ਪੰਜਾਬ ਦੀਆਂ ਝਾਕੀਆਂ ਨੂੰ ਲੋਕਾਂ ਵਿੱਚ ਲੈ ਕੇ ਜਾਣ ਦੇ ਫ਼ੈਸਲੇ ਦੀ ਚੁਫੇਰਿਓਂ ਸ਼ਲਾਘਾ, ਥਾਂ-ਥਾਂ ’ਤੇ ਹੋਇਆ ਭਰਵਾਂ ਸਵਾਗਤ

ਪੰਜਾਬ ਦੇ ਇਤਿਹਾਸ ਤੇ ਸਭਿਆਚਾਰ ਆਧਾਰਿਤ ਝਾਕੀਆਂ ਨੂੰ ਭਰਵਾਂ ਹੁੰਗਾਰਾ: ਰੰਧਾਵਾ

ਨਬਜ਼-ਏ-ਪੰਜਾਬ, ਮੁਹਾਲੀ, 29 ਜਨਵਰੀ:
ਪੰਜਾਬ ਦੀ ਆਪ ਸਰਕਾਰ ਵੱਲੋਂ ਪੰਜਾਬ ਦੇ ਇਤਿਹਾਸ ਤੇ ਸਭਿਆਚਾਰ ਨੂੰ ਦਰਸਾਉਂਦੀਆਂ ਝਾਕੀਆਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸੋਮਵਾਰ ਨੂੰ ਮੁਹਾਲੀ ਸਮੇਤ ਆਸਪਾਸ ਇਲਾਕਿਆਂ ਵਿੱਚ ਵੱਖ-ਵੱਖ ਥਾਵਾਂ ਇਨ੍ਹਾਂ ਝਾਕੀਆਂ ਦੇ ਪਹੁੰਚਣ ’ਤੇ ਲੋਕਾਂ ਨੇ ਭਰਵਾਂ ਸਵਾਗਤ ਕੀਤਾ। ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਲਈ ਕੌਮੀ ਪਰੇਡ ਲਈ ਤਿਆਰ ਕੀਤੀਆਂ ਝਾਕੀਆਂ ਨੂੰ ਭਾਵੇਂ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪ੍ਰਦਰਸ਼ਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ, ਪ੍ਰੰਤੂ ਹੁਣ ਸੂਬਾ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਦਿਖਾਉਣ ਦੇ ਉਪਰਾਲਿਆਂ ਦੀ ਚੁਫੇਰਿਓਂ ਸ਼ਲਾਘਾ ਹੋ ਰਹੀ ਹੈ। ਅੱਜ ਇਹ ਝਾਕੀਆਂ ਸਭ ਤੋਂ ਪਹਿਲਾਂ ਸਵੇਰੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਚੱਪੜਚਿੜੀ ਸਥਿਤ ਜੰਗੀ ਯਾਦਗਾਰ ਦੇ ਬਾਹਰ ਪੁੱਜੀਆਂ।
ਜਿੱਥੇ ਚੱਪੜਚਿੜੀ ਦੀ ਸਰਕਾਰ ਰਾਜਵੀਰ ਕੌਰ, ਸਾਬਕਾ ਸਰਪੰਚ ਜੋਰਾ ਸਿੰਘ ਭੁੱਲਰ, ਸਾਬਕਾ ਸਰਪੰਚ ਸੂਬੇਦਾਰ ਸੁਰਜੀਤ ਸਿੰਘ ਅਤੇ ਨੰਬਰਦਾਰ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਪਿੰਡ ਵਾਸੀਆਂ ਅਤੇ ਗੁਆਂਢੀ ਪਿੰਡਾਂ ਦੇ ਪੰਚਾਂ-ਸਰਪੰਚਾਂ ਤੇ ਪਤਵੰਤਿਆਂ ਨੇ ਸਵਾਗਤ ਕੀਤਾ। ਇੱਥੋਂ ਇਨ੍ਹਾਂ ਝਾਕੀਆਂ ਨੂੰ ਅਗਲੇ ਪੜਾਅ ਲਈ ਰਵਾਨਾ ਕੀਤਾ। ਇਸ ਉਪਰੰਤ ਇਹ ਝਾਕੀਆਂ ਲਾਂਡਰਾਂ ਜੰਕਸ਼ਨ, ਪਿੰਡ ਭਾਗੋਮਾਜਰਾ, ਸਨੇਟਾ, ਦੈੜੀ, ਮੁਹਾਲੀ ਏਅਰਪੋਰਟ ਚੌਕ, ਛੱਤ ਟਰੈਫ਼ਿਕ ਲਾਈਟ ਪੁਆਇੰਟ ਤੋਂ ਬਾਅਦ ਡੇਰਾਬੱਸੀ ਹੁੰਦੇ ਹੋਏ ਜਵਾਹਰਪੁਰ ਪੁੱਜੀਆਂ। ਜਿੱਥੇ ਪੰਜਾਬ ਦੀਆਂ ਇਨ੍ਹਾਂ ਖ਼ੂਬਸੂਰਤ ਝਾਕੀਆਂ ਨੂੰ ਮੁਹਾਲੀ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਲੈ ਕੇ ਜਾਣ ਦਾ ਕਾਰਜ ਸੰਪੂਰਨ ਹੋਇਆ। ਇਸ ਤੋਂ ਪਹਿਲਾਂ ਭਾਂਖਰਪੁਰ ਵਿੱਚ ਝਾਕੀਆਂ ਦਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸਵਾਗਤ ਕੀਤਾ।
ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਅਤੇ ਸਭਿਆਚਾਰ ਬੇਮਿਸਾਲ ਹੈ। ਇਨ੍ਹਾਂ ਝਾਕੀਆਂ ਰਾਹੀਂ ਦਰਸਾਇਆ ਜਾ ਰਿਹਾ ਮਹਾਨ ਇਤਿਹਾਸ ਅਤੇ ਸਭਿਆਚਾਰ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਲਈ ਲਾਹੇਵੰਦ ਹੋਵੇਗਾ। ਇਨ੍ਹਾਂ ਝਾਕੀਆਂ ਨੇ ਪੰਜਾਬ ਦੇ ਮਹਾਨ ਯੋਧਿਆਂ, ਸ਼ਹੀਦ ਕਰਤਾਰ ਸਿੰਘ ਸਰਾਭਾ, ਡਾ. ਦੀਵਾਨ ਸਿੰਘ ਕਾਲੇਪਾਣੀ, ਮਦਨ ਲਾਲ ਢੀਂਗਰਾ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ (ਪਗੜੀ ਸੰਭਾਲ ਜੱਟਾ ਲਹਿਰ), ਬਾਬਾ ਖੜਗ ਸਿੰਘ, ਜ਼ਿਲ੍ਹਿਆਂ ਵਾਲੇ ਬਾਗ ਦੀ ਗਾਥਾ, ਮਹਾਨ ਨਾਰੀ ਯੋਧਾ ਮਾਈ ਭਾਗੋ ਜਿਨ੍ਹਾਂ ਨੇ 40 ਮੁਕਤਿਆਂ ਨੂੰ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਨਾਲ ਦੁਬਾਰਾ ਜੁੜਨ ਦੀ ਪ੍ਰੇਰਨਾ ਦਿੱਤੀ ਅਤੇ ਪੰਜਾਬੀ ਸਭਿਆਚਾਰ ਜਿਵੇਂ ਫੁਲਕਾਰੀ ਆਦਿ ਨੂੰ ਵੀ ਦਰਸਾਇਆ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਮੈਗਾ ਪੀਟੀਐਮ: ਸਰਕਾਰੀ ਸਕੂਲਾਂ ਵਿੱਚ 5 ਕੈਬਨਿਟ ਮੰਤਰੀਆਂ ਨੇ ਕੀਤੀ ਬੱਚਿਆਂ ਤੇ ਮਾਪਿਆਂ ਨਾਲ ਗੱਲ

ਮੈਗਾ ਪੀਟੀਐਮ: ਸਰਕਾਰੀ ਸਕੂਲਾਂ ਵਿੱਚ 5 ਕੈਬਨਿਟ ਮੰਤਰੀਆਂ ਨੇ ਕੀਤੀ ਬੱਚਿਆਂ ਤੇ ਮਾਪਿਆਂ ਨਾਲ ਗੱਲ ਸਕੂਲੀ ਸਿ…