ਖੇਤੀਬਾੜੀ ਵਿਭਾਗ ਦੇ ਯਤਨਾਂ ਨੂੰ ਬੂਰ ਪਿਆ, ਕਿਸਾਨਾਂ ਦੇ ਵਿਹੜੇ ਰੌਣਕਾਂ ਪਰਤੀਆਂ

ਪਿਛਲੇ ਸਾਲ ਨਾਲੋਂ ਇਸ ਵਰ੍ਹੇ ਮੰਡੀਆਂ ਵਿੱਚ ਝੋਨੇ ਦੀ ਆਮਦ ਵਿੱਚ 20.7 ਫ਼ੀਸਦੀ ਵਾਧਾ ਹੋਇਆ

ਨਬਜ਼-ਏ-ਪੰਜਾਬ, ਮੁਹਾਲੀ, 14 ਨਵੰਬਰ:
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਯਤਨਾਂ ਸਦਕਾ ਸਾਲ 2023 ਦੌਰਾਨ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਸਾਉਣੀ ਦੀ ਮੁੱਖ ਫ਼ਸਲ ਝੋਨੇ ਦਾ ਵਧੇਰੇ ਝਾੜ ਪ੍ਰਾਪਤ ਕੀਤਾ ਗਿਆ ਹੈ, ਜਿਸ ਸਦਕਾ ਉਨ੍ਹਾਂ ਦੇ ਵਿਹੜੇ ਰੌਣਕਾਂ ਪਰਤ ਆਈਆਂ ਹਨ। ਅੱਜ ਇੱਥੇ ਮੁੱਖ ਖੇਤੀਬਾੜੀ ਅਫ਼ਸਰ ਮੁਹਾਲੀ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਜੁਲਾਈ ਵਿੱਚ ਹੋਈਆਂ ਭਾਰੀ ਬਾਰਸ਼ ਅਤੇ ਹੜ੍ਹਾਂ ਕਾਰਨ ਨੁਕਸਾਨੇ ਰਕਬੇ ਲਈ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਪਨੀਰੀ ਅਤੇ ਹੋਰ ਇਨਪੱੁਟਸ ਦਾ ਪ੍ਰਬੰਧ ਕੀਤਾ ਗਿਆ ਸੀ, ਜਿਸ ਦੇ ਸਿੱਟੇ ਵਜੋਂ ਮੰਡੀਆਂ ਵਿੱਚ ਇਸ ਵਾਰ ਝੋਨੇ ਦੀ ਫ਼ਸਲ ਦਾ ਚੰਗਾ ਝਾੜ ਪ੍ਰਾਪਤ ਹੋਇਆ ਹੈ। ਹੁਣ ਤੱਕ ਪ੍ਰਾਪਤ ਅੰਕੜਿਆਂ ਅਨੁਸਾਰ ਮੰਡੀਆਂ ਵਿੱਚ ਝੋਨੇ ਦੀ ਆਮਦ ਵਿੱਚ ਪਿਛਲੇ ਸਾਲ ਨਾਲੋਂ 20.7 ਫ਼ੀਸਦੀ ਵਾਧਾ ਹੋਇਆ ਹੈ।
ਹੜ੍ਹਾਂ ਦੇ ਬਾਵਜੂਦ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਦੇ ਉਪਰਾਲਿਆਂ ਅਤੇ ਕਿਸਾਨਾਂ ਦੀ ਮਿਹਨਤ ਸਦਕਾ ਝੋਨੇ ਦਾ ਝਾੜ 6619 ਕਿੱਲੋ ਪ੍ਰਤੀ ਹੈਕਟੇਅਰ ਰਿਹਾ, ਜੋ ਕਿ ਪਿਛਲੇ ਸਾਲ 4752 ਕਿੱਲੋ ਪ੍ਰਤੀ ਹੈਕਟੇਅਰ ਸੀ। ਸਾਲ 2023 ਦੌਰਾਨ ਲਗਭਗ 3500 ਹੈਕਟੇਅਰ ਰਕਬੇ ’ਤੇ ਮੱਕੀ ਦੀ ਫ਼ਸਲ ਦੀ ਬਿਜਾਈ ਕੀਤੀ, ਜਿਸ ਦਾ ਝਾੜ 5374 ਕਿੱਲੋ ਪ੍ਰਤੀ ਹੈਕਟੇਅਰ ਰਿਹਾ ਹੈ, ਜੋ ਪਿਛਲੇ ਸਾਲ 4026 ਕਿੱਲੋ ਪ੍ਰਤੀ ਹੈਕਟੇਅਰ ਸੀ। ਮੱਕੀ ਦੀ ਫ਼ਸਲ ਦਾ ਝਾੜ 1348 ਕਿੱਲੋ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਵਧਿਆ ਹੈ।
ਖੇਤੀਬਾੜੀ ਵਿਭਾਗ ਵੱਲੋਂ ਲਗਾਏ ਕੈਂਪਾਂ ਅਤੇ ਕਿਸਾਨ ਗੋਸ਼ਟੀਆਂ ਰਾਹੀਂ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਕਾਸ਼ਤ ਕਰਨ ਲਈ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਗਿਆ ਸੀ। ਇਸ ਸਦਕਾ ਕਿਸਾਨਾਂ ਵੱਲੋਂ ਭਰਪੂਰ ਸਹਿਯੋਗ ਦਿੰਦਿਆਂ ਲਗਪਗ 70 ਫ਼ੀਸਦੀ ਰਕਬਾ ਘੱਟ ਸਮਾਂ ਲੈਣ ਵਾਲੀ ਪੀ.ਆਰ.126 ਕਿਸਮ ਹੇਠ ਬੀਜਿਆ ਗਿਆ। ਫ਼ਸਲੀ ਵਿਭਿੰਨਤਾ ਅਧੀਨ ਮੱਕੀ ਅਤੇ ਗੰਨੇ ਵਰਗੀਆਂ ਫ਼ਸਲਾਂ ਹੇਠ ਕਾਸ਼ਤ ਅਧੀਨ ਲਿਆਉਣ ਲਈ ਵੀ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਗਿਆ ਅਤੇ ਖੇਤੀਬਾੜੀ ਵਿਭਾਗ ਵੱਲੋਂ ਮੱਕੀ ਦੀ ਕਿਸਮ ਪੀਏਸੀ 751 ਅਤੇ ਪੀਏਸੀ 9293 ਦਾ ਬੀਜ ਉਪਦਾਨ ਤੇ ਕਿਸਾਨਾਂ ਨੂੰ ਦਿੱਤਾ ਗਿਆ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੀ ਬਿਹਤਰੀ ਲਈ ਉਪਰਾਲੇ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਨੂੰ ਸਹਿਯੋਗ ਦਿੰਦਿਆਂ ਪਰਾਲੀ ਨੂੰ ਅੱਗ ਲਾਉਣ ਦੀ ਰੀਤ ਬਿਲਕੁਲ ਬੰਦ ਕੀਤੀ ਜਾਵੇ। ਇਸ ਨਾਲ ਜਿੱਥੇ ਪ੍ਰਦੂਸ਼ਣ ਤੋਂ ਬਚਾਅ ਹੋਵੇਗਾ, ਉੱਥੇ ਜ਼ਮੀਨ ਦੀ ਸਿਹਤ ਸੁਧਾਰਨ ਨਾਲ ਫ਼ਸਲਾਂ ਦਾ ਝਾੜ ਹੋਰ ਵੀ ਵਧੇਗਾ।

Load More Related Articles
Load More By Nabaz-e-Punjab
Load More In General News

Check Also

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ ਮਾ…