ਮੁਹਾਲੀ ਅਦਾਲਤ ਨੇ ਏਆਈਜੀ ਮਾਲਵਿੰਦਰ ਸਿੱਧੂ ਨੂੰ ਪੁਲੀਸ ਰਿਮਾਂਡ ’ਤੇ ਭੇਜਿਆ

‘‘ਮੈਨੂੰ ਜਾਅਲੀ ਸਰਟੀਫਿਕੇਟਾਂ ਖ਼ਿਲਾਫ਼ ਆਵਾਜ਼ ਚੁੱਕਣ ਦਾ ਖ਼ਮਿਆਜ਼ਾ ਭੁਗਤਨਾ ਪੈ ਰਿਹੈ’’: ਏਆਈਜੀ ਸਿੱਧੂ

ਏਆਈਜੀ ਸਿੱਧੂ ਦੇ ਬੇਟੇ ਨੇ ਸਮੁੱਚੇ ਮਾਮਲੇ ਦੀ ਸੀਬੀਆਈ ਤੋਂ ਜਾਂਚ ਮੰਗੀ

ਨਬਜ਼-ਏ-ਪੰਜਾਬ, ਮੁਹਾਲੀ, 26 ਅਕਤੂਬਰ:
ਪੰਜਾਬ ਪੁਲੀਸ ਦੇ ਬਹੁ-ਚਰਚਿਤ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਪਤੀ ਅਤੇ ਬੇਟੇ ਵੱਲੋਂ ਮੁਹਾਲੀ ਦੇ ਸੈਕਟਰ-68 ਸਥਿਤ ਸਥਿਤ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ਦੇ ਬਾਹਰ ਪਾਰੀ ਹੰਗਾਮਾ ਕਰਨ ਤੋਂ ਬਾਅਦ ਲੰਘੀ ਦੇਰ ਰਾਤ ਪੁਲੀਸ ਅਧਿਕਾਰੀ ਦੀ ਗ੍ਰਿਫ਼ਤਾਰੀ ਪਾਈ ਗਈ। ਮਿਲੀ ਜਾਣਕਾਰੀ ਅਨੁਸਾਰ ਬੁੱਧਵਾਰ ਨੂੰ ਵਿਜੀਲੈਂਸ ਬਿਊਰੋ ਨੇ ਏਆਈਜੀ ਮਾਲਵਿੰਦਰ ਸਿੱਧੂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ, ਜਾਅਲੀ ਐਸਸੀ ਸਰਟੀਫਿਕੇਟਾਂ ਸਬੰਧੀ ਖ਼ੁਦ ਜਾਂਚ ਅਧਿਕਾਰੀ ਬਣਨ ਅਤੇ ਆਪਣੇ ਅਧਿਕਾਰਾਂ ਦੀ ਕਥਿਤ ਦੁਰਵਰਤੋਂ ਕਰਨ ਦੇ ਮਾਮਲੇ ਦੀ ਜਾਂਚ ਸਬੰਧੀ ਵਿਜੀਲੈਂਸ ਬਿਊਰੋ ਦੇ ਦਫ਼ਤਰ ਵਿੱਚ ਤਲਬ ਕੀਤਾ ਗਿਆ ਸੀ। ਜਾਂਚ ਅਧਿਕਾਰੀ ਨੇ ਏਆਈਜੀ ਸਿੱਧੂ ਨੂੰ ਆਪਣਾ ਮੋਬਾਈਲ ਬਾਹਰ ਰੱਖਣ ਲਈ ਕਿਹਾ ਤਾਂ ਉਸ ਨੇ ਸਾਫ਼ ਇਨਕਾਰ ਕਰ ਦਿੱਤਾ। ਉਸ (ਏਆਈਜੀ ਸਿੱਧੂ) ਦਾ ਕਹਿਣਾ ਸੀ ਉਹ ਉਸ ਕੋਲੋਂ ਕੀਤੀ ਜਾਣ ਵਾਲੀ ਪੁੱਛਗਿੱਛ ਦੀ ਕਾਰਵਾਈ ਰਿਕਾਰਡ ਕਰਨਾ ਚਾਹੁੰਦਾ ਹੈ।
ਉਧਰ, ਤਫ਼ਤੀਸ਼ੀ ਅਫ਼ਸਰਾਂ ਵੱਲੋਂ ਉਸ ਨੂੰ ਦੱਸਿਆ ਗਿਆ ਕਿ ਜਦੋਂ ਵੀ ਕਿਸੇ ਵਿਅਕਤੀ ਦੀ ਕਿਸੇ ਮਾਮਲੇ ਵਿੱਚ ਜਾਂਚ ਸਬੰਧੀ ਪੁੱਛ-ਪੜਤਾਲ ਕੀਤੀ ਜਾਂਦੀ ਹੈ ਤਾਂ ਨਾ ਤਾਂ ਉਹ ਆਪਣੇ ਨਾਲ ਮੋਬਾਈਲ ਫੋਨ ਲੈ ਕੇ ਜਾ ਸਕਦਾ ਹੈ ਅਤੇ ਨਾ ਹੀ ਪੁੱਛਗਿੱਛ ਦੀ ਰਿਕਾਰਡਿੰਗ ਕੀਤੀ ਜਾ ਸਕਦੀ ਹੈ। ਜਦੋਂ ਉਸ ਨੂੰ ਜਾਇਦਾਦ ਸਬੰਧੀ ਵੇਰਵੇ ਦੇਣ ਲਈ ਫਾਰਮ ਸੌਂਪਿਆ ਗਿਆ ਤਾਂ ਉਹ ਜਾਂਚ ਅਧਿਕਾਰੀ ਨਾਲ ਖਹਿਬੜ ਪਿਆ। ਏਆਈਜੀ ਸਿੱਧੂ ’ਤੇ ਡੀਐਸਪੀ ਨਾਲ ਝਗੜਾ ਅਤੇ ਕਥਿਤ ਧੱਕਾ ਮੁੱਕੀ ਕਰਨ ਦੇ ਵੀ ਦੋਸ਼ ਲੱਗੇ ਹਨ। ਇਸ ਤਰ੍ਹਾਂ ਬੁੱਧਵਾਰ ਦੇਰ ਰਾਤ ਸਿੱਧੂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਤੋਂ ਪਹਿਲਾਂ ਏਆਈਜੀ ਦੀ ਪਤਨੀ ਅਤੇ ਬੇਟੇ ਨੇ ਵਿਜੀਲੈਂਸ ਦਫ਼ਤਰ ਬਾਹਰ ਖੂਬ ਹੰਗਾਮਾ ਕੀਤਾ ਅਤੇ ਵਿਜੀਲੈਂਸ ’ਤੇ ਏਆਈਜੀ ਸਿੱਧੂ ਨੂੰ ਝੂਠੇ ਕੇਸ ਵਿੱਚ ਫਸਾਉਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਉਸ ਦੇ ਪਤੀ ਨੂੰ ਸਵੇਰੇ ਤੋਂ ਬਿਠਾ ਕੇ ਰੱਖਿਆ ਹੋਇਆ ਹੈ। ਪਰਿਵਾਰ ਨੂੰ ਮਿਲਣ ਵੀ ਨਹੀਂ ਦਿੱਤਾ ਜਾ ਰਿਹਾ ਹੈ ਅਤੇ ਜਾਂਚ ਅਧਿਕਾਰੀਆਂ ਨੇ ਉਸ ਕੋਲੋਂ ਮੋਬਾਈਲ ਫੋਨ ਵੀ ਖੋਹ ਕੇ ਰੱਖ ਲਿਆ ਹੈ। ਇਸ ਸਬੰਧੀ ਏਆਈਜੀ ਸਿੱਧੂ ਦੇ ਖ਼ਿਲਾਫ਼ ਮੁਹਾਲੀ ਥਾਣੇ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਅਲੱਗ ਤੋਂ ਪਰਚਾ ਦਰਜ ਕੀਤਾ ਗਿਆ ਹੈ। ਏਆਈਜੀ ਦੇ ਬੇਟੇ ਨੇ ਮੰਗ ਕੀਤੀ ਕਿ ਸਮੁੱਚੇ ਮਾਮਲੇ ਦੀ ਸੀਬੀਆਈ ਜਾਂ ਕਿਸੇ ਹੋਰ ਨਿਰਪੱਖ ਏਜੰਸੀ ਤੋਂ ਜਾਂਚ ਕਰਵਾਈ ਜਾਵੇ ਤਾਂ ਜੋ ਮੁਹਾਲੀ ਪੁਲੀਸ ਅਤੇ ਵਿਜੀਲੈਂਸ ਬਿਊਰੋ ਦੀਆਂ ਵਧੀਕੀਆਂ ਦਾ ਸੱਚ ਸਾਹਮਣੇ ਆ ਸਕੇ।
ਉਧਰ, ਮੁਹਾਲੀ ਅਦਾਲਤ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਨੇ ਉਸ ਨੂੰ ਝੂਠੇ ਕੇਸ ਵਿੱਚ ਫਸਾਉਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਜਾਅਲੀ ਐਸਸੀ ਸਰਟੀਫਿਕੇਟ ਮਾਮਲੇ ਵਿੱਚ ਦਲਿਤ ਭਾਈਚਾਰੇ ਨੂੰ ਸਹਿਯੋਗ ਦੇਣ ਦਾ ਉਸ ਨੂੰ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਗਲਤ ਤਰੀਕੇ ਨਾਲ ਬਦਲਾਖੋਰੀ ਦੇ ਚੱਲਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਨਿਆਂ ਪ੍ਰਣਾਲੀ ’ਤੇ ਪੁਰਾ ਭਰੋਸਾ ਹੈ ਅਤੇ ਸਚਾਈ ਜਲਦੀ ਹੀ ਲੋਕਾਂ ਦੇ ਸਾਹਮਣੇ ਆਵੇਗੀ।
ਜਿਕਰਯੋਗ ਹੈ ਕਿ ਬੀਤੀ 11 ਅਕਤੂਬਰ ਨੂੰ ਮੁਹਾਲੀ ਪ੍ਰੈਸ ਕਲੱਬ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਏਆਈਜੀ ਮਾਲਵਿੰਦਰ ਸਿੱਧੂ ਨੇ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਤੋਂ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਉਸ ਨੂੰ ਝੂਠੇ ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦੇਣ ਦਾ ਦੋਸ਼ ਲਾਇਆ ਸੀ। ਉਸ ਨੇ ਪੰਜਾਬ ਪੁਲੀਸ ਦੇ ਇੱਕ ਸਬ ਇੰਸਪੈਕਟਰ ਦਾ ਪਰਿਵਾਰ ਤੇ ਰਿਸ਼ਤੇਦਾਰ ਜਾਅਲੀ ਐਸਸੀ ਸਰਟੀਫਿਕੇਟ ਬਣਾ ਕੇ ਆਈਏਐਸ, ਹੈੱਡਮਾਸਟਰ ਅਤੇ ਹੋਰ ਉੱਚ ਅਹੁਦਿਆਂ ’ਤੇ ਬਿਰਾਜਮਾਨ ਹੋਣ ਦਾ ਖ਼ੁਲਾਸਾ ਕੀਤਾ ਸੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…