ਆਮ ਆਦਮੀ ਪਾਰਟੀ ਦੀ ਸਰਕਾਰ ਘਰ-ਘਰ ਸ਼ਰਾਬ ਪਹੁੰਚਾਉਣ ਵਿੱਚ ਸੀਮਤ: ਸੁਨੀਲ ਜਾਖੜ

ਸੁਨੀਲ ਜਾਖੜ ਨੇ ਪਿੰਡ ਬਹਿਲੋਲਪੁਰ ਵਿੱਚ ਲੋਕਾਂ ਨੂੰ ਕੇਂਦਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਨਬਜ਼-ਏ-ਪੰਜਾਬ, ਮੁਹਾਲੀ, 11 ਦਸੰਬਰ:
ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਮਿਸ਼ਨ-2024 ਤਹਿਤ ਸ਼ਹਿਰਾਂ ਦੇ ਨਾਲ-ਨਾਲ ਹੁਣ ਪੇਂਡੂ ਖੇਤਰ ਵਿੱਚ ਲੋਕਾਂ ਨਾਲ ਜੁੜਨਾ ਸ਼ੁਰੂ ਕਰ ਦਿੱਤਾ ਹੈ। ਵਿਕਸਿਤ ਭਾਰਤ ਸੰਕਲਪ ਯਾਤਰਾ ਦਾ ਸਵਾਗਤ ਕਰਨ ਲਈ ਪਿੰਡ ਬਹਿਲੋਲਪੁਰ ਵਿੱਚ ਪਹੁੰਚੇ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਸਿਰਫ਼ ਘੁਟਾਲਿਆਂ ਦੀ ਸਰਕਾਰ ਬਣ ਕੇ ਰਹਿ ਗਈ ਹੈ। ਆਏ ਦਿਨ ਸਰਕਾਰ ਕਰਜ਼ਾ ਚੁੱਕ ਕੇ ਹੋਰਨਾਂ ਸੂਬਿਆਂ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਚਾਰ ਲਈ ਫਜ਼ੂਲ ਇਸ਼ਤਿਹਾਰਬਾਜ਼ੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਵਿਕਾਸ ਨੂੰ ਭੁਲਾ ਕੇ ਸਰਕਾਰੀ ਖ਼ਜ਼ਾਨੇ ਦਾ ਮੂੰਹ ਗੁਆਂਢੀ ਸੂਬਿਆਂ ਵੱਲ ਖੋਲ੍ਹਣਾ ਬਿਲਕੁਲ ਗਲਤ ਹੈ।
‘ਪੰਜਾਬ ਸਰਕਾਰ ਆਪ ਕੇ ਦੁਆਰ’ ਯੋਜਨਾ ’ਤੇ ਵਿਅੰਗ ਕਸਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਲੱਗਦਾ ਹੈ ਕਿ ਹੁਣ ਮਾਨ ਸਰਕਾਰ ਘਰ-ਘਰ ਸ਼ਰਾਬ ਪਹੁੰਚਾਉਣ ਦਾ ਕੰਮ ਕਰੇਗੀ? ਇਸ ਤੋਂ ਪਹਿਲਾਂ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿੱਚ ਗਲੀ-ਗਲੀ ਵਿੱਚ ਠੇਕੇ ਖੁਲ੍ਹਵਾ ਦਿੱਤੇ ਗਏ ਸਨ ਅਤੇ ਸ਼ਰਾਬ ਘੁਟਾਲੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਨੂੰ ਜੇਲ੍ਹ ਜਾਣਾ ਪਿਆ। ਇੰਜ ਜਾਪਦਾ ਹੈ ਸ਼ਾਇਦ ਹੁਣ ਇਹ ਮਾਡਲ ਪੰਜਾਬ ਵਿੱਚ ਵੀ ਲਾਗੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਪੇਂਡੂ ਵਿਕਾਸ ਫੰਡ ਦੀ ਅਦਾਇਗੀ ਨਾ ਕੀਤੇ ਜਾਣ ਬਾਰੇ ਪੁੱਛੇ ਜਾਣ ’ਤੇ ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਹਾਲਤ ਇਹ ਹੈ ਕਿ ਜਿਸ ਕੰਮ ਲਈ ਕੇਂਦਰ ਤੋਂ ਪੈਸਾ ਲੈਂਦੀ ਹੈ, ਉਸ ’ਤੇ ਖ਼ਰਚ ਕਰਨ ਦੀ ਥਾਂ ਮਨਮਰਜ਼ੀ ਨਾਲ ਪੈਸੇ ਖਰਚੇ ਜਾਂਦੇ ਹਨ ਅਤੇ ਗਰਾਂਟ ਵਰਤੋਂ ਸਰਟੀਫਿਕੇਟ ਵੀ ਨਹੀਂ ਦਿੱਤਾ ਜਾਂਦਾ। ਇਸ ਤਰ੍ਹਾਂ ਸੂਬਾ ਸਰਕਾਰ ਵਿੱਤੀ ਅਨੁਸ਼ਾਸਨ ਨਹੀਂ ਨਿਭਾਅ ਰਹੀ। ਜਿਸ ਕਾਰਨ ਪਿਛਲੇ ਦਿਨੀਂ ਪੰਜਾਬ ਵੱਲੋਂ ਕਰਜ਼ੇ ਦੇ ਰੂਪ ਵਿੱਚ ਮੰਗੀ ਗਈ 1837 ਕਰੋੜ ਦੀ ਰਕਮ ਦੇਣ ਤੋਂ ਇਨਕਾਰ ਕੀਤਾ ਗਿਆ।
ਕਾਂਗਰਸ ’ਤੇ ਤੰਜ ਕਸਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸ ਦੇ ਰਾਜ ਸਭਾ ਮੈਂਬਰ ਦੇ ਘਰੋਂ ਆਮਦਨ ਕਰ ਵਿਭਾਗ ਵੱਲੋਂ ਸੈਂਕੜੇ ਕਰੋੜ ਰੁਪਏ ਦੀ ਬਰਾਮਦਗੀ ਨਾਲ ਇਹ ਸਾਬਤ ਹੋਇਆ ਹੈ ਕਿ ਕਾਂਗਰਸੀ ਆਗੂ ਕਿਸ ਹੱਦ ਤੱਕ ਭ੍ਰਿਸ਼ਟਾਚਾਰ ਵਿੱਚ ਡੁੱਬੇ ਹੋਏ ਹਨ। ਉਨ੍ਹਾਂ ਕਿਹਾ ਕਿ ਪਾਰਟੀਆਂ ਆਪਣੇ ਫਾਇਦੇ ਲਈ ਲੋਕਾਂ ਨੂੰ ਗੁਮਰਾਹ ਕਰਕੇ ਸੱਤਾ ਹਾਸਲ ਕਰਨ ਦਾ ਯਤਨ ਕਰਦੀਆਂ ਹਨ ਪ੍ਰੰਤੂ ਲੋਕ ਇਨ੍ਹਾਂ ਨੂੰ ਨਕਾਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥਾਂ ਵਿੱਚ ਦੇਸ਼ ਸੁਰੱਖਿਅਤ ਹੈ ਅਤੇ ਅਗਲੇ ਵਰ੍ਹੇ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਹੂੰਝਾਫੇਰ ਜਿੱਤ ਪ੍ਰਾਪਤ ਕਰੇਗੀ। ਇਸ ਦੌਰਾਨ ਕੇਂਦਰੀ ਟੀਮ ਨੇ ਪੇਂਡੂ ਲੋਕਾਂ ਨੂੰ ਖੇਤੀ ਵਿੱਚ ਡਰੋਨ ਦੀ ਵਰਤੋਂ ਕਰਨ ਦਾ ਇੱਕ ਡੈਮੋ ਵੀ ਦਿਖਾਇਆ। ਜਿਸ ਬਾਰੇ ਜਾਖੜ ਨੇ ਕਿਹਾ ਕਿ ਭਾਜਪਾ ਦੀ ਵਿਚਾਰਧਾਰਾ ਵਿਕਸਤ ਭਾਰਤ ਬਣਾਉਣ ਲਈ ਕਤਾਰ ਵਿੱਚ ਸਭ ਤੋਂ ਅਖੀਰਲੇ ਵਿਅਕਤੀ ਨੂੰ ਨਾਲ ਲੈ ਕੇ ਚੱਲਣਾ ਹੈ।
ਇਸ ਮੌਕੇ ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਜ਼ਿਲ੍ਹਾ ਪ੍ਰਧਾਨ ਸੰਜੀਵ ਵਿਸ਼ਿਸ਼ਟ, ਕਮਲਦੀਪ ਸੈਣੀ, ਬਲਾਕ ਪ੍ਰਧਾਨ ਅਨਿਲ ਕੁਮਾਰ, ਅਮਰੀਕ ਸਿੰਘ ਹੈਪੀ ਅਤੇ ਬਹਿਲੋਲਪੁਰ ਦੇ ਸਰਪੰਚ ਮਨਜੀਤ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਪ੍ਰਮੁੱਖ ਸਕੱਤਰ ਦੇ ਭਰੋਸੇ ਮਗਰੋਂ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਪ੍ਰੋਗਰਾਮ ਮੁਲਤਵੀ

ਵੈਟਰਨਰੀ ਡਾਕਟਰਾਂ ਨੇ ਪ੍ਰਮੁੱਖ ਸਕੱਤਰ ਦੇ ਭਰੋਸੇ ਮਗਰੋਂ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਪ੍ਰੋਗਰਾਮ ਮੁਲਤਵੀ ਪ…