ਮੀਤ ਹੇਅਰ ਤੇ ਹਰਜੋਤ ਸਿੰਘ ਬੈਂਸ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ

ਖੇਡ ਮੰਤਰੀ ਤੇ ਸਿੱਖਿਆ ਮੰਤਰੀ ਨੇ ਸਕੂਲੀ ਖੇਡਾਂ ਤੇ ਪ੍ਰੀਖਿਆਵਾਂ ਅਨੁਸਾਰ ਖੇਡ ਮੁਕਾਬਲਿਆਂ ਦਾ ਪ੍ਰੋਗਰਾਮ ਉਲੀਕਿਆ

ਖੇਡ ਤੇ ਸਿੱਖਿਆ ਵਿਭਾਗ ਵੱਲੋਂ ਮਿਲ ਕੇ ਸਾਂਝਾ ਖੇਡ ਕੈਲੰਡਰ ਬਣਾਉਣ ਉਤੇ ਦਿੱਤਾ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 26 ਅਗਸਤ:
ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਦੇ ਨਿਸ਼ਾਨੇ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਉਲੀਕੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਲਈ ਸੂਬਾ ਸਰਕਾਰ ਵੱਲੋਂ ਸਭ ਤਿਆਰੀ ਮੁਕੰਮਲ ਕਰ ਲਈ ਗਈ ਹੈ ਅਤੇ ਵੱਧ ਤੋਂ ਵੱਧ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਹਿੱਸਾ ਬਣਾਉਣ ਲਈ ਢੁੱਕਵਾਂ ਤੇ ਸਾਜਗਰ ਮਾਹੌਲ ਸਿਰਜਿਆ ਗਿਆ ਹੈ।

‘ਖੇਡਾਂ ਵਤਨ ਪੰਜਾਬ ਦੀਆਂ-2023’ ਦੇ ਬਲਾਕ, ਜ਼ਿਲਾ ਤੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਖਿਡਾਰੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕੀਤੀ ਗਈ।ਦੋਵਾਂ ਕੈਬਨਿਟ ਮੰਤਰੀਆਂ ਦੇ ਨਿਰਦੇਸ਼ਾਂ ਉਤੇ ਸਕੂਲੀ ਖੇਡਾਂ ਤੇ ਸਕੂਲੀ ਪ੍ਰੀਖਿਆਵਾਂ ਅਨੁਸਾਰ ਖੇਡ ਮੁਕਾਬਲਿਆਂ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਖੇਡਾਂ ਤੇ ਪ੍ਰੀਖਿਆਵਾਂ ਲਈ ਬਰੋ-ਬਰਾਬਰ ਸਮਾਂ ਮਿਲ ਸਕੇ।

ਖੇਡ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ 35 ਖੇਡਾਂ ਲਈ ਅੱਠ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਛੋਟੇ ਉਮਰ ਵਰਗਾਂ ਵਿੱਚ ਸਕੂਲੀ ਵਿਦਿਆਰਥੀ ਹੋਣ ਕਰਕੇ ਅੱਜ ਫੈਸਲਾ ਕੀਤਾ ਗਿਆ ਕਿ ਖੇਡ ਤੇ ਸਿੱਖਿਆ ਵਿਭਾਗ ਵੱਲੋਂ ਮਿਲ ਕੇ ਸਾਂਝਾ ਖੇਡ ਕੈਲੰਡਰ ਬਣਾਉਣ। ਉਨ੍ਹਾਂ ਕਿਹਾ ਕਿ ਸਕੂਲੀ ਪ੍ਰੀਖਿਆਵਾਂ ਦੇ ਹਿਸਾਬ ਨਾਲ ਪ੍ਰੋਗਰਾਮ ਉਲੀਕਿਆ ਗਿਆ ਹੈ ਹੁਣ ਬਲਾਕ ਪੱਧਰੀ ਟੂਰਨਾਮੈਂਟ 31 ਅਗਸਤ ਤੋਂ 9 ਸਤੰਬਰ, ਜ਼ਿਲਾ ਪੱਧਰੀ ਟੂਰਨਾਮੈਂਟ 26 ਸਤੰਬਰ ਤੋਂ 5 ਅਕਤੂਬਰ ਅਤੇ ਸੂਬਾ ਪੱਧਰੀ ਟੂਰਨਾਮੈਂਟ 10 ਤੋਂ 25 ਅਕਤੂਬਰ ਤੱਕ ਹੋਣਗੇ। ਛੋਟੇ ਉਮਰ ਵਰਗਾਂ ਦੇ ਬਲਾਕ ਮੁਕਾਬਲੇ ਅਗਲੀਆਂ ਤਰੀਕਾਂ ਵਿੱਚ ਹੋਣਗੇ ਅਤੇ ਜ਼ਿਲਾ ਮੁਕਾਬਲੇ ਅਖਰੀਲੀਆਂ ਤਰੀਕਾਂ ਵਿੱਚ ਹੋਣਗੇ ਤਾਂ ਜੋ ਖਿਡਾਰੀਆਂ ਦੀ ਪੜ੍ਹਾਈ ਦਾ ਨੁਕਸਾਨ ਵੀ ਨਾ ਹੋਵੇ ਅਤੇ ਪ੍ਰੀਖਿਆ ਦੀ ਤਿਆਰੀ ਕਰ ਸਕਣ।ਕੌਮੀ ਖੇਡ ਦਿਵਸ ਵਾਲੇ ਦਿਨ 29 ਅਗਸਤ ਨੂੰ ਬਠਿੰਡਾ ਵਿਖੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖੇਡਾਂ ਦਾ ਉਦਘਾਟਨ ਕਰਨਗੇ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਖੇਡਾਂ ਦੇ ਮੁਕਾਬਲਿਆਂ ਦੀਆਂ ਤਰੀਕਾਂ ਅਨੁਸਾਰ ਹੀ ਸਿੱਖਿਆ ਵਿਭਾਗ ਵੱਲੋਂ ਪ੍ਰੀਖਿਆਵਾਂ ਦੀ ਡੇਟਸ਼ੀਟ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀਆਂ ਖੇਡਾਂ ਵਿੱਚ ਹਿੱਸਾ ਲੈ ਸਕਣ।ਉਨ੍ਹਾਂ ਕਿਹਾ ਕਿ ਬਲਾਕ ਤੇ ਜ਼ਿਲਾ ਪੱਧਰੀ ਮੁਕਾਬਲਿਆਂ ਦੇ ਦਰਮਿਆਨ ਸਮੇਂ ਦੌਰਾਨ ਪ੍ਰੀਖਿਆਵਾਂ ਲਈਆਂ ਜਾਣਗੀਆਂ।

ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਤੇ ਯੁਵਕ ਸੇਵਾਵਾਂ ਸਰਵਜੀਤ ਸਿੰਘ, ਸਕੱਤਰ ਸਕੂਲ ਸਿੱਖਿਆ ਕੇ.ਕੇ.ਯਾਦਵ, ਵਿਸ਼ੇਸ਼ ਸਕੱਤਰ ਖੇਡਾਂ ਆਨੰਦ ਕੁਮਾਰ, ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ (ਫਿਜੀਕਲ ਐਜੂਕੇਸ਼ਨ) ਸੁਨੀਲ ਕੁਮਾਰ ਤੇ ਖੇਡ ਵਿਭਾਗ ਦੇ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਸਿੱਧੂ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…