ਡੀਸੀ ਵੱਲੋਂ ਜਾਨਵਰਾਂ ਦੇ ਜਨਮ ਨਿਯੰਤਰਨ ਅਤੇ ਪਾਲਤੂ ਜਾਨਵਰਾਂ ਦੀ ਰਜਿਸਟ੍ਰੇਸ਼ਨ ਸਮੇਤ ਤੁਰੰਤ ਢੁਕਵੀਂ ਕਾਰਵਾਈ ਕਰਨ ਦੇ ਹੁਕਮ

ਮੁਹਾਲੀ ਵਿੱਚ 1174 ਕੁੱਤਿਆਂ ਦੀ ਨਸਬੰਦੀ ਕੀਤੀ

ਨਬਜ਼-ਏ-ਪੰਜਾਬ, ਮੁਹਾਲੀ, 11 ਦਸੰਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕੁੱਤਿਆਂ ਦੇ ਵੱਢਣ ਦੇ ਵੱਧ ਰਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਕੁੱਤਿਆਂ ਵੱਲੋਂ ਵੱਢਣ ਦੇ ਖ਼ਤਰੇ ਤੋਂ ਲੋਕਾਂ ਨੂੰ ਰਾਹਤ ਦਿਵਾਉਣ ਲਈ ਤੁਰੰਤ ਢੁਕਵੀਂ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ। ਮੀਟਿੰਗ ਦੌਰਾਨ ਮੁਹਾਲੀ ਸਮੇਤ ਖਰੜ ਅਤੇ ਜ਼ੀਰਕਪੁਰ ਦੇ ਤਾਜ਼ਾ ਮਾਮਲਿਆਂ ਦਾ ਜ਼ਿਕਰ ਕਰਦਿਆਂ ਡਿਪਟੀ ਕਮਿਸ਼ਨਰ ਨੇ ਚਿੰਤਾ ਪ੍ਰਗਟ ਕੀਤੀ ਅਤੇ ਮੁਹਾਲੀ ਨਗਰ ਨਿਗਮ ਸਮੇਤ ਸਮੂਹ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਜਾਨਵਰਾਂ ਦੇ ਜਨਮ ਨਿਯੰਤਰਨ (ਐਨੀਮਲ ਬਰਥ ਕੰਟਰੋਲ) ਮੁਹਿੰਮ ਸ਼ੁਰੂ ਕਰਨ ਦੇ ਵੀ ਆਦੇਸ਼ ਦਿੱਤੇ। ਇਸ ਤੋਂ ਇਲਾਵਾ ਪਾਲਤੂ ਜਾਨਵਰਾਂ ਦੀ ਰਜਿਸਟ੍ਰੇਸ਼ਨ ਤੋਂ ਇਲਾਵਾ ਨਸਬੰਦੀ ਦੇ ਪ੍ਰਸਤਾਵ ਤਿਆਰ ਕਰਨ ’ਤੇ ਜ਼ੋਰ ਦਿੱਤਾ।
ਮੁਹਾਲੀ ਨਗਰ ਨਿਗਮ ਦੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਡੀਸੀ ਨੂੰ ਦੱਸਿਆ ਕਿ ਏਬੀਸੀ ਪ੍ਰੋਗਰਾਮ ਤਹਿਤ ਸ਼ਹਿਰ ਵਿੱਚ ਹੁਣ ਤੱਕ 1174 ਕੁੱਤਿਆਂ ਦੀ ਨਸਬੰਦੀ ਕੀਤੀ ਹੈ ਅਤੇ ਜਿਨ੍ਹਾਂ ਕੁੱਤਿਆਂ ਦੀ ਨਸਬੰਦੀ ਕੀਤੀ ਗਈ ਹੈ, ਉਨ੍ਹਾਂ ਨੂੰ ਐਂਟੀ-ਰੇਬੀਜ਼ ਟੀਕੇ ਵੀ ਲਗਾਏ ਗਏ ਹਨ। ਡੀਸੀ ਨੇ ਐਸਡੀਐਮਜ਼ ਨੂੰ ਕਿਹਾ ਕਿ ਉਹ ਆਪੋ-ਆਪਣੇ ਅਧਿਕਾਰਤ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਜਾਨਵਰ ਜਨਮ ਨਿਯੰਤਰਨ ਲਾਗੂ ਕਰਕੇ ਆਵਾਰਾ ਕੁੱਤਿਆਂ ਦੀ ਸਮੱਸਿਆ ’ਤੇ ਕਾਬੂ ਪਾਉਣ ਲਈ ਕਿਹਾ। ਉਨ੍ਹਾਂ ਕੁੱਤਿਆਂ ਦੇ ਵੱਢਣ ਸਬੰਧੀ ਮਾਮਲਿਆਂ ਦੀ ਪੈਰਵੀ ਕਰਨ ਅਤੇ ਪੀੜਤਾਂ ਨੂੰ ਮੁਆਵਜ਼ਾ ਦੇਣ ਸਬੰਧੀ ਹਾਈ ਕੋਰਟ ਦੇ ਨਿਰਦੇਸ਼ਾਂ ਨੂੰ ਲਾਗੂ ਕਰਨਾ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਹਾਈ ਕੋਰਟ ਅਨੁਸਾਰ ਕੁੱਤੇ ਦੇ ਕੱਟਣ ਨਾਲ ਵਿੱਤੀ ਸਹਾਇਤਾ ਘੱਟੋ-ਘੱਟ 10,000 ਰੁਪਏ ਪ੍ਰਤੀ ਦੰਦ ਦੇ ਨਿਸ਼ਾਨ ਦੇ ਹਿਸਾਬ ਨਾਲ ਹੋਵੇਗੀ ਅਤੇ ਜਿੱਥੇ ਮਾਸ ਚਮੜੀ ਤੋਂ ਬਾਹਰ ਆ ਗਿਆ ਹੈ, ਇਹ ਘੱਟੋ-ਘੱਟ 20,000 ਰੁਪਏ ਪ੍ਰਤੀ 0.2 ਸੈਂਟੀਮੀਟਰ ਜ਼ਖ਼ਮ ਦੀ ਡੂੰਘਾਈ ਦੇ ਹਿਸਾਬ ਨਾਲ ਹੋਵੇਗੀ।
ਡੀਸੀ ਆਸ਼ਿਕਾ ਜੈਨ ਨੇ ਗਮਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਨੂੰ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀ ਮਦਦ ਨਾਲ ਏਬੀਸੀ ਪ੍ਰੋਗਰਾਮ ਚਲਾਉਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਡੀਡੀਪੀਓ ਅਮਰਿੰਦਰ ਪਾਲ ਸਿੰਘ ਚੌਹਾਨ ਨੂੰ ਇਸ ਪ੍ਰੋਗਰਾਮ ਨੂੰ ਪੇਂਡੂ ਖੇਤਰ ਵਿੱਚ ਲਾਗੂ ਕੀਤਾ ਜਾਵੇ ਅਤੇ ਧਾਰਾ 133 ਤਹਿਤ ਐਸਡੀਐਮ ਦੇ ਸੰਪਰਕ ਵਿੱਚ ਰਹਿਣ ਲਈ ਕਿਹਾ। ਮੀਟਿੰਗ ਵਿੱਚ ਏਡੀਸੀ (ਜ) ਵਿਰਾਜ ਸ਼ਿਆਮਾਕਰਨ ਤਿੜਕੇ, ਐਸਪੀ (ਸਿਟੀ) ਅਕਾਸ਼ਦੀਪ ਸਿੰਘ ਅੌਲਖ, ਐਸਪੀ (ਦਿਹਾਤੀ) ਮਨਪ੍ਰੀਤ ਸਿੰਘ, ਐਸਡੀਐਮਜ਼ ਚੰਦਰਜੋਤੀ ਸਿੰਘ, ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਏਸੀਏ ਗਮਾਡਾ ਅਮਰਿੰਦਰ ਸਿੰਘ ਟਿਵਾਣਾ, ਏਸੀ (ਜ) ਹਰਜੋਤ ਕੌਰ ਮਾਵੀ, ਸੀਐਮਐਫ਼ਓ ਇੰਦਰ ਪਾਲ ਸਮੇਤ ਵੱਖ-ਵੱਖ ਨਗਰ ਕੌਂਸਲਾਂ ਅਤੇ ਵਿਕਾਸ ਬਲਾਕਾਂ ਦੇ ਈਓਜ਼ ਅਤੇ ਬੀਡੀਪੀਓ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਪ੍ਰਮੁੱਖ ਸਕੱਤਰ ਦੇ ਭਰੋਸੇ ਮਗਰੋਂ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਪ੍ਰੋਗਰਾਮ ਮੁਲਤਵੀ

ਵੈਟਰਨਰੀ ਡਾਕਟਰਾਂ ਨੇ ਪ੍ਰਮੁੱਖ ਸਕੱਤਰ ਦੇ ਭਰੋਸੇ ਮਗਰੋਂ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਪ੍ਰੋਗਰਾਮ ਮੁਲਤਵੀ ਪ…