ਕਿਸਾਨ ਅੰਦੋਲਨ: ਮੁਹਾਲੀ-ਚੰਡੀਗੜ੍ਹ ਦੀ ਹੱਦ ’ਤੇ ਦੂਜੇ ਦਿਨ ਵੀ ਕਿਸਾਨਾਂ ਤੇ ਬੀਬੀਆਂ ਦੀ ਭੀੜ ਉਮੜੀ

ਪੰਜਾਬ ਦੇ ਰਾਜਪਾਲ ਨੂੰ ਮੰਗਲਵਾਰ ਨੂੰ ਸਵੇਰੇ 11 ਵਜੇ ਦਿੱਤਾ ਜਾਵੇਗਾ ਸਾਂਝਾ ਮੰਗ ਪੱਤਰ

ਕਿਸਾਨਾਂ ਦੀਆਂ ਮੰਗਾਂ ਪ੍ਰਤੀ ਮੁੱਖ ਮੰਤਰੀ ਦੀ ਚੁੱਪੀ ਦਾ ਗੰਭੀਰ ਨੋਟਿਸ ਲਿਆ, ਪਰਾਲੀ ਨੂੰ ਅੱਗ ਲਾਉਣਾ ਸਾਡੀ ਮਜਬੂਰੀ

ਨਬਜ਼-ਏ-ਪੰਜਾਬ, ਮੁਹਾਲੀ, 27 ਨਵੰਬਰ:
ਸੰਯੁਕਤ ਕਿਸਾਨ ਮੋਰਚਾ ਵੱਲੋਂ ਜਗਤਪੁਰਾ ਟੀ-ਪੁਆਇੰਟ (ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ) ਉੱਤੇ ਦਿੱਤੇ ਜਾ ਰਹੇ ਧਰਨੇ ਦੇ ਦੂਜੇ ਦਿਨ ਸੋਮਵਾਰ ਨੂੰ ਕਿਸਾਨਾਂ ਅਤੇ ਬੀਬੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸੇ ਦੌਰਾਨ ਸਿੱਖਿਆ ਬੋਰਡ ਕੇਂਦਰੀ ਟਰੇਡ ਯੂਨੀਅਨਾਂ\ਫੈਡਰੇਸ਼ਨਾਂ ਦੇ ਨੁਮਾਇੰਦਿਆਂ ਨੇ ਵੀ ਮੋਰਚੇ ਵਿੱਚ ਪਹੁੰਚ ਕੇ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ। ਉਧਰ, ਮੁਹਾਲੀ ਤੇ ਯੂਟਹੀ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਰਾਹੀਂ ਕਿਸਾਨ ਜਥੇਬੰਦੀਆਂ ਦੇ ਮੋਹਰੀ ਆਗੂਆਂ ਨੂੰ ਭਲਕੇ ਸਵੇਰੇ 11 ਵਜੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਨ ਲਈ ਸੱਦਿਆ ਗਿਆ ਹੈ।
ਜਦੋਂਕਿ ਪੰਜਾਬ ਸਰਕਾਰ ਨੂੰ ਲਿਖ ਕੇ ਭੇਜੀਆਂ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਵੱਲੋਂ ਹਾਲੇ ਤੱਕ ਕੋਈ ਹੁੰਗਾਰਾ ਨਾ ਭਰਨ ਦਾ ਸੰਯੁਕਤ ਕਿਸਾਨ ਮੋਰਚਾ ਨੇ ਸਖ਼ਤ ਨੋਟਿਸ ਲਿਆ ਹੈ। ਮੁੱਖ ਮੰਤਰੀ ਦੀ ਚੁੱਪੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।
ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸਾਂਝੀ ਮੀਟਿੰਗ ਕਰਕੇ ਇਸ ਮਾਮਲੇ ’ਤੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕਰਦਿਆਂ ਫ਼ੈਸਲਾ ਕੀਤਾ ਕਿ ਰਾਜਪਾਲ ਨੂੰ ਮਿਲਣ ਮਗਰੋਂ ਫੌਰੀ ਮੀਟਿੰਗ ਸੱਦ ਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ। ਅੱਜ ਹੋਈ ਮੀਟਿੰਗ ਦੀ ਪ੍ਰਧਾਨਗੀ ਨਿਰਭੈ ਸਿੰਘ ਢੁੱਡੀਕੇ, ਹਰਮੀਤ ਸਿੰਘ ਕਾਦੀਆਂ ਅਤੇ ਸਤਨਾਮ ਸਿੰਘ ਸਾਹਨੀ ਨੇ ਕੀਤੀ। ਧਰਨੇ ਵਿੱਚ ਅੱਜ ਪੰਜਾਬ ਦੇ ਵੱਖ-ਵੱਖ ਕੋਨਿਆਂ ਤੋਂ ਟਰੈਕਟਰ-ਟਰਾਲੀਆਂ ਰਾਹੀਂ ਕਿਸਾਨਾਂ ਦੀ ਆਮਦ ਲਗਾਤਾਰ ਜਾਰੀ ਰਹੀ। ਜਗਤਪੁਰਾ ਬਾਈਪਾਸ ’ਤੇ ਖੜੀਆਂ ਹਜ਼ਾਰਾਂ ਟਰੈਕਟਰ-ਟਰਾਲੀਆਂ ਦਿੱਲੀ ਮੋਰਚੇ ਦੀਆਂ ਯਾਦ ਤਾਜ਼ਾ ਕਰਵਾ ਰਹੀਆਂ ਹਨ। ਉਧਰ, ਅੱਜ ਕਿਸਾਨਾਂ ਨੇ ਧਰਨੇ ਵਾਲੀ ਥਾਂ ਸਵੇਰੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ। ਜਪੁਜੀ ਸਾਹਿਬ ਦੇ ਪਾਠ ਤੋਂ ਬਾਅਦ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਧਰਨੇ ਨੂੰ ਕਿਸਾਨ ਆਗੂ ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ, ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ, ਰਮਿੰਦਰ ਸਿੰਘ ਪਟਿਆਲਾ, ਬੂਟਾ ਸਿੰਘ ਬੁਰਜ ਗਿੱਲ, ਸਤਨਾਮ ਸਿੰਘ ਬਹਿਰੂ, ਬਲਵਿੰਦਰ ਸਿੰਘ ਮੱਲੀਨੰਗਲ, ਜੰਗਵੀਰ ਸਿੰਘ ਚੌਹਾਨ, ਬਿੰਦਰ ਸਿੰਘ ਗੋਲੇਵਾਲਾ, ਸੁੱਖ ਗਿੱਲ ਮੋਗਾ, ਨਛੱਤਰ ਸਿੰਘ ਜੈਤੋ, ਸਤਨਾਮ ਸਿੰਘ ਅਜਨਾਲਾ, ਡਾ ਦਰਸ਼ਨਪਾਲ , ਰੁਲਦੂ ਸਿੰਘ ਮਾਨਸਾ, ਮੇਜ਼ਰ ਸਿੰਘ ਪੁੰਨਾਵਾਲ, ਹਰਬੰਸ ਸਿੰਘ ਸੰਘਾ, ਬਲਦੇਵ ਸਿੰਘ ਨਿਹਾਲਗੜ੍ਹ, ਬੂਟਾ ਸਿੰਘ ਸ਼ਾਦੀਪੁਰ, ਹਰਜੀਤ ਰਵੀ, ਬਲਵਿੰਦਰ ਸਿੰਘ ਰਾਜੂ ਅੌਲਖ, ਅਮੋਲਕ ਸਿੰਘ ਤਰਨਤਾਰਨ, ਕਿਰਪਾ ਸਿੰਘ ਨੱਥੂਵਾਲਾ, ਜਗਮਨਦੀਪ ਸਿੰਘ ਪੜੀ, ਕਿਰਨਜੀਤ ਸਿੰਘ ਸੇਖੋਂ, ਵੀਰਪਾਲ ਸਿੰਘ ਢਿੱਲੋਂ, ਕੁਲਦੀਪ ਸਿੰਘ ਵਜੀਦਪੁਰ ਅਤੇ ਦਵਿੰਦਰ ਸਿੰਘ ਸੰਧੂ ਨੇ ਵੀ ਸੰਬੋਧਨ ਕੀਤਾ। ਕਿਸਾਨਾਂ ਨੇ ਇੱਕਸੁਰ ਵਿੱਚ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣਾ ਅੰਨਦਾਤਾ ਦੀ ਮਜਬੂਰੀ ਹੈ। ਇਸ ਤੋਂ ਬਿਨਾਂ ਉਨ੍ਹਾਂ ਕੋਲ ਹੋਰ ਕੋਈ ਚਾਰਾ ਨਹੀਂ ਹੈ।
ਰਾਜਪਾਲ ਵੱਲੋਂ ਸੱਦਾ ਮਿਲਣ ਮਗਰੋਂ ਬੁਲਾਰਿਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨ ਲਹਿਰ ਵਿਰੁੱਧ ਲੋਕਾਂ ਨੂੰ ਗੁੰਮਰਾਹ ਕਰਨ ਲਈ ਦਿੱਤੇ ਜਾ ਰਹੇ ਗੈਰ-ਜ਼ਿੰਮੇਵਾਰਾਨਾ ਬਿਆਨਾਂ ਨੂੰ ਕਰੜ੍ਹੇ ਹੱਥੀਂ ਲੈਂਦਿਆਂ ਕਿਹਾ ਕਿ ਆਪ ਸਰਕਾਰ ਨੂੰ ਮੁੱਖ ਮੰਤਰੀ ਦੇ ਅਜਿਹੇ ਬਿਆਨਾਂ ਦਾ ਸਿਆਸੀ ਖ਼ਮਿਆਜ਼ਾ ਭੁਗਤਣ ਲਈ ਤਿਆਰ ਰਹਿਣਾ ਚਾਹੀਦਾ ਹੈ।

