ਮੁੱਖ ਮੰਤਰੀ ਤੀਰਥ ਯਾਤਰਾ: ਮੁਹਾਲੀ ’ਚੋਂ ਸ਼ਰਧਾਲੂਆਂ ਦਾ ਪਹਿਲਾ ਜਥਾ ਮੰਗਲਵਾਰ ਨੂੰ ਹੋਵੇਗਾ ਰਵਾਨਾ

ਡੀਸੀ ਨੇ ਸ਼ਰਧਾਲੂਆਂ ਦੀ ਸੁਰੱਖਿਅਤ ਤੇ ਨਿਰਵਿਘਨ ਯਾਤਰਾ ਲਈ ਤਿਆਰੀਆਂ ਦਾ ਜਾਇਜ਼ਾ ਲਿਆ

‘ਆਪ’ ਵਿਧਾਇਕ ਕੁਲਵੰਤ ਸਿੰਘ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕਰਨਗੇ ਪਹਿਲੇ ਜਥੇ ਨੂੰ ਰਵਾਨਾ

ਨਬਜ਼-ਏ-ਪੰਜਾਬ, ਮੁਹਾਲੀ, 11 ਦਸੰਬਰ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਮੁਹਾਲੀ ਜ਼ਿਲ੍ਹੇ ’ਚੋਂ 43 ਸ਼ਰਧਾਲੂਆਂ ਦਾ ਪਹਿਲਾ ਜਥਾ ਭਲਕੇ ਮੰਗਲਵਾਰ ਨੂੰ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਸਵੇਰੇ 8 ਵਜੇ ਅੰਮ੍ਰਿਤਸਰ-ਤਲਵੰਡੀ ਸਾਬੋ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ। ਜਿਸ ਨੂੰ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਝੰਡੀ ਦਿਖਾ ਕੇ ਰਵਾਨਾ ਕਰਨਗੇ।
ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਸ਼ਰਧਾਲੂਆਂ ਦੀ ਸੁਰੱਖਿਅਤ ਅਤੇ ਨਿਰਵਿਘਨ ਯਾਤਰਾ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਬੱਸ ਵਿੱਚ ਸਵਾਰ ਹੋਣ ਤੋਂ ਪਹਿਲਾਂ ਸ਼ੁਰੂਆਤੀ ਥਾਂ ’ਤੇ ਵਿਸ਼ੇਸ਼ ਟੀਮ ਤਾਇਨਾਤ ਕਰਕੇ ਸਾਰੇ ਸ਼ਰਧਾਲੂਆਂ ਦੀ ਸਿਹਤ ਦੀ ਜਾਂਚ ਕੀਤੀ ਜਾਵੇ। ਬੱਸ ਰਾਜ ਟਰਾਂਸਪੋਰਟ ਵਿਭਾਗ ਵੱਲੋਂ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਖੇਤਰੀ ਟਰਾਂਸਪੋਰਟ ਅਥਾਰਟੀ ਮੁਹਾਲੀ ਦੇ ਸਕੱਤਰ ਪਰਦੀਪ ਸਿੰਘ ਢਿੱਲੋਂ ਨੂੰ ਲੋਕਾਂ ਦੇ ਸੁਰੱਖਿਅਤ ਸਫ਼ਰ ਲਈ ਚੰਗੀ ਹਾਲਤ ਵਾਲੇ ਵਾਹਨ ਦਾ ਪ੍ਰਬੰਧ ਕਰਨ ਲਈ ਕਿਹਾ।
