ਗੁਰੂ ਨਾਨਕ ਦੇਵ ਦੇ 554ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਨਗਰ ਕੀਰਤਨ ਸਜਾਇਆ

ਨਬਜ਼-ਏ-ਪੰਜਾਬ, ਮੁਹਾਲੀ, 26 ਨਵੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਇਆ। ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਉਨ੍ਹਾਂ ਦੇ ਪਿੱਛੇ ਸ਼ੀਸ਼ੇ ਦੀ ਆਲੀਸ਼ਾਨ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਬਿਰਾਜਮਾਨ ਸਨ। ਪਾਲਕੀ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਗਿਆ ਸੀ।
ਉਸ ਦੇ ਪਿੱਛੇ ਰਾਗੀ ਸਿੰਘਾਂ ਅਤੇ ਸੰਗਤ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਗਾਇਨ ਕੀਤਾ ਜਾ ਰਿਹਾ ਸੀ। ਨਗਰ ਕੀਰਤਨ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਇਲਾਕੇ ਦੀ ਸੰਗਤ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਜਦੋਂਕਿ ਫੌਜੀ ਬੈਂਡ, ਸਕੂਲੀ ਬੱਚਿਆਂ ਦੇ ਬੈਂਡ ਅਤੇ ਹੋਰ ਕਈ ਪ੍ਰਕਾਰ ਦੇ ਬੈਂਡ ਵਾਲਿਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਨਗਰ ਕੀਰਤਨ ਦੇ ਪੂਰੇ ਰਸਤੇ ਨੂੰ ਸਵਾਗਤੀ ਗੇਟਾਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ।

ਨਗਰ ਕੀਰਤਨ ਦਾ ਰਸਤੇ ਵਿੱਚ ਥਾਂ-ਥਾਂ ’ਤੇ ਨਿੱਘਾ ਸਵਾਗਤ ਕੀਤਾ। ਚਾਹ, ਬ੍ਰੈੱਡ-ਪਕੌੜੇ, ਮਠਿਆਈ ਅਤੇ ਸੁੱਕੇ ਮੇਵਿਆਂ ਦਾ ਪ੍ਰਸ਼ਾਦ ਅਤੁੱਟ ਵਰਤਿਆ। ਸੰਗਤ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਹ ਨਗਰ ਕੀਰਤਨ ਪੂਰੇ ਇਲਾਕੇ ਦੀ ਪ੍ਰਕਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਪਹੁੰਚ ਕੇ ਸਮਾਪਤ ਹੋਇਆ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ: ਛੋਟਾ-ਵੱਡਾ ਘੱਲੂਘਾਰਾ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ: ਛੋਟਾ-ਵੱਡਾ ਘੱਲੂਘਾਰਾ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਨਬਜ਼…