ਨਸ਼ਾਖੋਰੀ ਨੂੰ ਛੂਤ ਦੀ ਬਿਮਾਰੀ ਸਮਝ ਕੇ ਅੱਗੇ ਫੈਲਣ ਤੋਂ ਰੋਕਣ ਲਈ ਸਾਂਝੇ ਯਤਨਾਂ ਦੀ ਲੋੜ: ਆਈਜੀ ਭੁੱਲਰ

ਡੀਸੀ ਆਸ਼ਿਕਾ ਜੈਨ ਵੱਲੋਂ ਮੁਹਾਲੀ ਜ਼ਿਲ੍ਹੇ ’ਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਮਿਲ ਕੇ ਹੰਭਲਾ ਮਾਰਨ ’ਤੇ ਜ਼ੋਰ

ਐਸਐਸਪੀ ਨੇ ਨਸ਼ਾ ਤਸਕਰਾਂ ਦੇ ਵੇਰਵੇ ਵਟਸਐੱਪ ਜਾਂ ਈ-ਮੇਲ ’ਤੇ ਸਾਂਝੇ ਕਰਨ ਦਾ ਹੋਕਾ ਦਿੱਤਾ

ਨਾਰਕੋ ਕੋਆਰਡੀਨੇਸ਼ਨ ਸੈਂਟਰ ਦੀ ਮੀਟਿੰਗ ਵਿੱਚ ਹੌਟਸਪਾਟ, ਜਾਗਰੂਕਤਾ ਮੁਹਿੰਮ ਤੇ ਹੋਰ ਗਤੀਵਿਧੀਆਂ ਦੀ ਸਮੀਖਿਆ

ਨਬਜ਼-ਏ-ਪੰਜਾਬ, ਮੁਹਾਲੀ, 1 ਸਤੰਬਰ:
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਾਰਕੋ ਕੋਆਰਡੀਨੇਸ਼ਨ ਸੈਂਟਰ ਦੀ ਮੀਟਿੰਗ ਹੋਈ। ਜਿਸ ਵਿੱਚ ਹੌਟਸਪਾਟ, ਜਾਗਰੂਕਤਾ ਮੁਹਿੰਮ ਅਤੇ ਨਸ਼ਿਆਂ ਖ਼ਿਲਾਫ਼ ਹੋਰ ਗਤੀਵਿਧੀਆਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਮੁਹਾਲੀ ਜ਼ਿਲ੍ਹੇ ’ਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਮਿਲ ਕੇ ਹੰਭਲਾ ਮਾਰਨ ਦੀ ਅਪੀਲ ਕੀਤੀ।
ਰੂਪਨਗਰ ਰੇਂਜ ਦੇ ਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਨਸ਼ਿਆਂ ਦੀ ਵਰਤੋਂ ਨੂੰ ਛੂਤ ਦੀ ਬਿਮਾਰੀ ਕਰਾਰ ਦਿੰਦਿਆਂ ਇਸ ਦੇ ਫੈਲਾਅ ਨੂੰ ਰੋਕਣ ਲਈ ਹਰ ਵਰਗ ਦੇ ਸਹਿਯੋਗ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਨਸ਼ਿਆਂ ਨੂੰ ਰੋਕਣ ਲਈ ਆਪਣਾ ਫ਼ਰਜ਼ ਨਿਭਾ ਰਹੀ ਹੈ ਅਤੇ ਸਰਹੱਦੋਂ ਪਾਰ ਸੂਬੇ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਰੋਕਣ ਅਤੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ ਪ੍ਰੰਤੂ ਸਾਨੂੰ ਨਸ਼ਿਆਂ ਦੇ ਖ਼ਾਤਮੇ ਲਈ ਹਾਲੇ ਵੀ ਵਧੇਰੇ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੋਵਿਡ ਵਾਂਗ ਇਸ ਮਾਮਲੇ ਵਿੱਚ ਪੁਲੀਸ ਪ੍ਰਭਾਵਿਤ ਵਿਅਕਤੀਆਂ ਨੂੰ ਸਮਾਜ ਤੋਂ ਅਲੱਗ ਨਹੀਂ ਕਰ ਸਕਦੀ ਬਲਕਿ ਨਸ਼ਿਆਂ ਦੇ ਆਦੀ ਵਿਅਕਤੀ ਦਾ ਇਲਾਜ, ਚੰਗੀ ਸੰਗਤ ਅਤੇ ਕੌਂਸਲਿੰਗ ਕਰਨਾ ਸਾਡਾ ਫ਼ਰਜ਼ ਹੈ।
ਡੀਸੀ ਆਸ਼ਿਕਾ ਜੈਨ ਨੇ ਕਿਹਾ ਕਿ ਪਿੰਡ, ਜੰਗਲੀ ਖੇਤਰ, ਵਿੱਦਿਅਕ ਸੰਸਥਾਵਾਂ ਅਤੇ ਕੈਮਿਸਟ ਦੀਆਂ ਦੁਕਾਨਾਂ ਹੌਟਸਪਾਟ ਹੋ ਸਕਦੇ ਹਨ। ਸਮੂਹ ਐਸਡੀਐਮਜ਼ ਅਤੇ ਡੀਐਸਪੀਜ਼ ਤਾਲਮੇਲ ਕਰਕੇ ਸਾਂਝੀ ਚੈਕਿੰਗ ਕਰਨਾ ਯਕੀਨੀ ਬਣਾਉਣ। ਉਨ੍ਹਾਂ ਅਧਿਕਾਰੀਆਂ ਨੂੰ ਕੈਮਿਸਟਾਂ ਦੀਆਂ ਦੁਕਾਨਾਂ, ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ’ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ। ਡੀਸੀ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਅਧਿਆਪਕਾਂ ਨੂੰ ਉਨ੍ਹਾਂ ਦੇ ਸਕੂਲੀ ਬੈਗਾਂ ਦੀ ਸਮੇਂ-ਸਮੇਂ ’ਤੇ ਚੈਕਿੰਗ ਕਰਨ ’ਤੇ ਜ਼ੋਰ ਦਿੱਤਾ। ਜੰਗਲਾਤ ਅਤੇ ਜੰਗਲੀ ਜੀਵ ਅਧਿਕਾਰੀਆਂ ਨੂੰ ਐਸਵਾਈਐਲ ਅਤੇ ਜੰਗਲਾਂ ਦੀ ਨਿਗਰਾਨੀ ਕਰਨ ਦੇ ਆਦੇਸ਼ ਦਿੱਤੇ।

ਐੱਸਐੱਸਪੀ ਸੰਦੀਪ ਗਰਗ ਨੇ ਨਸ਼ਾ ਵਿਰੋਧੀ ਮੁਹਿੰਮ ਹੈਲਪਲਾਈਨ ਵਟਸਐਪ ਨੰਬਰ 8054100112 ਅਤੇ ਈਮੇਲ ssp.mohali.druginfo0gmail.com ਦਾ ਖ਼ੁਲਾਸਾ ਕਰਦਿਆਂ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੁਹਾਲੀ ਪੁਲੀਸ ਜ਼ਿਲ੍ਹੇ ’ਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ ਅਤੇ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਇੱਕ ਸਮਰਪਿਤ ਟੀਮ ਨੂੰ ਕੰਮ ਸੌਂਪਿਆ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…