ਡੀਸੀ ਆਸ਼ਿਕਾ ਜੈਨ ਨੇ ਦੱਸਿਆ ਕਿ ਸ਼ਰਧਾਲੂ ਭਲਕੇ ਰਾਤ ਅੰਮ੍ਰਿਤਸਰ ਵਿੱਚ ਰੁਕਣਗੇ ਅਤੇ ਅਗਲੀ ਸਵੇਰ ਬੁੱਧਵਾਰ ਨੂੰ ਸਵੇਰੇ ਤਲਵੰਡੀ ਸਾਬੋ ਲਈ ਰਵਾਨਾ ਹੋਣਗੇ। ਸ਼ਰਧਾਲੂਆਂ ਦੇ ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੀਤਾ ਜਾਵੇਗਾ। ਉਨ੍ਹਾਂ ਮੁਹਾਲੀ ਜ਼ਿਲ੍ਹੇ ਵਿੱਚ ਪਹਿਲੀ ਯਾਤਰਾ ਨੂੰ ਸੁਚਾਰੂ ਢੰਗ ਨਾਲ ਸ਼ੁਰੂ ਕਰਨ ’ਤੇ ਜ਼ੋਰ ਦਿੱਤਾ ਅਤੇ ਐਸਡੀਐਮ ਚੰਦਰਜੋਤੀ ਸਿੰਘ ਨੂੰ ਸਾਰੇ ਪ੍ਰਬੰਧ ਅਗਾਊਂ ਸੰਭਾਲਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਹਰੇਕ ਸਬ ਡਵੀਜ਼ਨ/ਹਲਕੇ ਤੋਂ ਅੱਠ ਬੱਸਾਂ ਰਵਾਨਾ ਹੋਣਗੀਆਂ। ਬੱਸਾਂ ਲਈ ਸਮਾਂ-ਸਾਰਣੀ ਸਰਕਾਰ ਵੱਲੋਂ ਤੈਅ ਕੀਤੀ ਜਾਵੇਗੀ ਅਤੇ ਅੰਤਿਮ ਰੂਪ ਦਿੱਤਾ ਜਾਵੇਗਾ। ਉਨ੍ਹਾਂ ਨੇ ਪੁਲੀਸ ਨੂੰ ਭਲਕੇ ਰਾਸ਼ਟਰੀ ਰਾਜ ਮਾਰਗ ਤੱਕ ਬੱਸ ਦੀ ਰਵਾਨਗੀ ਲਈ ਇੱਕ ਨਿਰਵਿਘਨ ਟਰੈਫ਼ਿਕ ਰੂਟ ਵੀ ਤਿਆਰ ਕਰਨ ਲਈ ਆਖਿਆ।
ਮੀਟਿੰਗ ਵਿੱਚ ਏਡੀਸੀ (ਜਨਰਲ) ਵਿਰਾਜ ਸ਼ਿਆਮਕਰਨ ਤਿੜਕੇ, ਐਸਪੀ (ਐਚ) ਸ੍ਰੀਮਤੀ ਜਯੋਤੀ ਯਾਦਵ, ਮੁਹਾਲੀ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਐਸਡੀਐਮ ਚੰਦਰਜੋਤੀ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਹਰਜੋਤ ਕੌਰ ਮਾਵੀ, ਖੇਤਰੀ ਟਰਾਂਸਪੋਰਟ ਅਥਾਰਟੀ ਦੇ ਸਕੱਤਰ ਪਰਦੀਪ ਸਿੰਘ ਢਿੱਲੋਂ, ਮੁੱਖ ਮੰਤਰੀ ਦਫ਼ਤਰ ਤੋਂ ਡਾ. ਗਿਰੀਸ਼ ਡੋਗਰਾ ਅਤੇ ਪੰਜਾਬ ਰੋਡਵੇਜ਼ ਤੇ ਪੈਪਸੂ ਟਰਾਂਸਪੋਰਟ ਦੇ ਨੁਮਾਇੰਦੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਪ੍ਰਮੁੱਖ ਸਕੱਤਰ ਦੇ ਭਰੋਸੇ ਮਗਰੋਂ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਪ੍ਰੋਗਰਾਮ ਮੁਲਤਵੀ

ਵੈਟਰਨਰੀ ਡਾਕਟਰਾਂ ਨੇ ਪ੍ਰਮੁੱਖ ਸਕੱਤਰ ਦੇ ਭਰੋਸੇ ਮਗਰੋਂ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਪ੍ਰੋਗਰਾਮ ਮੁਲਤਵੀ ਪ…