐਸਟੀ ਐਕਟ ਤਹਿਤ ਪਰਚਾ ਦਰਜ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਨੌਜਵਾਨਾਂ ਦਾ ਵਫ਼ਦ ਮੁਹਾਲੀ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੂੰ ਮਿਲਿਆ ਅਤੇ ਮੰਗ ਪੱਤਰ ਦੇ ਰੂਪ ਵਿੱਚ ਸ਼ਿਕਾਇਤ ਦਿੱਤੀ। ਨੌਜਵਾਨਾਂ ਨੇ ਮਈ ਦੇ ਪਹਿਲੇ ਹਫ਼ਤੇ ਯੂਨੀਵਰਸਿਟੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।
ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ਰਣਵੀਰ ਸਿੰਘ ਰੰਧਾਵਾ ਨੇ ਕਿਹਾ ਕਿ ਰਿਆਤ ਐਂਡ ਬਾਹਰਾ ਯੂਨੀਵਰਸਿਟੀ ਵੱਲੋਂ ਸੈਂਕੜੇ ਦਲਿਤ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕ ਕੇ ਰੱਖੀਆਂ ਹੋਈਆਂ ਹਨ। ਯੂਨੀਵਰਸਿਟੀ ਵੱਲੋਂ ਕਿਹਾ ਜਾ ਰਿਹਾ ਹੈ ਕਿ ਪੀੜਤ ਦਲਿਤ ਵਿਦਿਆਰਥੀ ਪਹਿਲਾਂ ਆਪਣੀਆਂ ਫੀਸਾਂ ਜਮਾਂ ਕਰਵਾਉਣ ਤੱਦ ਹੀ ਡਿਗਰੀਆਂ ਦਿੱਤੀਆਂ ਜਾਣਗੀਆਂ। ਜਦੋਂਕਿ ਪੰਜਾਬ ਸਰਕਾਰ ਅਤੇ ਹਾਈ ਕੋਰਟ ਦੇ ਸਪੱਸ਼ਟ ਹੁਕਮਾਂ ਅਨੁਸਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਪੜਾਈ ਕਰ ਰਹੇ ਦਲਿਤ ਵਿਦਿਆਰਥੀਆਂ ਦੇ ਸਰਟੀਫਿਕੇਟ ਅਤੇ ਡਿਗਰੀ ਜੇਕਰ ਕਿਸੇ ਕਾਲਜ ਜਾਂ ਯੂਨੀਵਰਸਿਟੀ ਵੱਲੋਂ ਰੋਕੀ ਗਈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੀੜਤ ਨੌਜਵਾਨਾਂ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਵੱਲੋਂ ਪੰਜਾਬ ਸਿਵਲ ਸਕੱਤਰੇਤ ਸਮੇਤ ਸਮੂਹ ਸਰਕਾਰੀ ਦਫ਼ਤਰਾਂ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀਆਂ ਫੋਟੋਆਂ ਲਗਾਉਣ ਦੇ ਹੁਕਮ ਚਾੜੇ ਗਏ ਹਨ, ਪ੍ਰੰਤੂ ਦੂਜੇ ਪਾਸੇ ਦਲਿਤ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀਆਂ ਪ੍ਰਾਈਵੇਟ ਸੰਸਥਾਵਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਦਲਿਤ ਵਿਦਿਆਰਥੀਆਂ ਦੇ ਸਰਟੀਫਿਕੇਟ ਅਤੇ ਡਿਗਰੀਆਂ ਤੁਰੰਤ ਜਾਰੀ ਕੀਤੀਆਂ ਜਾਣ ਤਾਂ ਜੋ ਵਿਦਿਆਰਥੀ ਅੱਗੇ ਆਪਣੀ ਪੜਾਈ ਜਾਰੀ ਰੱਖ ਸਕਣ। ਨੌਜਵਾਨਾਂ ਨੇ ਮੰਗ ਕੀਤੀ ਕਿ ਰਿਆਤ ਐਂਡ ਬਾਹਰਾ ਯੂਨੀਵਰਸਿਟੀ ਮੈਨੇਜਮੈਂਟ ਵਿਰੁੱਧ ਐਸਸੀ\ਐਸਟੀ ਐਕਟ ਅਧੀਨ ਪਰਚਾ ਦਰਜ ਕੀਤਾ ਜਾਵੇ। ਪੀਐਸਯੂ ਦੇ ਜ਼ਿਲ੍ਹਾ ਪ੍ਰਧਾਨ ਰਾਣਾ ਪ੍ਰਤਾਪ ਰੰਗੀਲਪੁਰ ਅਤੇ ਜ਼ਿਲ੍ਹਾ ਆਗੂ ਮਨਪ੍ਰੀਤ ਕੌਰ ਨੇ ਕਿਹਾ ਕਿ ਦਲਿਤ ਵਿਰੋਧੀ ਮੈਨੇਜਮੈਂਟ ਖ਼ਿਲਾਫ਼ ਮਈ ਦੇ ਪਹਿਲੇ ਹਫ਼ਤੇ ਯੂਨੀਵਰਸਿਟੀ ਦਾ ਘਿਰਾਓ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਕਈ ਹੋਰਨਾਂ ਕਾਲਜਾਂ ਅਤੇ ਯੂਨੀਵਰਸਿਟੀਆਂ ਵੱਲੋਂ ਵੀ ਦਲਿਤ ਵਿਦਿਆਰਥੀਆਂ ਨਾਲ ਵਧੀਕੀਆਂ ਕੀਤੀਆਂ ਜਾ ਰਹੀਆਂ ਹਨ। ਸਕਾਲਰਸ਼ਿਪ ਘੁਟਾਲੇ ਤੋਂ ਬਾਅਦ ਕਾਲਜ ਪ੍ਰਬੰਧਕਾਂ ਨੇ ਗਰੀਬ ਵਰਗ ਦੇ ਬੱਚਿਆਂ ਨੂੰ ਪੜ੍ਹਾਈ ਉਪਰੰਤ ਦਿੱਤੀਆਂ ਜਾਣ ਵਾਲੀਆਂ ਡਿਗਰੀਆਂ ਰੋਕੇ ਜਾਣ ਬਾਰੇ ਪਤਾ ਲੱਗਾ ਹੈ। ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਨੂੰ ਫੀਸਾਂ ਜਮ੍ਹਾ ਕਰਵਾਉਣ ਜਾਂ ਚੈੱਕ ਦੇਣ ਲਈ ਜ਼ੋਰ ਪਾਇਆ ਜਾ ਰਿਹਾ ਹੈ।
ਉਧਰ, ਇਸ ਸਬੰਧੀ ਰਿਆਤ ਐਂਡ ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਅਦਾਰੇ ਵੱਲੋਂ ਕਿਸੇ ਦਲਿਤ ਵਿਦਿਆਰਥੀ ਦਾ ਦਸਤਾਵੇਜ਼ ਨਹੀਂ ਰੋਕਿਆ ਗਿਆ। ਉਲਟਾ ਉਹ ਅਜਿਹੇ ਸਬੰਧਤ ਮਾਮਲਿਆਂ ਨੂੰ ਬੜੀ ਤੇਜ਼ੀ ਨਾਲ ਅਟੈਂਡ ਕਰਦੇ ਹਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…