ਡੀਸੀ ਮੁਹਾਲੀ ਨੇ ਸ਼ਹਿਰੀ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ

ਆਸ਼ਿਕਾ ਜੈਨ ਵੱਲੋਂ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਪਰੈਲ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਸ਼ਹਿਰੀ ਖੇਤਰਾਂ ਵਿੱਚ ਵੱਖ-ਵੱਖ ਥਾਵਾਂ ’ਤੇ ਚੱਲ ਰਹੇ ਵਿਕਾਸ ਕਾਰਜ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸ਼ਹਿਰੀ ਵਿਕਾਸ ਕਾਰਜਾਂ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਡਿਪਟੀ ਕਮਿਸ਼ਨਰ ਨੇ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਨਗਰ ਕੌਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਨੂੰ ਆਪਣੇ-ਆਪਣੇ ਖੇਤਰ ਵਿੱਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਵੱਲ ਖ਼ਾਸ ਧਿਆਨ ਦੇਣ ਲਈ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸ੍ਰੀਮਤੀ ਜੈਨ ਨੇ ਗਰਮੀ ਦੇ ਮੌਸਮ ਅਤੇ ਮੌਨਸੂਨ ਨੂੰ ਦੇਖਦੇ ਹੋਏ ਸ਼ਹਿਰਾਂ ਦੀ ਸਾਫ਼ ਸਫ਼ਾਈ ਅਤੇ ਹੜ੍ਹਾਂ ਤੋਂ ਬਚਾਅ ‘ਤੇ ਵਿਸ਼ੇਸ ਧਿਆਨ ਦੇਣ ਲਈ ਆਖਿਆ ਤਾਂ ਜੋ ਮੱਛਰਾਂ ਅਤੇ ਗੰਦਗੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਸ਼ਹਿਰੀ ਖੇਤਰਾਂ ਵਿਚ ਘਰ- ਘਰ ਤੋਂ ਕੂੜਾ ਇਕੱਠਾ ਕਰਨ ਦੇ ਘੇਰੇ ਨੂੰ ਵਸੀਹ ਕਰਨ ਦਾ ਨਿਰਦੇਸ਼ ਦਿੱਤਾ। ਉਨ੍ਹਾਂ ਨੇ ਘਰਾਂ ਵਿੱਚ ਹੀ ਗਿੱਲਾ ਤੇ ਸੁੱਕਾ ਕੂੜਾ ਵੱਖੋ-ਵੱਖ ਕਰਨ ਲਈ ਲੋਕਾਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਇਸ ਕਾਰਜ ਵਿਚ ਰੈਜ਼ੀਡੈਂਟ ਵੈਲਫੇਅਰ ਐਸੋਸ਼ੀਏਸ਼ਨਾਂ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਐਸੋਸ਼ੀਏਸ਼ਨਾਂ ਦਾ ਕੂੜੇ ਦੇ ਸੁਚੱਜੇ ਪ੍ਰਬੰਧਨ ਅਤੇ ਕੂੜੇ ਦੇ ਪ੍ਰਬੰਧਨ ਬਾਰੇ ਜਾਗਰੂਕ ਕਰਨ ਲਈ ਸਹਿਯੋਗ ਲਿਆ ਜਾਵੇ। ਇਸ ਦੇ ਨਾਲ ਨਾਲ ਉਹਨਾਂ ਨੇ ਸੌਲਿਡ ਵੇਸਟ ਮੈਨੇਜਮੈਂਟ ਦੇ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਦੇ ਨਾਲ ਨਾਲ ਬਲਕ ਵੇਸਟ ਜਨਰੇਟਰਜ਼ ਸਬੰਧੀ ਵੀ ਦਿਸ਼ਾ ਨਿਰਦੇਸ਼ ਦਿੱਤੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਲੰਬਿਤ ਪਏ ਕੰਮਾਂ ਨੂੰ ਮਿੱਥੇ ਸਮੇਂ ਵਿਚ ਨਿਪਟਾਉਣ ਦੇ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੰਮ ਕਰਨ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਆ ਰਹੀ ਹੈ ਤਾਂ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਵਿਕਾਸ ਕਾਰਜਾਂ ਦੀ ਗੁਣਵੱਤਾ ‘ਤੇ ਵਿਸ਼ੇਸ਼ ਤੌਰ ‘ਤੇ ਜ਼ੋਰ ਦਿੰਦੇ ਹੋਏ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਸਾਰੇ ਕਾਰਜ ਨਿਰਧਾਰਤ ਮਾਪਦੰਡਾਂ ਨਾਲ ਹੋਣੇ ਚਾਹੀਦੇ ਹਨ ਅਤੇ ਇਨ੍ਹਾਂ ਵਿੱਚ ਕੋਈ ਵੀ ਊਣਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਮੁਕੰਮਲ ਕੀਤੇ ਜਾ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾ ਕਰਵਾਉਣ ਦੀਆਂ ਵੀ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ। ਇਸ ਤੋਂ ਇਲਾਵਾ ਅਲਾਟ ਕੀਤੇ ਗਏ ਕੰਮਾਂ ਨੂੰ ਸ਼ੁਰੂ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪੋ-ਆਪਣੇ ਦਫ਼ਤਰਾਂ ਨੂੰ ਲਾਸਟਿਕ ਫਰੀ ਕਰਨ ਦੇ ਨਿਰਦੇਸ਼ ਵੀ ਦਿੱਤੇ। ਮੀਟਿੰਗ ਵਿੱਚ ਏਡੀਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਮੁਹਾਲੀ ਨਿਗਮ ਦੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਐੱਸਡੀਐੱਮ ਸਰਬਜੀਤ ਕੌਰ, ਐੱਸਡੀਐੱਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਐੱਸਡੀਐੱਮ ਖਰੜ ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ ਇੰਦਰਪਾਲ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…