‘ਸਰਕਾਰ ਆਪ ਦੇ ਦੁਆਰ’: ‘ਆਪ’ ਵਿਧਾਇਕ ਤੇ ਡੀਸੀ ਨੇ ਲਾਂਡਰਾਂ ਕੈਂਪ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਆਮ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਦੀ ਆਪ ਸਰਕਾਰ ਯਤਨਸ਼ੀਲ: ਕੁਲਵੰਤ ਸਿੰਘ

ਮੰਗਲਵਾਰ ਤੇ ਸ਼ੁੱਕਰਵਾਰ ਨੂੰ ਡੀਸੀ ਤੇ ਹੋਰ ਅਧਿਕਾਰੀ ਕੈਂਪ ਲਗਾ ਕੇ ਸੁਣਿਆਂ ਕਰਨਗੇ ਲੋਕਾਂ ਦੀਆਂ ਮੁਸ਼ਕਲਾਂ

ਨਬਜ਼-ਏ-ਪੰਜਾਬ, ਮੁਹਾਲੀ, 2 ਜੁਲਾਈ:
‘ਪੰਜਾਬ ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਲਾਂਡਰਾਂ ਵਿੱਚ ਸੁਵਿਧਾ ਕੈਂਪ ਲਗਾਇਆ ਗਿਆ। ‘ਆਪ’ ਵਿਧਾਇਕ ਕੁਲਵੰਤ ਸਿੰਘ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕੈਂਪ ਵਿੱਚ ਪਹੁੰਚ ਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸੁਰੱਖਿਆ ਅਤੇ ਟਰੈਫ਼ਿਕ ਪ੍ਰਬੰਧ ਲਈ 17.70 ਕਰੋੜ ਦੀ ਲਾਗਤ ਨਾਲ ਮੁਹਾਲੀ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ।
ਕੁਲਵੰਤ ਸਿੰਘ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਦਿੱਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸਾਰਾ ਪ੍ਰਸ਼ਾਸਨ ਲੋਕਾਂ ਦੇ ਦਰਾਂ ’ਤੇ ਪਹੁੰਚ ਕੇ ਜਿੱਥੇ ਲੋਕਾਂ ਦੇ ਦੁਖੜੇ ਸੁਣ ਰਿਹਾ ਹੈ। ਉੱਥੇ ਭਲਾਈ ਸਕੀਮਾਂ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਡੀਸੀ ਅਤੇ ਹੋਰ ਸਬੰਧਤ ਅਧਿਕਾਰੀ ਹਰੇਕ ਮੰਗਲਵਾਰ ਅਤੇ ਸ਼ੁੱਕਰਵਾਰ ਨੂੰ ਸਬ ਡਵੀਜ਼ਨ ਪੱਧਰ ’ਤੇ ਅਜਿਹੇ ਸੁਵਿਧਾ ਕੈਂਪ ਲਗਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਿਆਂ ਕਰਨਗੇ ਅਤੇ ਸਮੇਂ ਵਿੱਚ ਸਬੰਧਤ ਮੁਸ਼ਕਲਾਂ ਦਾ ਹੱਲ ਵੀ ਕਰਨਗੇ। ਪਿੰਡ ਵਾਸੀਆਂ ਨੇ ਗਲੀਆਂ ਤੇ ਸੜਕਾਂ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਰਾਸ਼ਨ ਕਾਰਡਾਂ ਬਾਰੇ ਵਿਧਾਇਕ ਨੂੰ ਮੰਗ ਪੱਤਰ ਵੀ ਸੌਂਪਿਆ।

ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਪਿੰਡ ਪੱਧਰ ’ਤੇ ਕੈਂਪ ਲਗਾ ਕੇ ਲੋਕਾਂ ਦੇ ਦਰਾਂ ’ਤੇ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਕੈਂਪਾਂ ਦੀ ਸ਼ੁਰੂਆਤ ਫਰਵਰੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਂਖਰਪੁਰ ਤੋਂ ਕੀਤੀ ਸੀ। ਹੁਣ ਇਹ ਕੈਂਪ ਨਿਰਧਾਰਿਤ ਪਲਾਨ ਮੁਤਾਬਕ ਸਬ ਡਵੀਜ਼ਨ ਪੱਧਰ ’ਤੇ ਹਰ ਮੰਗਲਵਾਰ ਅਤੇ ਸ਼ੁੱਕਰਵਾਰ ਨੂੰ ਲਗਾਏ ਜਾ ਰਹੇ ਹਨ। ਇਸ ਮੌਕੇ ਐੱਸਡੀਐਮ ਦੀਪਾਂਕਰ ਗਰਗ, ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਅਤੇ ਬੀਡੀਪੀਓ ਧਨਵੰਤ ਸਿੰਘ ਰੰਧਾਵਾ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਹਰਮੇਸ਼ ਸਿੰਘ ਕੁੰਭੜਾ, ਸਾਬਕਾ ਸਰਪੰਚ ਗੁਰਮੁੱਖ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਵੱਡੀ ਲਾਪਰਵਾਹੀ: ਪੰਚਾਇਣ ਚੋਣਾਂ ਸਬੰਧੀ ਅਸਲਾ ਜਮ੍ਹਾ ਕਰਵਾਉਣਾ ਭੁੱਲੀ ਸਰਕਾਰ

ਵੱਡੀ ਲਾਪਰਵਾਹੀ: ਪੰਚਾਇਣ ਚੋਣਾਂ ਸਬੰਧੀ ਅਸਲਾ ਜਮ੍ਹਾ ਕਰਵਾਉਣਾ ਭੁੱਲੀ ਸਰਕਾਰ ਪਿੰਡ ਮਨੌਲੀ ਦੇ ਜਤਿੰਦਰ ਸਿੰਘ…