
ਆਬਕਾਰੀ ਤੇ ਕਰ ਅਫ਼ਸਰ ਐਸੋਸੀਏਸ਼ਨ ਦਾ ਵਫ਼ਦ ਵਿੱਤ ਮੰਤਰੀ ਨੂੰ ਮਿਲਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਗਸਤ:
ਆਬਕਾਰੀ ਤੇ ਕਰ ਅਫ਼ਸਰ ਐਸੋਸੀਏਸ਼ਨ ਅਤੇ ਆਬਕਾਰੀ ਅਤੇ ਕਰ ਨਿਰੀਖਕ ਐਸੋਸੀਏਸ਼ਨ ਦੇ ਵਫ਼ਦ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਦੀ ਅਗਵਾਈ ਬਲਦੀਪ ਕਰਨ ਸਿੰਘ ਅਤੇ ਸਤਪਾਲ ਸਿੰਘ ਨੇ ਕੀਤੀ। ਮੀਟਿੰਗ ਵਿੱਚ ਸਾਮੂਹਿਕ ਛੁੱਟੀ ਅਤੇ ਉਨ੍ਹਾਂ ਦੀ ਮੰਗਾਂ ਬਾਰੇ ਵਿਚਾਰ ਵਿਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਬਾਰੇ ਵਿੱਚ ਵਿੱਤ ਮੰਤਰੀ ਨਾਲ ਗੱਲ ਕੀਤੀ ਗਈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੋਵੇਂ ਐਸੋਸੀਏਸ਼ਨਾਂ ਦੀਆਂ ਜਾਇਜ਼ ਮੰਗਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੀ ਗਈ ਅਨਾਮਲੀ ਕਮੇਟੀ ਦੇ ਸਾਹਮਣੇ ਰੱਖਣ ਦਾ ਭਰੋਸਾ ਦਿੱਤਾ। ਵਿੱਤ ਮੰਤਰੀ ਦੇ ਭਰੋਸੇ ਤੋਂ ਬਾਅਦ ਦੋਵੇਂ ਐਸੋਸੀਏਸ਼ਨਾਂ ਵੱਲੋਂ ਫਿਲਹਾਲ ਜਾਰੀ ਕੀਤੇ ਗਏ ਸਾਮੂਹਿਕ ਛੁੱਟੀ ਦੇ ਐਲਾਨ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ। ਨਾਲ ਹੀ ਇਹ ਵੀ ਐਲਾਨ ਕੀਤਾ ਗਿਆ ਕਿ ਜੇਕਰ 15 ਦਿਨਾਂ ਦੇ ਅੰਦਰ ਅੰਦਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਗੀਆਂ ਗਈਆਂ ਤਾਂ ਸੰਘਰਸ਼ ਵਿੱਢਿਆ ਜਾਵੇਗਾ ਅਤੇ ਸੰਘਰਸ਼ ਦੀ ਰੂਪਰੇਖਾ ਅਗਲੀ ਮੀਟਿੰਗ ਵਿੱਚ ਤੈਅ ਕੀਤੀ ਜਾਵੇਗੀ ਅਤੇ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ।