ਮੈਡੀਕਲ ਕਾਲਜ ਮੁਹਾਲੀ ਵਿੱਚ ਛੇਤੀ ਸ਼ੁਰੂ ਹੋਣਗੀਆਂ ‘ਰੈਗੂਲਰ ਕਲਾਸਾਂ’

ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼

ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਉਭਾਰਨ ਵਿੱਚ ਮਦਦਗਾਰ ਸਾਬਤ ਹੋਵੇਗੀ ਇਹ ਵੱਡ-ਆਕਾਰੀ ਸੰਸਥਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜੂਨ:
ਮੁਹਾਲੀ ਦੇ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿੱਚ ਜਲਦੀ ਰੈਗੂਲਰ ਕਲਾਸਾਂ ਸ਼ੁਰੂ ਹੋਣ ਦੀ ਆਸ ਬੱਝ ਗਈ ਹੈ। ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਵੈਨੂ ਪ੍ਰਸ਼ਾਦ ਨੇ ਮੈਡੀਕਲ ਕਾਲਜ ਦੇ ਪ੍ਰਬੰਧਾਂ ਅਤੇ ਮੌਜੂਦਾ ਸਥਿਤੀ ਦੀ ਸਮੀਖਿਆ ਕਰਦਿਆਂ ਸਿਹਤ ਵਿਭਾਗ ਅਤੇ ਪੀ.ਡਬਲਿਊ.ਡੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਮੈਡੀਕਲ ਕਾਲਜ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਬਣ ਰਿਹਾ ਇਹ ਇੰਸਟੀਚਿਊਟ ਸੂਬੇ ਨੂੰ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਉਭਾਰੇਗਾ। ਇਹ ਮਿਆਰੀ ਸੰਸਥਾ ਜਿੱਥੇ ਵਿਦਿਆਰਥੀਆਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਨ ਵਿੱਚ ਸਹਾਈ ਹੋਵੇਗੀ, ਉੱਥੇ ਉਨ੍ਹਾਂ ਨੂੰ ਵਿਸ਼ਵ ਪੱਧਰੀ ਮੈਡੀਕਲ ਸਹੂਲਤਾਂ ਮੁਹੱਈਆ ਕਰੇਗੀ।
ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸਜ਼ ਫ਼ਰੀਦਕੋਟ ਤੋਂ ਮਾਨਤਾ ਪ੍ਰਾਪਤ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੁਹਾਲੀ ਵਿੱਚ ਰੈਗੂਲਰ ਕਲਾਸਾਂ ਜਲਦੀ ਸ਼ੁਰੂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਅਤਿ-ਆਧੁਨਿਕ ਇੰਸਟੀਚਿਊਟ 28 ਏਕੜ ਜ਼ਮੀਨ ਵਿੱਚ ਬਣੇਗਾ, ਜੋ ਆਧੁਨਿਕ ਸਹੂਲਤਾਂ ਅਤੇ ਟੈਕਨਾਲੋਜੀ ਨਾਲ ਲੈਸ ਹੋਵੇਗਾ। ਉਨ੍ਹਾਂ ਕਿਹਾ ਕਿ ਕਾਲਜ ਦੀ ਥਾਂ ਅਤੇ ਨਕਸ਼ੇ ਨੂੰ ਪਹਿਲਾਂ ਹੀ ਅੰਤਿਮ ਰੂਪ ਦਿੱਤਾ ਜਾ ਚੁੱਕਾ ਹੈ ਅਤੇ ਇਸ ਵੱਡ-ਆਕਾਰੀ ਪ੍ਰਾਜੈਕਟ ਦਾ ਕੰਮ ਛੇਤੀ ਸ਼ੁਰੂ ਹੋਵੇਗਾ। ਉਨ੍ਹਾਂ ਨੇ ਉਮੀਦ ਜਤਾਈ ਕਿ ਨਵਾਂ ਮੈਡੀਕਲ ਕਾਲਜ ਇਲਾਜ ਤੇ ਡਾਕਟਰੀ ਟੈੱਸਟਾਂ ਦੀ ਸਹੂਲਤ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਵੇਗਾ।
ਏ.ਵੈਨ.ੂ ਪ੍ਰਸ਼ਾਦ ਨੇ ਕਿਹਾ ਕਿ ਮੈਡੀਕਲ ਕਾਲਜ ਵਿੱਚ ਹੋਰਨਾਂ ਸੂਬਿਆਂ ਤੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਤਾਲੀਮ ਹਾਸਲ ਕਰਨ ਲਈ ਆਉਣਗੇ, ਇਸ ਲਈ ਕਾਲਜ ਵਿੱਚ ਆਲਾ ਦਰਜੇ ਦੀਆਂ ਸਹੂਲਤਾਂ ਵਾਲਾ ਹੋਸਟਲ ਵੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਚਾਹਵਾਨ ਵਿਦਿਆਰਥੀਆਂ ਨੂੰ ਮੈਡੀਕਲ ਸਿੱਖਿਆ ਲਈ ਵਿਦੇਸ਼ ਜਾਣ ਦੀ ਲੋੜ ਨਹੀਂ ਪਵੇਗੀ ਕਿਉਂ ਜੋ ਉਨ੍ਹਾਂ ਪੰਜਾਬ ਵਿੱਚ ਹੀ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਇਸ ਵੱਕਾਰੀ ਪ੍ਰਾਜੈਕਟ ਦੇ ਨਿਰਮਾਣ ਕੰਮ ਵਿੱਚ ਗੁਣਵੱਤਾ ਨੂੰ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ।
ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਨੇਪਰੇ ਚਾੜ੍ਹਨ ਲਈ ਮਿਆਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਨਿਰਧਾਰਿਤ ਸਮੇਂ ਦੇ ਅੰਦਰ ਕਾਰਜ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਇਸ ਪ੍ਰਾਜੈਕਟ ਦੀ ਉਹ ਖ਼ੁਦ ਨਿੱਜੀ ਤੌਰ ’ਤੇ ਨਿਗਰਾਨੀ ਕਰਨਗੇ ਤਾਂ ਕਿ ਇਸ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ। ਇਸ ਮੌਕੇ ਵਧੀਕ ਮੁੱਖ ਸਕੱਤਰ ਮੈਡੀਕਲ ਸਿੱਖਿਆ ਅਨੁਰਾਗ ਅਗਰਵਾਲ, ਪ੍ਰਮੁੱਖ ਸਕੱਤਰ ਵਿੱਤ ਏ.ਕੇ ਸਿਨਹਾ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਨੀਲਕੰਠ ਅਵਧ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਸੰਯੁਕਤ ਵਿਸ਼ੇਸ਼ ਪ੍ਰਮੁੱਖ ਸਕੱਤਰ ਸੰਦੀਪ ਗਾੜਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…