ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਜਲਦੀ ਹੀ ਉਮੀਦਵਾਰ ਦਾ ਐਲਾਨ ਕਰੇਗੀ: ਅਵਿਨਾਸ਼ ਰਾਏ ਖੰਨਾ

ਸ਼ਹੀਦ ਊਧਮ ਸਿੰਘ ਭਵਨ ਮੁਹਾਲੀ ਵਿੱਚ ਭਾਜਪਾ ਆਗੂਆਂ ਤੇ ਸਰਗਰਮ ਵਰਕਰਾਂ ਨਾਲ ਕੀਤੀ ਮੀਟਿੰਗ

ਪੰਜਾਬ ਵਿੱਚ ਯੂਨੀਵਰਸਿਟੀਆਂ ਵਿੱਚ ਵਿਦਿਆਰਥੀਆਂ ਖੱਜਲ-ਖੁਆਰੀ ਬੰਦ ਕਰਾਂਗੇ:

ਨਬਜ਼-ਏ-ਪੰਜਾਬ, ਮੁਹਾਲੀ, 22 ਅਪਰੈਲ:
ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਜਲਦੀ ਹੀ ਆਪਣੇ ਉਮੀਦਵਾਰ ਦਾ ਐਲਾਨ ਕਰ ਦੇਵੇਗੀ ਅਤੇ ਪਾਰਟੀ ਜਿਸ ਵੀ ਉਮੀਦਵਾਰ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰੇਗੀ। ਉਸ ਨੂੰ ਜਿਤਾ ਕੇ ਸੰਸਦ ਵਿੱਚ ਭੇਜਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਅਵਿਨਾਸ਼ ਰਾਏ ਖੰਨਾ ਖ਼ੁਦ ਚੋਣ ਲੜਨਾ ਚਾਹੁੰਦੇ ਹਨ। ਇਸ ਤੋਂ ਇਲਾਵਾ ਸੂਬਾ ਜਨਰਲ ਸਕੱਤਰ ਸੁਭਾਸ਼ ਸ਼ਰਮਾ, ਸੁਖਵਿੰਦਰ ਸਿੰਘ ਗੋਲਡੀ, ਲਖਵਿੰਦਰ ਕੌਰ ਗਰਚਾ ਅਤੇ ਉੱਘੇ ਕਾਰੋਬਾਰੀ ਰਮਦੀਪ ਕੌਰ ਵੀ ਟਿਕਟ ਲਈ ਭੱਜ ਦੌੜ ਕਰ ਰਹੇ ਹਨ। ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦਾ ਪਰਿਵਾਰ ਵੀ ਇੱਥੋਂ ਚੋਣ ਲੜਨ ਦਾ ਚਾਹਵਾਨ ਹੈ।
ਇਸ ਤੋਂ ਪਹਿਲਾਂ ਖੰਨਾ ਨੇ ਇੱਥੋਂ ਦੇ ਫੇਜ਼-3ਏ ਸਥਿਤ ਸ਼ਹੀਦ ਊਧਮ ਸਿੰਘ ਭਵਨ ਵਿਖੇ ਭਾਜਪਾ ਦੇ ਸੀਨੀਅਰ ਆਗੂਆਂ ਅਤੇ ਸਰਗਰਮ ਵਰਕਰਾਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਲੋਕ ਸਭਾ ਚੋਣਾਂ ਬਾਰੇ ਚਰਚਾ ਕਰਦਿਆਂ ਵਰਕਰਾਂ ਨੂੰ ਤੜਕੇ ਹੋ ਕੇ ਆਪੋ-ਆਪਣੇ ਇਲਾਕਿਆਂ ਵਿੱਚ ਮੋਰਚੇ ਸੰਭਾਲਣ ਲਈ ਪ੍ਰੇਰਿਆ।
ਮੀਟਿੰਗ ਵਿੱਚ ਸੀਨੀਅਰ ਆਗੂ ਦੌਲਤ ਰਾਮ ਕੰਬੋਜ, ਸਾਬਕਾ ਕੌਂਸਲਰ ਅਰੁਣ ਸ਼ਰਮਾ ਤੇ ਬੌਬੀ ਕੰਬੋਜ, ਰਮੇਸ਼ ਵਰਮਾ, ਸੁੰਦਰ ਲਾਲ ਅਗਰਵਾਲ, ਜ਼ਿਲ੍ਹਾ ਮੁਹਾਲੀ ਦੇ ਮੀਤ ਪ੍ਰਧਾਨ ਉਮਾਕਾਂਤ ਤਿਵਾੜੀ, ਰਮੇਸ਼ ਦੱਤ, ਸੂਬਾ ਮੀਡੀਆ ਸਕੱਤਰ ਹਰਦੇਵ ਸਿੰਘ ਉੱਭਾ, ਭਾਜਪਾ ਜ਼ਿਲ੍ਹਾ ਮੀਡੀਆ ਪ੍ਰਭਾਰੀ ਚੰਦਰ ਸ਼ੇਖਰ, ਮਨੋਜ ਸ਼ਰਮਾ, ਗੁਲਸ਼ਨ ਸੂਦ ਅਤੇ ਹੋਰਨਾਂ ਆਗੂਆਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਮੋਦੀ ਸਰਕਾਰ ਦੀਆ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾ ਕੇ ਪ੍ਰਧਾਨ ਮੰਤਰੀ ਵੱਲੋਂ ਕੀਤੇ ਕੰਮਾਂ ਬਾਰੇ
ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਪਰਖ ਕੇ ਦੇਖ ਲਿਆ ਹੈ ਅਤੇ ਹੁਣ ਪੰਜਾਬੀ ਭਾਜਪਾ ਨੂੰ ਮੌਕੇ ਦੇ ਕੇ ਨਰੇਂਦਰ ਮੋਦੀ ਨੂੰ ਤੀਜੀ ਵਾਰ ਦੇਸ਼ ਦਾ ਪ੍ਰਧਾਨ ਬਣਾਉਣ ਵਿੱਚ ਅਹਿਮ ਯੋਗਦਾਨ ਪਾਉਣਗੇ।
ਇਸ ਦੌਰਾਨ ਕਾਫ਼ੀ ਵਿਦਿਆਰਥੀਆਂ ਨੇ ਭਾਜਪਾ ਆਗੂ ਅਵਿਨਾਸ਼ ਰਾਏ ਖੰਨਾ ਨਾਲ ਮੁਲਾਕਾਤ ਕੀਤੀ ਅਤੇ ਆਪਣੀ ਸਮੱਸਿਆਵਾਂ ਬਾਰੇ ਦੱਸਦਿਆਂ ਕਿਹਾ ਕਿ ਪੰਜਾਬ ਦੀਆ ਕੁੱਝ ਯੂਨੀਵਰਸਿਟੀਆਂ ਅਤੇ ਕਾਲਜਾਂ ਵੱਲੋਂ ਕੋਰਸ ਪੂਰੇ ਹੋਣ ਦੇ ਬਾਵਜੂਦ ਉਨ੍ਹਾਂ ਦੇ ਡੀਐਮਸੀਜ ਜਾਂ ਡਿਗਰੀਆਂ ਦੇਣ ਸਮੇਂ ਬਹੁਤ ਜ਼ਿਆਦਾ ਖੱਜਲ-ਖੁਆਰ ਕੀਤਾ ਜਾਂਦਾ ਹੈ ਅਤੇ ਵਿਦਿਆਰਥੀਆਂ ਨੂੰ ਮੋਟੀ ਰਕਮ ਵਸੂਲੀ ਜਾਂਦੀ ਹੈ। ਜਦੋਂਕਿ ਉਹ ਆਪਣੀ ਪੂਰੀ ਫੀਸ ਕਾਲਜ ਨੂੰ ਦੇ ਚੁੱਕੇ ਹੁੰਦੇ ਹਨ। ਭਾਜਪਾ ਆਗੂ ਖੰਨਾ ਨੇ ਭਰੋਸਾ ਦਿੱਤਾ ਕਿ ਇਸ ਮਸਲੇ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਅਤੇ ਪੰਜਾਬ ਦੇ ਵਿਦਿਆਰਥੀਆਂ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਕੀਤੀਆਂ ਜਾਣਗੀਆਂ।

Load More Related Articles
Load More By Nabaz-e-Punjab
Load More In General News

Check Also

ਲੇਡੀ ਸਿੰਘ ਕੰਵਲਜੀਤ ਕੌਰ ਮੁੜ ਚੁਣੇ ਗਏ ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ

ਲੇਡੀ ਸਿੰਘ ਕੰਵਲਜੀਤ ਕੌਰ ਮੁੜ ਚੁਣੇ ਗਏ ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ ਹਰਜੀਤ ਗਰੇਵਾਲ ਸਕੱਤਰ ਤੇ ਹਰਸ਼ਰਨ …