ਕੂੜਾ ਪ੍ਰਬੰਧਨ ਨੂੰ ਲੈ ਕੇ ਸਿਆਸਤ ਭਖੀ, ਅਕਾਲੀ ਦਲ ਨੇ ਗਮਾਡਾ ਤੇ ਨਗਰ ਨਿਗਮ ’ਤੇ ਨਿਸ਼ਾਨਾ ਸਾਧਿਆ

ਅਕਾਲੀ ਦਲ ਨੇ ਮੁੱਖ ਮੰਤਰੀ ਦਾ ਨਿੱਜੀ ਦਖ਼ਲ ਮੰਗਿਆ, ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਮੰਗ

ਨਬਜ਼-ਏ-ਪੰਜਾਬ, ਮੁਹਾਲੀ, 21 ਜੂਨ:
ਮੁਹਾਲੀ ਵਿੱਚ ਕੂੜਾ ਪ੍ਰਬੰਧਨ ਨੂੰ ਲੈ ਕੇ ਸਿਆਸਤ ਭਖ ਗਈ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੇ ਕੁ-ਪ੍ਰਬੰਧਾਂ ਲਈ ਮੁਹਾਲੀ ਨਗਰ ਨਿਗਮ ਅਤੇ ਗਮਾਡਾ ’ਤੇ ਨਿਸ਼ਾਨਾ ਸਾਧਿਆ ਹੈ। ਅੱਜ ਇੱਥੇ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਦੋਵੇਂ ਵਿਭਾਗਾਂ ਦੇ ਅਧਿਕਾਰੀਆਂ ਦੀ ਕਥਿਤ ਲਾਪਰਵਾਹੀ ਦਾ ਖ਼ਮਿਆਜ਼ਾ ਸ਼ਹਿਰ ਵਾਸੀਆਂ ਨੂੰ ਭੁਗਤਣਾ ਪੈ ਰਿਹਾ ਹੈ। ਇੱਥੇ ਇਹ ਜ਼ਿਕਰਯੋਗ ਹੈ ਕਿ ਨਗਰ ਨਿਗਮ ਨੇ ਡੰਪਿੰਗ ਗਰਾਉਂਡ ਵਿੱਚ ਹੋਰ ਕੂੜਾ ਸੁੱਟਣ ’ਤੇ ਰੋਕ ਲਗਾ ਦਿੱਤੀ ਹੈ। ਇਸ ਨਾਲ ਸ਼ਹਿਰ ਵਿੱਚ ਥਾਂ-ਥਾਂ ’ਤੇ ਕੂੜੇ ਨਾਲ ਭਰੀਆਂ ਟਰਾਲੀਆਂ ਖੜੀਆਂ ਹਨ ਅਤੇ ਆਉਂਦੇ ਦਿਨਾਂ ਵਿੱਚ ਲੋਕਾਂ ਨੂੰ ਹੋਰ ਜ਼ਿਆਦਾ ਸਮੱਸਿਆਵਾਂ ਨਾਲ ਜੂਝਣਾ ਪੈ ਸਕਦਾ ਹੈ।
ਅਕਾਲੀ ਆਗੂ ਨੇ ਕਿਹਾ ਕਿ ਮੌਨਸੂਨ ਸਿਰ ’ਤੇ ਹਨ ਅਤੇ ਜੇਕਰ ਇਸ ਮਸਲੇ ਦਾ ਜਲਦੀ ਹੱਲ ਨਹੀਂ ਹੋਇਆ ਤਾਂ ਬਰਸਾਤ ਦੇ ਦਿਨਾਂ ਵਿੱਚ ਸ਼ਹਿਰ ਅੰਦਰ ਬਿਮਾਰੀ ਫੈਲਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਗਮਾਡਾ ਅਤੇ ਨਿਗਮ ਅਧਿਕਾਰੀ ਆਪਣੀ ਨੈਤਿਕ ਜ਼ਿੰਮੇਵਾਰੀ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਬੜੀ ਉਮੀਦਾਂ ਨਾਲ ਕੌਂਸਲਰਾਂ ਨੂੰ ਚੁਣਿਆ ਸੀ ਪਰ ਕਾਬਜ਼ ਧਿਰ ਨੇ ਬੇੜਾ ਗਰਕ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਰਜਕਾਰੀ ਮੇਅਰ ਅਮਰੀਕ ਸਿੰਘ ਸੋਮਲ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਸਾਰਾ ਕਸੂਰ ਲੋਕਾਂ ਦਾ ਕੱਢਿਆਂ ਗਿੱਲਾ ਤੇ ਸੁੱਕਾ ਕੂੜਾ ਵੱਖੋ-ਵੱਖਰਾ ਨਾ ਕਰਨ ਦੀ ਸੂਰਤ ਵਿੱਚ ਲੋਕਾਂ ਨੂੰ ਜੁਰਮਾਨਾ ਲਗਾਉਣ ਦੀ ਗੱਲ ਕਹੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ 100 ਫੀਸਦੀ ਸੈਗਰੀਗੇਸ਼ਨ ਸ਼ੁਰੂ ਨਹੀਂ ਹੁੰਦੀ, ਉਦੋਂ ਤੱਕ ਕੂੜੇ ਦਾ ਬਦਲਵਾਂ ਪ੍ਰਬੰਧ ਕੀਤਾ ਜਾਵੇ।
ਪਰਵਿੰਦਰ ਸੋਹਾਣਾ ਨੇ ਮੁੱਖ ਮੰਤਰੀ ਤੋਂ ਨਿੱਜੀ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਪੈਦਾ ਹੋਈ ਇਸ ਸਮੱਸਿਆ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸ਼ਹਿਰ ਵਿੱਚ ਨਵੀਂ ਟੈਕਨਾਲੋਜੀ ਨਾਲ ਲੈਸ ਇੱਕ ਹੋਰ ਡੰਪਿੰਗ ਗਰਾਉਂਡ ਬਣਾਇਆ ਜਾਵੇ। ਉਨ੍ਹਾਂ ਨੇ ਡੀਸੀ ਆਸ਼ਿਕਾ ਜੈਨ ਤੋਂ ਮੰਗ ਕੀਤੀ ਕਿ ਗਮਾਡਾ ਅਤੇ ਨਗਰ ਨਿਗਮ ਨਾਲ ਤਾਲਮੇਲ ਕਰਕੇ ਇਸ ਮਸਲੇ ਦਾ ਪੱਕਾ ਹੱਲ ਕੀਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ ਸਰਕਾਰ ’ਤੇ ਵਾਰ-ਵਾਰ ਮ…