
ਸੋਹਾਣਾ ਸਮਾਗਮ: ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
ਨਬਜ਼-ਏ-ਪੰਜਾਬ, ਮੁਹਾਲੀ, 7 ਅਪਰੈਲ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅੱਜ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਬੀਬੀ ਬਲਵਿੰਦਰ ਕੌਰ ਖਹਿਰਾ ਅਤੇ ਜਲੰਧਰ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਅਮਰ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ 1710ਈ: ਵਿੱਚ ਸਿੱਖ ਰਾਜ ਦੀ ਸਥਾਪਨਾ ਕਰਨ ਅਤੇ 18ਵੀਂ ਸਦੀ ਵਿੱਚ ਜਬਰ ਤੇ ਜੁਲਮ ਖ਼ਿਲਾਫ਼ ਸਮੂਹ ਸ਼ਹੀਦ ਸਿੰਘਾਂ ਸਮੇਤ ਪ੍ਰਾਪਤ ਕੀਤੀਆਂ ਅਦੁੱਤੀ ਅਤੇ ਲਾਸਾਨੀ ਸ਼ਹਾਦਤਾਂ ਬਾਰੇ ਢਾਡੀ ਵਾਰਾਂ ਰਾਹੀਂ ਜਾਣੂ ਕਰਵਾਇਆ।
ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਕੁਲਦੀਪ ਸਿੰਘ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਗੁਰੂ ਗੋਬਿੰਦ ਸਿੰਘ ਵੱਲੋਂ ਖ਼ਾਲਸਾ ਪੰਥ ਦੀ ਸਾਜਨਾ ਅਤੇ ਖੰਡੇ ਬਾਟੇ ਦੀ ਅੰਮ੍ਰਿਤ ਦੀ ਮਹੱਤਤਾ ਦੱਸਦਿਆਂ ਸੰਗਤ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।
ਇਸ ਮੌਕੇ ਬੀਬੀ ਕਰਮਜੀਤ ਕੌਰ ਲੁਧਿਆਣਾ, ਭਾਈ ਕੰਵਲਜੀਤ ਸਿੰਘ ਪਟਿਆਲਾ, ਭਾਈ ਸਵਿੰਦਰ ਸਿੰਘ, ਭਾਈ ਰਣਜੀਤ ਸਿੰਘ ਲੁਧਿਆਣਾ, ਭਾਈ ਸ਼ਮਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਨਾਡਾ ਸਾਹਿਬ, ਹਰਜੱਸ ਕੀਰਤਨੀ ਜਥਾ, ਭਾਈ ਸੁਖਵਿੰਦਰ ਸਿੰਘ, ਭਾਈ ਜਗਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੰਦੀਪ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤ ਨੂੰ ਹਰਿਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਿਆ।