ਚੋਣਾਂ ਵਿੱਚ ਹਾਰ ਤੋਂ ਬਾਅਦ ਪੰਜਾਬ ਸਰਕਾਰ ਨੂੰ ਲੋਕਾਂ ਨੂੰ ਪੇਸ਼ ਦਿੱਕਤਾਂ ਦਾ ਚੇਤਾ ਆਇਆ

ਡੀਸੀ ਕੰਪਲੈਕਸ ਮੁਹਾਲੀ ਵਿੱਚ ਆਉਣ ਵਾਲੇ ਲੋਕਾਂ ਲਈ ਰਿਸੈਪਸ਼ਨ-ਕਮ-ਹੈਲਪ ਡੈਸਕ ਸਥਾਪਿਤ

ਡੀਸੀ ਆਸ਼ਿਕਾ ਜੈਨ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਜਾਰੀ

ਨਬਜ਼-ਏ-ਪੰਜਾਬ, ਮੁਹਾਲੀ, 18 ਜੂਨ:
ਹਾਲ ਹੀ ਵਿੱਚ ਲੋਕ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਚਿੰਤਨ ਮਗਰੋਂ ਲੋਕਾਂ ਦਾ ਭਰੋਸਾ ਜਿੱਤਣ ਲਈ ਹੱਥ ਪੈਰ ਮਾਰਨੇ ਸ਼ੁਰੂ ਕਰ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀ ਵੀ ਹਰਕਤ ਵਿੱਚ ਦਿਖਾਈ ਦੇ ਰਹੇ ਹਨ। ਮੁਹਾਲੀ ਪ੍ਰਸ਼ਾਸਨ ਨੇ ਪਹਿਲਕਦਮੀ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਪਹਿਲੀ ਮੰਜ਼ਲ ’ਤੇ ਰਿਸੈਪਸ਼ਨ-ਕਮ-ਹੈਲਪ ਡੈਸਕ ਸਥਾਪਿਤ ਕੀਤਾ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਵੱਖ-ਵੱਖ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਆਮ ਨਾਗਰਿਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਪ੍ਰਭਾਵੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਰਿਸੈਪਸ਼ਨ-ਕਮ-ਹੈਲਪ ਡੈਸਕ ਸਾਰੇ ਕੰਮਕਾਜੀ ਦਿਨਾਂ ਦੌਰਾਨ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਕੰਮ ਕਰੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਲੋਕ ਆਪਣੇ ਕੰਮਾਂ ਲਈ ਖੱਜਲ-ਖੁਆਰ ਹੋ ਰਹੇ ਸਨ।
ਡੀਸੀ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਲੋਕਾਂ ਦੇ ਕੰਮਾਂ ਵਿੱਚ ਸਹਾਇਤਾ ਕਰਨ ਦੇ ਉਦੇਸ਼ ਨਾਲ ਇਹ ਕਦਮ ਚੁੱਕਿਆ ਗਿਆ ਹੈ। ਹੈਲਪ ਡੈਸਕ ’ਤੇ ਆਉਣ ਵਾਲੇ ਲੋਕਾਂ ਦੀ ਪੂਰੀ ਗੱਲ ਸੁਣਕੇ ਉਨ੍ਹਾਂ ਨੂੰ ਸਬੰਧਤ ਦਫ਼ਤਰ ਤੱਕ ਜਾਣ ਲਈ ਸਹਿਯੋਗ ਦਿੱਤਾ ਜਾਵੇਗਾ। ਇਹੀ ਨਹੀਂ ਅਧਿਕਾਰੀਆਂ ਨੂੰ ਉਸ ਦੇ ਦਫ਼ਤਰ ਨਾਲ ਸਬੰਧਤ ਸ਼ਿਕਾਇਤਾਂ ਦਾ ਹੱਲ ਕਰਨ ਲਈ ਫੋਨ ’ਤੇ ਸੁਨੇਹਾ ਲਾਇਆ ਜਾਵੇਗਾ।
ਡੀਸੀ ਆਸ਼ਿਕਾ ਜੈਨ ਨੇ ਏਡੀਸੀ (ਜਨਰਲ) ਵਿਰਾਜ ਐਸ ਤਿੜਕੇ, ਐਸਡੀਐਮ ਦੀਪਾਂਕਰ ਗਰਗ ਅਤੇ ਡੀਆਰਓ ਹਰਮਿੰਦਰ ਸਿੰਘ ਹੁੰਦਲ ਜਿਨ੍ਹਾਂ ਕੋਲ ਸਹਾਇਕ ਕਮਿਸ਼ਨਰ (ਜ) ਦਾ ਵਾਧੂ ਚਾਰਜ ਵੀ ਹੈ, ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਅੱਜ ਤੋਂ ਹੀ ਰਿਸੈਪਸ਼ਨ-ਕਮ ਹੈਲਪ ਡੈਸਕ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਹ ਗੱਲ ਯਕੀਨੀ ਬਣਾਏਗਾ ਕਿ ਕਿਸੇ ਵਿਅਕਤੀ ਨੂੰ ਸਰਕਾਰੀ ਦਫ਼ਤਰਾਂ ਵਿੱਚ ਆਉਣ-ਜਾਣ ਸਮੇਂ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਰਿਸੈਪਸ਼ਨ-ਕਮ-ਹੈਲਪ ਡੈਸਕ ’ਤੇ ਵਲੰਟੀਅਰ ਸਮੇਤ ਵ੍ਹੀਲਚੇਅਰ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ ਸਰਕਾਰ ’ਤੇ ਵਾਰ-ਵਾਰ ਮ…