ਕਿਸਾਨਾਂ ਨੇ ਡੀਸੀ ਦਫ਼ਤਰ ਦੇ ਬਾਹਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦਾ ਪੁਤਲਾ ਸਾੜਿਆ

ਨਬਜ਼-ਏ-ਪੰਜਾਬ, ਮੁਹਾਲੀ, 3 ਅਕਤੂਬਰ:
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁਹਾਲੀ ਵਿਖੇ ਡੀਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਕਿਸਾਨ ਯੂਨੀਅਨ (ਲੱਖੋਵਾਲ) ਸਮੇਤ (ਡਕੌਂਦਾ, ਉਗਰਾਹਾਂ, ਕ੍ਰਾਂਤੀਕਾਰੀ), ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਕਿਸਾਨਾਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦਾ ਪੁਤਲਾ ਸਾੜ ਕੇ ਦੇਸ਼ ਦੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ।
ਇਸ ਮੌਕੇ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾ, ਸੂਬਾ ਕਮੇਟੀ ਮੈਂਬਰ ਮਨਪ੍ਰੀਤ ਸਿੰਘ ਅਮਲਾਲਾ ਅਤੇ ਜਰਨਲ ਸਕੱਤਰ ਜਸਪਾਲ ਸਿੰਘ ਨਿਆਮੀਆਂ ਨੇ ਕਿਹਾ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਉੱਤੇ ਆਪਣੀ ਗੱਡੀ ਚੜ੍ਹਾ ਕੇ ਕਈ ਕਿਸਾਨਾਂ ਅਤੇ ਇੱਕ ਪੱਤਰਕਾਰ ਨੂੰ ਸ਼ਹੀਦ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਭਾਵੇਂ ਕਿਸਾਨਾਂ ਦੇ ਰੋਹ ਨੂੰ ਦੇਖਦੇ ਹੋਏ ਇਸ ਮਾਮਲੇ ਵਿੱਚ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕੇਸ ਤਾਂ ਦਰਜ ਕਰ ਲਿਆ ਗਿਆ ਸੀ ਪ੍ਰੰਤੂ ਅਜੈ ਮਿਸ਼ਰਾ ਹਾਲੇ ਮੰਤਰੀ ਦੇ ਅਹੁਦੇ ’ਤੇ ਬਣੇ ਹੋਏ ਹਨ।
ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾ ਪ੍ਰੈਸ ਸਕੱਤਰ ਅੰਗਰੇਜ਼ ਸਿੰਘ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਆਗੂ ਰਾਮ ਕਿਸ਼ਨ ਧੂਣਕੀਆਂ ਨੇ ਕਿਹਾ ਕਿ ਅਜੈ ਮਿਸ਼ਰਾ ਆਪਣਾ ਰਸੂਖ਼ ਵਰਤ ਕੇ ਜਾਂਚ ਨੂੰ ਪ੍ਰਭਾਵਿਤ ਕਰ ਸਕਦੇ ਹਨ। ਕਿਸਾਨਾਂ ਨੇ ਮੰਗ ਕੀਤੀ ਕਿ ਅਜੈ ਮਿਸ਼ਰਾ ਨੂੰ ਤੁਰੰਤ ਮੰਤਰੀ ਦੇ ਅਹੁਦੇ ਤੋਂ ਫ਼ਾਰਗ ਕੀਤਾ ਜਾਵੇ ਅਤੇ ਕਿਸਾਨਾਂ ਦੀਆਂ ਮੰਨੀਆਂ ਸਾਰੀਆਂ ਜਾਇਜ਼ ਮੰਗਾਂ ਲਾਗੂ ਕੀਤੀਆਂ ਜਾਣ।
ਇਸ ਮੌਕੇ ਜਸਪਾਲ ਸਿੰਘ ਸਾਬਕਾ ਨਿਊ ਲਾਂਡਰਾਂ, ਚਰਨਜੀਤ ਸਿੰਘ ਸਿੰਬਲਮਾਜਰਾ, ਕੁਲਵੰਤ ਸਿੰਘ ਚਿੱਲਾ, ਗੁਰਮੀਤ ਸਿੰਘ ਖੂਨੀਮਾਜਰਾ, ਕਰਮ ਸਿੰਘ ਬਰੋਲੀ, ਦਰਸ਼ਨ ਸਿੰਘ ਦੁਰਾਲੀ, ਹਰੀ ਸਿੰਘ ਬਹੇੜਾ, ਜਗਤਾਰ ਸਿੰਘ ਝਰਮੜੀ, ਰਣਜੀਤ ਸਿੰਘ ਬਜਹੇੜੀ, ਬਲਜੀਤ ਸਿੰਘ ਭਾਓ, ਸੋਨੀ ਰਸਨਹੇੜੀ, ਦਰਸ਼ਨ ਸਿੰਘ ਬੜੀ, ਗੁਰਮੀਤ ਸਿੰਘ ਬਜਹੇੜੀ, ਪਰਮਜੀਤ ਸਿੰਘ ਦੇਸੂਮਾਜਰਾ, ਅਮਨਦੀਪ ਸਿੰਘ, ਅਵਤਾਰ ਸਿੰਘ ਬਜਹੇੜੀ, ਸੁਰਿੰਦਰ ਸਿੰਘ ਬਰਿਆਲੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…