ਬੁਲਾਰਿਆਂ ਨੇ ਸਾਰੀਆਂ ਫ਼ਸਲਾਂ ਦੀ ਐਮਐਸਪੀ ’ਤੇ ਖਰੀਦ ਦੀ ਗਰੰਟੀ, ਸਵਾਮੀਨਾਥਨ ਕਮਿਸ਼ਨ ਰਿਪੋਰਟ ਅਨੁਸਾਰ ਸੀ-2+50 ਫੀਸਦੀ ਫ਼ਾਰਮੂਲੇ ਨਾਲ ਫਸਲਾਂ ਦੇ ਭਾਅ ਤੈਅ ਕਰਨਾ, ਕਿਸਾਨ ਮਾਰੂ ਨੀਤੀਆਂ ਕਾਰਨ ਕਿਸਾਨਾਂ ਸਿਰ ਚੜ੍ਹਿਆ ਸਾਰਾ ਕਰਜ਼ਾ ਮੁਆਫ਼ ਕਰਨ ਸਮੇਤ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ, ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਬਰਖਾਸਤ ਕਰ ਕੇ ਜੇਲ੍ਹ ’ਚ ਡੱਕਣਾ, ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ’ਤੇ ਬਣਾਏ ਸਾਰੇ ਕੇਸ ਰੱਦ ਕਰਨ, ਬਿਜਲੀ ਸੋਧ ਬਿਲ ਨੂੰ ਚੋਰ ਮੋਰੀਆਂ ਰਾਹੀਂ ਲਾਗੂ ਕਰਨਾ ਬੰਦ ਕੀਤਾ ਜਾਵੇ, 60 ਸਾਲ ਤੋਂ ਵੱਧ ਉਮਰ ਦੇ ਸਾਰੇ ਕਿਸਾਨਾਂ ਨੂੰ 10 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦੇਣ, ਨਿਊਜ਼ਕਲਿੱਕ ਖ਼ਿਲਾਫ਼ ਦਰਜ ਕੇਸ ਰੱਦ ਕਰਨ, ਕਿਸਾਨੀ ਘੋਲ ਨੂੰ ਦੇਸ਼ ਵਿਰੋਧੀ ਕਹਿਣਾ ਬੰਦ ਕੀਤਾ ਜਾਵੇ। ਖੇਤੀ ਨੂੰ ਕਾਰਪੋਰੇਟਾਂ ਕੋਲ ਵੇਚਣ ਦੀਆਂ ਸਾਰੀਆਂ ਨੀਤੀਆਂ ਰੱਦ ਕਰਨ, ਪਬਲਿਕ ਸੈਕਟਰ ਦੀ ਬਹਾਲੀ ਅਤੇ ਨਿੱਜੀਕਰਨ ਦੀਆਂ ਨੀਤੀਆਂ ਬੰਦ ਕਰਨ ਦੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਚੁੱਕਿਆ ਗਿਆ।
ਪੰਜਾਬ ਵਿੱਚ ਹੜ੍ਹਾਂ ਅਤੇ ਗੜੇਮਾਰੀ ਨਾਲ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣ, ਝੋਨੇ ਤੋਂ ਖਹਿੜਾ ਛਡਾਉਣ ਲਈ ਸਬਜ਼ੀਆਂ, ਮੱਕੀ, ਮੂੰਗੀ, ਗੰਨਾ ਅਤੇ ਹੋਰ ਫਸਲਾਂ ਦੀ ਐਮਐਸਪੀ ’ਤੇ ਖਰੀਦ ਕੀਤੀ ਜਾਵੇ, ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਕਰਨ ਸਮੇਤ ਗੰਨੇ ਦੀ ਬਕਾਇਆ ਰਾਸੀ ਵਿਆਜ਼ ਸਣੇ ਜਾਰੀ ਕੀਤਾ ਜਾਵੇ, ਆਬਾਦਕਾਰ ਕਿਸਾਨਾਂ ਤੋਂ ਜ਼ਮੀਨਾਂ ਖੋਹਣੀਆਂ ਬੰਦ ਕਰ ਕੇ ਉਨ੍ਹਾਂ ਨੂੰ ਮਾਲਕੀ ਦੇ ਹੱਕ ਦਿੱਤੇ ਜਾਣ, ਚਿਪ ਵਾਲੇ ਮੀਟਰ ਲਗਾਉਣੇ ਬੰਦ ਕੀਤੇ ਜਾਣ, ਪਰਾਲੀ ਸਾੜਨ ’ਤੇ ਰੈੱਡ ਐਂਟਰੀਆਂ ਅਤੇ ਹੋਰ ਸਾਰੀਆਂ ਕਾਰਵਾਈਆਂ ਰੱਦ ਕੀਤੀਆਂ ਜਾਣ। ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦਿੱਤੀਆਂ ਜਾਣ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ: ਛੋਟਾ-ਵੱਡਾ ਘੱਲੂਘਾਰਾ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ: ਛੋਟਾ-ਵੱਡਾ ਘੱਲੂਘਾਰਾ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਨਬਜ਼…