ਸ਼ਹਿਰ ਦਾ ਕੂੜਾ ‘ਆਪ’ ਵਿਧਾਇਕ, ਮੇਅਰ ਤੇ ਕਮਿਸ਼ਨਰ ਦੇ ਘਰਾਂ ਅੱਗੇ ਸੁੱਟਣ ਦਾ ਐਲਾਨ

ਕੂੜੇ ਦੇ ਮੁੱਦੇ ’ਤੇ ਸਫ਼ਾਈ ਸੇਵਕਾਂ ਵੱਲੋਂ ਪ੍ਰਸ਼ਾਸਨ ਨੂੰ ਦੋ ਦਿਨ ਦਾ ਅਲਟੀਮੇਟਮ

ਨਬਜ਼-ਏ-ਪੰਜਾਬ, ਮੁਹਾਲੀ, 25 ਜੂਨ:
ਸ਼ਹਿਰ ਦੇ ਕੂੜੇ ਦਾ ਮਸਲਾ ਪ੍ਰਸ਼ਾਸਨ ਦੇ ਗਲੇ ਦੀ ਹੱਡੀ ਬਣਦਾ ਜਾ ਰਿਹਾ ਹੈ। ਮੁਹਾਲੀ ਦੇ ਸਫ਼ਾਈ ਸੇਵਕਾਂ ਨੇ ਸਫ਼ਾਈ ਵਿਵਸਥਾ ਅਤੇ ਕੂੜੇ ਦੇ ਮੁੱਦੇ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੋ ਦਿਨ ਦਾ ਅਲਟੀਮੇਟਮ ਦਿੰਦਿਆਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਡੰਪਿੰਗ ਗਰਾਉਂਡ ਮਸਲੇ ਦਾ ਹੱਲ ਨਾ ਕੀਤਾ ਤਾਂ ਸ਼ਹਿਰ ਦਾ ਸਾਰਾ ਕੂੜਾ ਇਕੱਠਾ ਕਰਕੇ ‘ਆਪ’ ਵਿਧਾਇਕ ਕੁਲਵੰਤ ਸਿੰਘ, ਮੇਅਰ ਜੀਤੀ ਸਿੱਧੂ ਅਤੇ ਕਮਿਸ਼ਨਰ ਨਵਜੋਤ ਕੌਰ ਦੇ ਘਰਾਂ ਅੱਗੇ ਸੁੱਟਿਆ ਜਾਵੇਗਾ। ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਪਵਨ ਗੋਡਿਆਲ ਨੇ ਦੱਸਿਆ ਕਿ ਇਹ ਫ਼ੈਸਲਾ ਅੱਜ ਨਗਰ ਨਿਗਮ ਭਵਨ ਵਿਖੇ ਜਥੇਬੰਦੀ ਦੀ ਮੀਟਿੰਗ ਵਿੱਚ ਲਿਆ ਗਿਆ।
ਆਗੂਆਂ ਨੇ ਦੋਸ਼ ਲਾਇਆ ਕਿ ‘ਆਪ’ ਵਿਧਾਇਕ, ਮੇਅਰ ਅਤੇ ਨਿਗਮ ਕਮਿਸ਼ਨਰ ਵਿੱਚ ਆਪਸੀ ਤਾਲਮੇਲ ਨਾ ਹੋਣ ਦਾ ਖ਼ਮਿਆਜ਼ਾ ਸ਼ਹਿਰ ਵਾਸੀਆਂ ਅਤੇ ਸਫ਼ਾਈ ਸੇਵਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਆਦੇਸ਼ਾਂ ਦੀ ਗੱਲ ਹੈ ਤਾਂ ਇਹ ਹੁਕਮ ਪੰਜਾਬ ਭਰ ਵਿੱਚ ਲਾਗੂ ਹੋਣੇ ਚਾਹੀਦੇ ਹਨ, ਜਦੋਂਕਿ ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਕਿਤੇ ਵੀ ਡੰਪਿੰਗ ਗਰਾਉਂਡ ਬੰਦ ਨਹੀਂ ਹਨ। ਉਨ੍ਹਾਂ ਕਿਹਾ ਕਿ ਬਦਲਵੇਂ ਪ੍ਰਬੰਧ ਕੀਤੇ ਬਿਨਾਂ ਡੰਪਿੰਗ ਗਰਾਉਂਡ ਬੰਦ ਕਰਨਾ ਬਿਲਕੁਲ ਗੈਰਵਾਜਬ ਹੈ। ਉਨ੍ਹਾਂ ਕਿਹਾ ਕਿ ਜੇਕਰ ਦੋ ਦਿਨਾਂ ਵਿੱਚ ਕੂੜੇ ਦੇ ਨਿਪਟਾਰੇ ਦਾ ਪੱਕਾ ਹੱਲ ਨਾ ਕੀਤਾ ਗਿਆ ਤਾਂ ਘਰ-ਘਰ ਤੋਂ ਕੂੜਾ ਚੁੱਕਣ ਦਾ ਕੰਮ ਬੰਦ ਕਰਕੇ ਸਾਰਾ ਕੂੜਾ ਇਕੱਠਾ ਕਰਕੇ ਸਭ ਤੋਂ ਪਹਿਲਾਂ ਨਗਰ ਨਿਗਮ ਦੇ ਮੇਅਰ ਦੇ ਘਰ ਅੱਗੇ ਸੁੱਟਿਆ ਜਾਵੇਗਾ। ਇਸ ਮਗਰੋਂ ‘ਆਪ’ ਵਿਧਾਇਕ ਅਤੇ ਨਿਗਮ ਕਮਿਸ਼ਨਰ ਦੇ ਘਰ ਅੱਗੇ ਕੂੜਾ ਸੁੱਟ ਕੇ ਘਿਰਾਓ ਕੀਤਾ ਜਾਵੇਗਾ। ਮੀਟਿੰਗ ਵਿੱਚ ਫੈਡਰੇਸ਼ਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮੋਹਣ ਸਿੰਘ, ਸੋਭਾ ਰਾਮ, ਗੁਰਪ੍ਰੀਤ ਸਿੰਘ, ਅਨਿਲ ਕੁਮਾਰ, ਸਚਿਨ ਪੁਹਾਲ, ਰਾਜੁ ਸੰਗੇਲਿਆ ਅਤੇ ਬ੍ਰਿਜ ਮੋਹਨ ਸਮੇਤ ਹੋਰ ਆਗੂ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ ਨਬਜ਼-ਏ-ਪੰਜਾਬ, ਮੁਹਾਲੀ, 5 ਅਕ…