ਵਿਜੀਲੈਂਸ ਨੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਤੋਂ ਕੀਤੀ 8 ਘੰਟੇ ਪੁੱਛਗਿੱਛ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਅੱਗੇ ਪੇਸ਼ ਹੋਏ ਬਲਬੀਰ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਪਰੈਲ:
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸ਼ੁੱਕਰਵਾਰ ਨੂੰ ਇੱਥੋਂ ਦੇ ਸੈਕਟਰ-68 ਸਥਿਤ ਵਿਜੀਲੈਂਸ ਭਵਨ ਵਿੱਚ ਜਾਂਚ ’ਚ ਸ਼ਾਮਲ ਹੋਏ। ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਗਏ ਸਨ। ਸਿੱਧੂ ਸਵੇਰੇ 10 ਵਜੇ ਹੀ ਵਿਜੀਲੈਂਸ ਦੇ ਮੁੱਖ ਦਫ਼ਤਰ ਪਹੁੰਚ ਗਏ ਸੀ। ਜਿੱਥੇ ਵਿਜੀਲੈਂਸ ਵੱਲੋਂ ਉਨ੍ਹਾਂ ਤੋਂ ਦੇਰ ਸ਼ਾਮ ਤੱਕ ਕਰੀਬ ਸਾਢੇ 8 ਘੰਟੇ ਤੋਂ ਵੱਧ ਲੰਬੀ ਪੁੱਛਗਿੱਛ ਕੀਤੀ ਗਈ। ਸਿੱਧੂ ਸ਼ਾਮ ਨੂੰ ਕਰੀਬ ਸਾਢੇ 6 ਵਜੇ ਵਿਜੀਲੈਂਸ ਭਵਨ ’ਚੋਂ ਬਾਹਰ ਆਏ।
ਸਿੱਧੂ ’ਤੇ ਕਾਂਗਰਸ ਸਰਕਾਰ ਵਿੱਚ ਕੈਬਨਿਟ ਮੰਤਰੀ ਹੋਣ ਸਮੇਂ ਮੁਹਾਲੀ, ਰੂਪਨਗਰ, ਬਰਨਾਲਾ ਅਤੇ ਬਠਿੰਡਾ ਜ਼ਿਲ੍ਹਿਆਂ ਸਣੇ ਚੰਡੀਗੜ੍ਹ ਵਿੱਚ ਆਮਦਨ ਤੋਂ ਵੱਧ ਬਹੁ-ਕਰੋੜੀ ਜਾਇਦਾਦਾਂ ਬਣਾਉਣ ਦਾ ਦੋਸ਼ ਹੈ। ਪੰਜਾਬ ਵਿੱਚ ਸਤਾ ਪਰਿਵਰਤਨ ਤੋਂ ਬਾਅਦ ਸਿੱਧੂ ਭਰਾ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸੀ। ਸਰਕਾਰ ਸਿੱਧੂ ਦੇ ਛੋਟੇ ਭਰਾ ਅਤੇ ਪੰਜਾਬ ਵਿੱਚ ਭਾਜਪਾ ਦੇ ਇਕਲੌਤੇ ਮੇਅਰ ਜੀਤੀ ਸਿੱਧੂ ਦੇ ਪੈਰਾਂ ਵਿੱਚ ਕਾਨੂੰਨ ਦੀਆਂ ਬੇੜੀਆਂ ਪਾਉਣ ਦੀ ਤਿਆਰੀ ’ਚ ਹੈ। ਮੇਅਰ ਖ਼ਿਲਾਫ਼ ਵੀ ਵੱਖਰੇ ਤੌਰ ’ਤੇ ਜਾਂਚ ਜਾਰੀ ਹੈ। ਸੂਬਾ ਸਰਕਾਰ ਨੇ ਸਿੱਧੂ ਭਰਾਵਾਂ ਖ਼ਿਲਾਫ਼ ਨਵੰਬਰ 2022 ਵਿੱਚ ਹੀ ਉੱਚ ਪੱਧਰੀ ਜਾਂਚ ਨੂੰ ਹਰੀ ਝੰਡੀ ਦੇ ਦਿੱਤੀ ਸੀ। ਵਿਜੀਲੈਂਸ ਅਨੁਸਾਰ ਸਿੱਧੂ ਭਰਾਵਾਂ ਨੇ ਸਿਆਸੀ ਰਸੂਖ਼ ਦੀ ਕਥਿਤ ਦੁਰਵਰਤੋਂ ਕਰਕੇ ਮੁਹਾਲੀ ਸਮੇਤ ਦੂਜੇ ਜ਼ਿਲ੍ਹਿਆਂ ਵਿੱਚ ਜਾਇਦਾਦਾਂ ਬਣਾਈਆਂ ਹਨ।
ਸੂਤਰ ਦੱਸਦੇ ਹਨ ਕਿ ਵਿਜੀਲੈਂਸ ਨੇ ਸਿੱਧੂ ਤੋਂ ਉਕਤ ਸਾਰੇ ਤੱਥਾਂ ਬਾਰੇ ਪੁੱਛਗਿੱਛ ਕੀਤੀ ਗਈ ਹੈ। ਇਸ ਤੋਂ ਇਲਾਵਾ ਕਥਿਤ ਨਾਜਾਇਜ਼ ਖਣਨ ਅਤੇ ਕਰੈਸ਼ਰਾਂ ਬਾਰੇ ਵੀ ਪੁੱਛ ਪੜਤਾਲ ਕਰਨ ਬਾਰੇ ਪਤਾ ਲੱਗਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਨੇ ਸਿੱਧੂ ਅੱਗੇ ਸਵਾਲਾਂ ਦੀ ਝੜੀ ਲਗਾ ਦਿੱਤੀ। ਵਿਜੀਲੈਂਸ ਨੇ ਸਿੱਧੂ ਕੋਲੋਂ ਜਾਇਦਾਦਾਂ ਸਬੰਧੀ ਲਿਖਤੀ ਰੂਪ ਵਿੱਚ ਵੇਰਵਾ ਮੰਗਿਆ ਹੈ।
ਵਿਜੀਲੈਂਸ ਭਵਨ ’ਚੋਂ ਬਾਹਰ ਆਉਂਦੇ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਵਿਜੀਲੈਂਸ ਨੇ ਉਨ੍ਹਾਂ ਕੋਲੋਂ ਜਾਇਦਾਦਾਂ ਸਬੰਧੀ ਲਿਖਤੀ ਰੂਪ ਵਿੱਚ ਮੰਗਿਆ ਗਿਆ ਹੈ ਅਤੇ ਉਨ੍ਹਾਂ ਨੂੰ 5 ਮਈ ਨੂੰ ਦੁਬਾਰਾ ਪੇਸ਼ ਹੋਣ ਲਈ ਕਿਹਾ ਗਿਆ ਹੈ। ਉਂਜ ਸਿੱਧੂ ਨੇ ਏਨਾ ਜ਼ਰੂਰ ਕਿਹਾ ਕਿ ਉਹ ਵਿਜੀਲੈਂਸ ਦੇ ਪੁੱਛਗਿੱਛ ਕਰਨ ਦੇ ਢੰਗ ਤਰੀਕੇ ਤੋਂ ਖੁਸ਼ ਹਨ। ਜਦੋਂਕਿ ਜਾਂਚ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਸਿੱਧੂ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਵਿਜੀਲੈਂਸ ਦੀ ਉਕਤ ਕਾਰਵਾਈ ਨੂੰ ਸਿਆਸੀ ਪੈਂਤੜੇਬਾਜ਼ੀ ਦੱਸਦਿਆਂ ਕਿਹਾ ਕਿ ਉਸ ਦੀ ਤਮਾਮ ਜਾਇਦਾਦ ਰਿਕਾਰਡ ’ਤੇ ਹੈ। ਵਿਧਾਨ ਸਭਾ ਦੀ ਚੋਣਾਂ ਦੌਰਾਨ ਉਸ ਵੱਲੋਂ ਰਿਟਰਨਿੰਗ ਅਫ਼ਸਰ ਮੁਹਾਲੀ ਨੂੰ ਦਿੱਤੇ ਤਸਦੀਕਸ਼ੁਦਾ ਹਲਫ਼ਨਾਮੇ ਵਿੱਚ ਆਪਣੀ ਆਮਦਨ ਅਤੇ ਜਾਇਦਾਦ ਦਾ ਪੂਰਾ ਵੇਰਵਾ ਦਿੱਤਾ ਗਿਆ ਸੀ। ਵਿਜੀਲੈਂਸ ਜਦੋਂ ਮਰਜ਼ੀ ਚਾਹੇ ਸਬੰਧਤ ਦਸਤਾਵੇਜ਼ਾਂ ਦੀ ਡੂੰਘਾਈ ਨਾਲ ਪੜਤਾਲ ਕਰ ਸਕਦੀ ਹੈ ਕਿਉਂਕਿ ਉਨ੍ਹਾਂ ਹਲਫ਼ਨਾਮੇ ਵਿੱਚ ਕੋਈ ਵੀ ਗੱਲ ਲੁਕਾ ਛਪਾ ਕੇ ਨਹੀਂ ਰੱਖੀ ਗਈ ਹੈ।
ਸ੍ਰੀ ਸਿੱਧੂ ਨੇ ਆਪਣੀ ਜਾਇਦਾਦਾਂ ਅਤੇ ਕਾਰੋਬਾਰ ਦੇ ਵੇਰਵੇ ਦਿੰਦਿਆਂ ਕਿਹਾ ਕਿ ਉਹ ਸ਼ੁਰੂ ਤੋਂ ਖੇਤੀਬਾੜੀ ਅਤੇ ਹੋਰ ਕਾਰੋਬਾਰ ਕਰਦੇ ਆ ਰਹੇ ਹਨ। ਮੁਹਾਲੀ ਤੇ ਕੁਰਾਲੀ ਵਿੱਚ ਗੈਸ ਏਜੰਸੀਆਂ ਹਨ। ਉਂਜ ਚੋਣਾਂ ਦੌਰਾਨ ਆਪਣੇ ਕਾਰੋਬਾਰ ਅਤੇ ਇੱਕ ਇੱਕ ਜਾਇਦਾਦ ਦੇ ਵੇਰਵੇ ਚੋਣ ਕਮਿਸ਼ਨ ਨੂੰ ਦਿੱਤੇ ਜਾਂਦੇ ਹਨ।
ਸਾਬਕਾ ਮੰਤਰੀ ਨੇ ਕਿਹਾ ਕਿ ਉਹ ਹਰ ਕਿਸਮ ਦੀ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਨ, ਬਸ਼ਰਤੇ ਜਾਂਚ ਨਿਰਪੱਖ ਹੋਵੇ। ਪ੍ਰੰਤੂ ਸਿਆਸੀ ਬਦਲਾਖੋਰੀ ਕਾਰਨ ਉਨ੍ਹਾਂ ਦੇ ਪਰਿਵਾਰ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਖ਼ਿਲਾਫ਼ ਝੂਠੇ ਦੋਸ਼ ਲਗਾ ਕੇ ਬਦਨਾਮ ਕਰਨ ਦੀ ਕੋਈ ਕਸਰ ਨਹੀਂ ਛੱਡੀ ਗਈ ਲੇਕਿਨ ਹੁਣ ਤੱਕ ਉਨ੍ਹਾਂ ਖ਼ਿਲਾਫ਼ ਕੁੱਝ ਵੀ ਸਾਹਮਣੇ ਨਹੀਂ ਆਇਆ ਪਰ ਸਰਕਾਰ ਚਾਹੁੰਦੀ ਹੈ ਕਿ ਕਿਵੇਂ ਨਾ ਕਿਵੇਂ ਉਨ੍ਹਾਂ ਅਤੇ ਉਸ ਦੇ ਛੋਟੇ ਭਰਾ ਨੂੰ ਝੂਠੇ ਕੇਸ ਵਿੱਚ ਫਸਾਇਆ ਜਾਵੇ। ਜਦੋਂਕਿ ਮੁੱਖ ਮੰਤਰੀ ਨੂੰ ਆਪਣੀ ਪਾਰਟੀ ਆਗੂਆਂ ਦੇ ਗਲਤ ਕੰਮ ਨਜ਼ਰ ਨਹੀਂ ਆ ਰਹੇ ਹਨ। ਜਿਨ੍ਹਾਂ ’ਤੇ ਆਪਣੇ ਪ੍ਰਾਜੈਕਟਾਂ ਲਈ ਲੋਕਾਂ ਦੀਆਂ ਜ਼ਮੀਨਾਂ ਦੱਬਣ ਦੇ ਦੋਸ਼ ਲਗਦੇ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…