ਜਾਅਲੀ ਐਸਸੀ ਸਰਟੀਫਿਕੇਟ ਮਾਮਲਾ: ਵੱਖ-ਵੱਖ ਸੰਗਠਨਾਂ ਵੱਲੋਂ ਪੱਕੇ ਮੋਰਚੇ ਦੀ ਹਮਾਇਤ ਦਾ ਐਲਾਨ

ਪੱਕੇ ਮੋਰਚੇ ਦੇ ਆਗੂਆਂ ਨੇ ਏਡੀਸੀ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ, ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਈ:
ਪੰਜਾਬ ਦੀਆਂ ਵੱਖ-ਵੱਖ ਦਲਿਤ ਜਥੇਬੰਦੀਆਂ ਵੱਲੋਂ ਜਾਅਲੀ ਐਸਸੀ ਸਰਟੀਫਿਕੇਟਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਨੂੰ ਲੈ ਕੇ ਇੱਥੋਂ ਦੇ ਫੇਜ਼-1 ਸਥਿਤ ਸਮਾਜਿਕ ਨਿਆਂ ਅਧਿਆਕਰਤਾ ਅਤੇ ਘੱਟ ਗਿਣਤੀਆਂ ਭਲਾਈ ਵਿਭਾਗ ਦੇ ਡਾਇਰੈਕਟਰ ਦਫ਼ਤਰ ਦੇ ਬਾਹਰ ਲਾਇਆ ਪੱਕਾ ਮੋਰਚਾ ਸ਼ੁੱਕਰਵਾਰ ਨੂੰ 16ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਜੈਤਾ ਜੀ ਫੇਜ਼-3ਏ ਦੀ ਸਮੁੱਚੀ ਟੀਮ, ਡਾ. ਬੀਆਰ ਅੰਬੇਦਕਰ ਮਿਸ਼ਨ ਮੁਹਾਲੀ ਦੇ ਆਗੂ ਪ੍ਰਿੰਸੀਪਲ ਬਲਦੇਵ ਸਿੰਘ, ਜਾਗ੍ਰਿਤੀ ਮੰਚ ਦੇ ਅਜੈਬ ਸਿੰਘ ਭਾਗੋਮਾਜਰਾ, ਜਸਪਾਲ ਸਿੰਘ, ਨਰੇਗਾ ਫਰੰਟ ਦੇ ਆਗੂ ਬਲਜੀਤ ਸਿੰਘ ਬੌਬੀ, ਬਲਜੀਤ ਸਿੰਘ ਕਕਰਾਲੀ, ਅਵਤਾਰ ਸਿੰਘ ਸੈਂਪਲਾ, ਕਰਨੈਲ ਸਿੰਘ, ਭਜਨ ਸਿੰਘ ਪਟਿਆਲਾ, ਗੁਲਸ਼ਨ ਕੁਮਾਰ, ਸੰਨੀ ਕੁਮਾਰ ਅਤੇ ਸਿੱਖਿਆ ਵਿਭਾਗ ਦੀ ਐਸਸੀ/ਬੀਸੀ ਅਧਿਆਪਕ ਯੂਨੀਅਨ ਦੇ ਪ੍ਰਧਾਨ ਬਲਜੀਤ ਸਿੰਘ ਸਲਾਵਾ ਨੇ ਆਪਣੇ ਸਾਥੀਆਂ ਸਮੇਤ ਧਰਨੇ ਵਿੱਚ ਸ਼ਮੂਲੀਅਤ ਕਰਕੇ ਪੱਕੇ ਮੋਰਚੇ ਦੀ ਹਮਾਇਤ ਦਾ ਐਲਾਨ ਕੀਤਾ।
ਇਸੇ ਦੌਰਾਨ ਪ੍ਰਦਰਸ਼ਨਕਾਰੀ ਆਗੂਆਂ ਦੇ ਵਫ਼ਦ ਨੇ ਅੱਜ ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਨਾਂ ਲਿਖਿਆ ਮੰਗ ਪੱਤਰ ਸੌਂਪਿਆ। ਉਨ੍ਹਾਂ ਕਿਹਾ ਕਿ ਜਾਅਲੀ ਐਸਸੀ ਸਰਟੀਫਿਕੇਟਾਂ ਬਾਬਤ ਭਲਾਈ ਵਿਭਾਗ ਦੇ ਡਾਇਰੈਕਟਰ ਵੱਲੋਂ ਕੀਤੀ ਜਾ ਰਹੀ ਪੜਤਾਲ ਇੱਕ ਹਫ਼ਤੇ ਦੇ ਅੰਦਰ-ਅੰਦਰ ਮੁਕੰਮਲ ਕੀਤੀ ਜਾਵੇ। ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਕਸੂਰਵਾਰ ਅਫ਼ਸਰਾਂ ਅਤੇ ਸਬੰਧਤ ਵਿਅਕਤੀਆਂ ਨੂੰ ਸਜਾਵਾਂ ਦੇਣ ਲਈ ਸਖ਼ਤ ਕਾਨੂੰਨ ਬਣਾਇਆ ਜਾਵੇ ਅਤੇ ਘੱਟੋ-ਘੱਟ ਪੰਜ ਸਾਲ ਦੀ ਸਜਾ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਜਾਅਲੀ ਸਰਟੀਫਿਕੇਟਾਂ ਦੇ ਆਧਾਰ ’ਤੇ ਸਰਕਾਰੀ ਨੌਕਰੀ ਅਤੇ ਹੋਰ ਵਿੱਤੀ ਲਾਭ ਲੈਣ ਵਾਲੇ ਵਿਅਕਤੀਆਂ ਤੋਂ ਵਿਆਜ ਸਮੇਤ ਸਾਰੇ ਪੈਸੇ ਵਾਪਸ ਲਏ ਜਾਣ। ਬੁਲਾਰਿਆਂ ਨੇ ਕਿਹਾ ਕਿ ਸਰਕਾਰੀ ਨੌਕਰੀ ਤੋਂ ਵਾਂਝੇ ਦਲਿਤ ਪਰਿਵਾਰਾਂ ਦੇ ਉਮੀਦਵਾਰਾਂ ਨੂੰ ਬਣਦਾ ਮੁਆਵਜ਼ਾ ਅਤੇ ਯੋਗਤਾ ਅਨੁਸਾਰ ਨੌਕਰੀ ਦਿੱਤੀ ਜਾਵੇ।

ਪ੍ਰੋ. ਹਰਨੇਕ ਸਿੰਘ , ਪ੍ਰੋ. ਸਰਬਜੀਤ ਸਿੰਘ, ਬਲਬੀਰ ਸਿੰਘ ਆਲਮਪੁਰ, ਲਖਬੀਰ ਸਿੰਘ ਬੌਬੀ ਨੇ ਕਿਹਾ ਕਿ ਜਾਤੀ ਸਰਟੀਫਿਕੇਟ ਬਣਾਉਣ ਸਮੇਂ ਸਿਫ਼ਾਰਸ਼ਕਰਤਾ, ਵੈਰੀਫਿਕੇਸ਼ਨ ਕਰਤਾ ਅਤੇ ਜਾਰੀ ਕਰਨ ਵਾਲੇ ਅਧਿਕਾਰੀ ਦੀ ਜਵਾਬਦੇਹੀ ਯਕੀਨੀ ਬਣਾਈ ਜਾਵੇ। ਉਨ੍ਹਾਂ ਮੰਗ ਕੀਤੀ ਕਿ ਭਲਾਈ ਵਿਭਾਗ ਵਿੱਚ ਪਿਛਲੇ 5 ਸਾਲਾਂ ਤੋਂ ਇੱਕੋ ਹੀ ਸੀਟ ’ਤੇ ਬੈਠੇ ਅਧਿਕਾਰੀਆਂ ਦੀ ਤੁਰੰਤ ਬਦਲਿਆਂ ਜਾਵੇ ਅਤੇ ਉਨ੍ਹਾਂ ਦੀ ਜਾਇਦਾਦ ਦੀ ਵਿਜੀਲੈਂਸ ਤੋਂ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਪਰੋਕਤ ਮਸਲਿਆਂ ਨੂੰ ਜਲਦੀ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਪ੍ਰੋ. ਹਰਨੇਕ ਸਿੰਘ ਨੇ ਕਿਹਾ ਕਿ ਭਲਾਈ ਵਿਭਾਗ ਦੇ ਡਾਇਰੈਕਟਰ ਵੱਲੋਂ ਕੁੱਝ ਕੁ ਸ਼ਿਕਾਇਤਾਂ ਦੀ ਸੁਣਵਾਈ ਕੀਤੀ ਗਈ ਪ੍ਰੰਤੂ ਜ਼ਿੰਮੇਵਾਰ ਅਧਿਕਾਰੀ ਤੇ ਕਰਮਚਾਰੀ ਝੂਠੇ ਸਰਟੀਫਿਕੇਟ ਦੇ ਕੇ ਮੀਟਿੰਗ ’ਚੋਂ ਗੈਰ ਹਾਜ਼ਰ ਰਹੇ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…