ਪਾਵਰਕੌਮ ਦੀ ਲਾਪਰਵਾਹੀ ਕਾਰਨ ਜਾ ਰਹੀਆਂ ਨੇ ਮੁਲਾਜ਼ਮਾਂ ਦੀਆਂ ਜਾਨਾਂ, ਅਫ਼ਸਰਾਂ ਖ਼ਿਲਾਫ਼ ਕਾਰਵਾਈ ਮੰਗੀ

ਡਿਪਟੀ ਮੇਅਰ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਮੁਲਾਜ਼ਮਾਂ ਦੀ ਪੱਕੀ ਭਰਤੀ ਕਰਨ ਦੀ ਮੰਗ

ਨਬਜ਼-ਏ-ਪੰਜਾਬ, ਮੁਹਾਲੀ, 8 ਜੁਲਾਈ:
ਪੰਜਾਬ ਸਰਕਾਰ ਅਤੇ ਪਾਵਰਕੌਮ ਅਫ਼ਸਰਸ਼ਾਹੀ ਦੀ ਕਥਿਤ ਲਾਪਰਵਾਹੀ ਕਾਰਨ ਡਿਊਟੀ ਦੌਰਾਨ ਕਰੰਟ ਲੱਗਣ ਨਾਲ ਕਰਮਚਾਰੀਆਂ ਦੀਆਂ ਜਾਨਾਂ ਜਾ ਰਹੀਆਂ ਹਨ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ। ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੁੱਖ ਮੰਤਰੀ ਅਤੇ ਪਾਵਰਕੌਮ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਬਿਜਲੀ ਮੁਲਾਜ਼ਮਾਂ ਦੀ ਪੱਕੀ ਭਰਤੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਅਣਦੇਖੀ ਕਾਰਨ ਕਈ ਮਾਵਾਂ ਦੇ ਪੁੱਤ ਫੌਤ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ 3 ਦਿਨ ਪਹਿਲਾਂ ਖਰੜ ਵਿੱਚ 1100 ਕੇਵੀ ਲਾਈਨ ਉੱਤੇ ਚੜ੍ਹ ਕੇ ਕੰਮ ਕਰ ਰਹੇ ਇੱਕ ਠੇਕਾ ਮੁਲਾਜ਼ਮ ਦੀ ਕਰੰਟ ਨਾਲ ਮੌਤ ਹੋ ਗਈ ਜਦੋਂਕਿ ਦੋ ਮੁਲਾਜ਼ਮ ਜ਼ਖ਼ਮੀ ਹੋ ਗਏ।
ਡਿਪਟੀ ਮੇਅਰ ਕੁਲਜੀਤ ਬੇਦੀ ਨੇ ਕਿਹਾ ਕਿ ਪਾਵਰਕੌਮ ਵੱਲੋਂ ਮੁਲਾਜ਼ਮਾਂ ਨੂੰ ਸੁਰੱਖਿਆ ਉਪਕਰਨ ਮੁਹੱਈਆ ਨਹੀਂ ਕਰਵਾਏ ਜਾਂਦੇ ਹਨ। ਕਈ ਥਾਵਾਂ ’ਤੇ ਅਨਟਰੇਂਡ ਕਰਮਚਾਰੀਆਂ ਨੂੰ ਖੰਭਿਆਂ ਉੱਤੇ ਚੜ੍ਹਾ ਦਿੱਤਾ ਜਾਂਦਾ ਹੈ। ਪਾਵਰਕੌਮ ਕੋਲ ਸੁਰੱਖਿਆ ਕਿੱਟਾਂ ਅਤੇ ਮੁਲਾਜ਼ਮਾਂ ਦੀ ਵੱਡੀ ਘਾਟ ਹੈ। ਜਿਸ ਕਾਰਨ ਹਾਦਸੇ ਵਾਪਰ ਰਹੇ ਹਨ। ਅਜਿਹੀ ਲਾਪਰਵਾਹੀ ਵਰਤਨ ਵਾਲੇ ਅਧਿਕਾਰੀ ਦੀ ਜ਼ਿੰਮੇਵਾਰੀ ਤੈਅ ਕਰਕੇ ਉਸ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਜਾਵੇ, ਤਾਂ ਜੋ ਭਵਿੱਖ ਵਿੱਚ ਬਿਜਲੀ ਮੁਲਾਜ਼ਮਾਂ ਦੀਆਂ ਜਾਨਾਂ ਬਚ ਸਕਣ।
ਉਨ੍ਹਾਂ ਕਿਹਾ ਕਿ ਖਰੜ ਵਿੱਚ ਮਰਨ ਵਾਲੇ 28 ਸਾਲਾਂ ਠੇਕਾ ਮੁਲਾਜ਼ਮ ਸਤਵਿੰਦਰ ਸਿੰਘ ਦੇ ਪਰਿਵਾਰ ਵਿੱਚ ਪਤਨੀ ਅਤੇ ਸੱਤ ਸਾਲ ਦਾ ਬੇਟਾ ਹੈ ਅਤੇ ਉਹ ਇਕਲੌਤਾ ਹੀ ਘਰ ਚਲਾਉਣ ਵਾਲਾ ਸੀ। ਹੁਣ ਪਾਵਰਕੌਮ ਨੂੰ ਉਸ ਦੇ ਪਰਿਵਾਰ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਵੀ ਕਈ ਲਾਈਨਮੈਨਾਂ ਦੀ ਕਰੰਟ ਲੱਗਣ ਕਾਰਨ ਮੌਤਾਂ ਹੋ ਚੁੱਕੀਆਂ ਹਨ।
ਕੁਲਜੀਤ ਬੇਦੀ ਨੇ ਕਿਹਾ ਕਿ ਬਿਜਲੀ ਮੁਲਾਜ਼ਮਾਂ ਤੋਂ ਦਰਖਤਾਂ ਦੀ ਛੰਗਾਈ ਦਾ ਕੰਮ ਵੀ ਲਿਆ ਜਾਂਦਾ ਹੈ ਜਦੋਕਿ ਇਨ੍ਹਾਂ ਕੋਲ ਕੋਈ ਮਸ਼ੀਨਰੀ ਨਹੀਂ ਹੈ। ਠੇਕਾ ਕਰਮਚਾਰੀਆਂ ਨੂੰ ਨਿਗੂਣੀਆਂ ਤਨਖ਼ਾਹਾਂ ਦਿੱਤੀਆਂ ਜਾਂਦੀਆਂ ਹਨ, ਜੋ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਡਿਊਟੀ ਕਰਦੇ ਹਨ ਜਦੋਂਕਿ ਦਫ਼ਤਰਾਂ ਵਿੱਚ ਬੈਠੇ ਅਧਿਕਾਰੀ ਮੌਜਾਂ ਮਾਣ ਰਹੇ ਹਨ। ਕਰਮਚਾਰੀਆਂ ਨੂੰ ਸੁਰੱਖਿਆ ਕਿੱਟਾਂ ਮੁਹੱਈਆ ਕਰਵਾਉਣ ਸਮੇਤ ਉਨ੍ਹਾਂ ਨੂੰ ਸਿਖਲਾਈ ਵੀ ਦਿੱਤੀ ਜਾਣੀ ਚਾਹੀਦੀ ਹੈ।

Load More Related Articles
Load More By Nabaz-e-Punjab
Load More In General News

Check Also

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ ਨਬਜ਼-ਏ-ਪੰਜਾਬ, ਮੁਹਾਲੀ, 5 ਅਕ…