ਜੌੜਾਮਾਜਰਾ ਵੱਲੋਂ ਡਾਇਰੈਕਟਰ ਬਾਗਬਾਨੀ ਦੇ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ, 6 ਗੈਰਹਾਜ਼ਰ

ਕਰਮਚਾਰੀਆਂ ਨੂੰ ਜਨਤਕ ਸੇਵਾਵਾਂ ਨੂੰ ਸਮਾਂਬੱਧ ਢੰਗ ਨਾਲ ਪ੍ਰਦਾਨ ਕਰਨ ਲਈ ਸਮੇਂ ਦੇ ਪਾਬੰਦ ਰਹਿਣ ਦੇ ਆਦੇਸ਼

ਜੌੜਾਮਾਜਰਾ ਨੇ ਸਰਕਾਰੀ ਮੁਲਾਜ਼ਮਾਂ ਨੂੰ ਬਦਲਾਅ ਦੇ ਉਤਪ੍ਰੇਰਕ ਬਣਨ ਲਈ ਪ੍ਰੇਰਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਮਈ:
ਪੰਜਾਬ ਦੇ ਬਾਗਬਾਨੀ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੋਂ ਦੇ ਫੇਜ਼-6 ਸਥਿਤ ਦਾਰਾ ਸਟੂਡੀਓ ਨੇੜੇ ਬਾਗਬਾਨੀ ਵਿਭਾਗ ਦੇ ਡਾਇਰੈਕਟਰ ਦੇ ਮੁੱਖ ਦਫ਼ਤਰ ਦੀ ਸਵੇਰੇ ਕਰੀਬ ਸਾਢੇ 7 ਵਜੇ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ 6 ਅਧਿਕਾਰੀ/ਕਰਮਚਾਰੀ ਗੈਰ ਹਾਜ਼ਰ ਪਾਏ ਗਏ। ਮੰਤਰੀ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਦਫ਼ਤਰ ਵਿੱਚ ਸਮੇਂ ਦੇ ਪਾਬੰਦ ਰਹਿਣ ਲਈ ਕਿਹਾ। ਪੰਜਾਬ ਸਰਕਾਰ ਵੱਲੋਂ ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਜੌੜਾਮਾਜਰਾ ਨੇ ਕਿਹਾ ਕਿ ਸਾਡੇ ਦੂਰਅੰਦੇਸ਼ੀ ਮੁੱਖ ਮੰਤਰੀ ਦਾ ਉਦੇਸ਼ ਸੂਬੇ ਵਿੱਚ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣਾ ਹੈ।
ਇਸ ਨਾਲ ਆਮ ਲੋਕ ਦਿਨ ਦੇ ਸ਼ੁਰੂਆਤੀ ਘੰਟਿਆਂ ਦੌਰਾਨ ਲੋੜੀਂਦੀਆਂ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਦੇ ਯੋਗ ਹੋਣਗੇ। ਦਿਨ ਦੇ ਸ਼ੁਰੂਆਤੀ ਘੰਟਿਆਂ ਦੌਰਾਨ ਹੀ ਲੋੜੀਂਦੀਆਂ ਸੇਵਾਵਾਂ ਪ੍ਰਾਪਤ ਕਰਨ ਉਪਰੰਤ ਲੋਕ ਆਪਣੀਆਂ ਹੋਰ ਪਰਿਵਾਰਕ ਜ਼ਿੰਮੇਵਾਰੀਆਂ ਵੱਲ ਧਿਆਨ ਦੇ ਸਕਦੇ ਹਨ। ਇਸ ਤਰ੍ਹਾਂ ਉਨ੍ਹਾਂ ਨੂੰ ਸ਼ਾਮ 5 ਵਜੇ ਤੱਕ ਉਡੀਕ ਨਹੀਂ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਨੂੰ ਵੀ ਆਪਣੀ ਆਦਤ ਬਦਲਣ ਦੀ ਜ਼ਰੂਰਤ ਹੈ। ਹਰ ਸਰਕਾਰੀ ਕਰਮਚਾਰੀ ਸਵੇਰੇ 7:30 ਵਜੇ ਦੇ ਨਿਰਧਾਰਿਤ ਸਮੇਂ ‘ਤੇ ਦਫ਼ਤਰ ਵਿੱਚ ਹਾਜ਼ਰ ਹੋਣਾ ਚਾਹੀਦਾ ਹੈ। ਉਨ੍ਹਾਂ ਮੁਲਾਜ਼ਮਾਂ ਨੂੰ ਭਗਵੰਤ ਮਾਨ ਦੇ ਰੰਗਲਾ ਪੰਜਾਬ ਦੀ ਸਿਰਜਣਾ ਦੇ ਸੁਪਨੇ ਨੂੰ ਪੂਰਾ ਕਰਨ ਲਈ ਇਸ ਤਬਦੀਲੀ ਦੇ ਪ੍ਰੇਰਕ ਬਣਨ ਲਈ ਕਿਹਾ।
ਜੌੜਾਮਾਜਰਾ ਨੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਭਵਿੱਖ ਵਿੱਚ ਜੇਕਰ ਕੋਈ ਕਰਮਚਾਰੀ ਦੇਰੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਡਾਇਰੈਕਟਰ ਬਾਗਬਾਨੀ ਨੂੰ ਹਦਾਇਤ ਕੀਤੀ ਕਿ ਵਿਭਾਗੀ ਸਕੀਮਾਂ ਸਬੰਧੀ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਣੂ ਕਰਵਾਇਆ ਜਾਵੇ ਤਾਂ ਜੋ ਕਿਸਾਨ ਸਕੀਮਾਂ ਦਾ ਲਾਭ ਲੈ ਸਕਣ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…