ਕੇਜਰੀਵਾਲ ਦੇ ਇਸ਼ਾਰੇ ’ਤੇ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਲਈ ਉਤਾਵਲੇ ਨੇ ਭਗਵੰਤ ਮਾਨ: ਮਜੀਠੀਆ

ਕਾਂਗਰਸੀਆਂ ਦੇ ਪੁੱਠੇ ਪੈਰ ਵਾਪਸ ਪਰਤਣ ਨਾਲ ਭਾਜਪਾ ਦੀ ਹਾਲਤ ਹੋਰ ਵੀ ਪਤਲੀ ਹੋਈ

ਡਰੱਗ ਤਸਕਰੀ ਮਾਮਲੇ ਵਿੱਚ ਮਜੀਠੀਆ ਨੇ ਮੁਹਾਲੀ ਅਦਾਲਤ ’ਚ ਪੇਸ਼ੀ ਭੁਗਤੀ

ਨਬਜ਼-ਏ-ਪੰਜਾਬ, ਮੁਹਾਲੀ, 16 ਅਕਤੂਬਰ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਐਸਵਾਈਐਲ ਦੇ ਸੰਵੇਦਨਸ਼ੀਲ ਮੁੱਦੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੁਹਿਰਦ ਨਹੀਂ ਹਨ ਬਲਕਿ ਸੌੜੀ ਰਾਜਨੀਤੀ ਕਰਕੇ ਵਿਰੋਧੀ ਧਿਰਾਂ ਨੂੰ ਕੋਸਣ ’ਤੇ ਲੱਗੇ ਹੋਏ ਹਨ ਅਤੇ ਘਟੀਆ ਪੱਧਰ ਦੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਇਸ ਨਾਲ ਮੁੱਖ ਮੰਤਰੀ ਅਹੁਦੇ ਦੀ ਗਰਿਮਾ ਨੂੰ ਭਾਰੀ ਸੱਟ ਵੱਜਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦਾ ਬਹੁਤ ਗੰਭੀਰ ਮਸਲਾ ਹੈ ਪ੍ਰੰਤੂ ਮੁੱਖ ਮੰਤਰੀ ਦਾ ਰਵੱਈਆ ਪੂਰੀ ਤਰ੍ਹਾਂ ਗੈਰਜ਼ਿੰਮੇਵਾਰੀ ਵਾਲਾ ਹੈ।
ਮਜੀਠੀਆ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਪੰਜਾਬ ਦਾ ਪੱਖ ਚੰਗੀ ਤਰ੍ਹਾਂ ਕਿਉਂ ਨਹੀਂ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਭਗਵੰਤ ਮਾਨ ਵੱਲੋਂ ਕੇਜਰੀਵਾਲ ਦੇ ਇਸ਼ਾਰੇ ’ਤੇ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਦੀ ਸਾਜ਼ਿਸ਼ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਅਤੇ ਲੋਕਾਂ ਦਾ ਧਿਆਨ ਭਟਕਾਉਣ ਲਈ ਬਹਿਸ ਦਾ ਢਕਵੰਜ ਰਚਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪਹਿਲੇ ਦਿਨ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਕੇਂਦਰੀ ਟੀਮ ਨੂੰ ਪੰਜਾਬ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ ਅਤੇ ਅਕਾਲੀ ਦਲ ਪਾਣੀ ਦੀ ਇੱਕ ਵੀ ਬੂੰਦ ਪੰਜਾਬ ’ਚੋਂ ਬਾਹਰ ਨਹੀਂ ਜਾਣ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਭਾਜਪਾ ਦਾ ਦੋਹਰਾ ਚਿਹਰਾ ਵੀ ਨੰਗਾ ਹੋਇਆ ਹੈ। ਉਨ੍ਹਾਂ ਕਿਹਾ ਅਕਾਲੀ ਦਲ ਵੱਲੋਂ ਪਿੰਡਾਂ ਵਿੱਚ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਕੇਂਦਰੀ ਟੀਮਾਂ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਵੀ ਮੌਜੂਦ ਸਨ।
ਪੰਜਾਬ ਵਿੱਚ ਸੱਤਾ ਪਰਿਵਰਤਨ ਤੋਂ ਬਾਅਦ ਅਤੇ ਪਹਿਲਾਂ ਚੋਣਾਂ ਸਮੇਂ ਭਾਜਪਾ ਵਿੱਚ ਸ਼ਾਮਲ ਹੋਏ ਕਾਂਗਰਸੀ ਅਤੇ ਹੁਣ ਵਾਪਸ ਆਉਣ ਬਾਰੇ ਟਿੱਪਣੀ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਵੀ ਭਾਜਪਾ ਦਾ ਕੋਈ ਵਜੂਦ ਨਹੀਂ ਸੀ ਅਤੇ ਹੁਣ ਹੋਰ ਵੀ ਹਾਲਤ ਪਤਲੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜਿਹੜੇ ਸਾਬਕਾ ਮੰਤਰੀਆਂ ਅਤੇ ਹੋਰਨਾਂ ਕਾਂਗਰਸੀ ਆਗੂਆਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ ਗਿਆ ਸੀ, ਉਹ ਸਾਰੇ ਇੱਕ ਇੱਕ ਕਰਕੇ ਵਾਪਸ ਪਰਤ ਰਹੇ ਹਨ। ਮਜੀਠੀਆ ਨੇ ਕਿਹਾ ਕਿ ਉਨ੍ਹਾਂ ਦੀ ਜਾਣਕਾਰੀ ਅਨੁਸਾਰ ਜਿਹੜੇ ਇੱਕਾ ਦੂਜਾ ਭਾਜਪਾ ਵਿੱਚ ਰਹਿ ਵੀ ਗਏ ਹਨ, ਉਹ ਵੀ 20 ਤਰੀਕ ਨੂੰ ਹੋਣ ਵਾਲੀ ਰੈਲੀ ਵਿੱਚ ਵਾਪਸ ਪਰਤ ਜਾਣਗੇ। ਉਨ੍ਹਾਂ ਕਿਹਾ ਕਿ ਭਾਜਪਾ ਦਾ ਨਾ ਤਾਂ ਕੋਈ ਆਧਾਰ ਬਚਿਆ ਹੈ ਅਤੇ ਨਾ ਹੀ ਉਸ ਦਾ ਕੋਈ ਵਜੂਦ ਨਜ਼ਰ ਆਉਂਦਾ ਹੈ। ਇਸ ਤੋਂ ਪਹਿਲਾਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਬਹੁ-ਚਰਚਿਤ ਡਰੱਗ ਤਸਕਰੀ ਮਾਮਲੇ ਵਿੱਚ ਮੁਹਾਲੀ ਅਦਾਲਤ ਵਿੱਚ ਪੇਸ਼ੀ ਭੁਗਤੀ। ਅਦਾਲਤ ਨੇ ਕੇਸ ਦੀ ਸੁਣਵਾਈ ਲਈ 29 ਜਨਵਰੀ 2024 ਦਾ ਦਿਨ ਨਿਰਧਾਰਿਤ ਕੀਤਾ ਹੈ। ਇਸ ਮੌਕੇ ਮਜੀਠੀਆ ਦੇ ਵਕੀਲ ਐਚਐਸ ਧਨੋਆ ਵੀ ਮੌਜੂਦ ਰਹੇ।

Load More Related Articles
Load More By Nabaz-e-Punjab
Load More In General News

Check Also

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ ਮਾ…