ਮੁਹਾਲੀ ਜ਼ਿਲ੍ਹੇ ਵਿੱਚ ਪਟਾਕਿਆਂ ਦੀ ਵਿਕਰੀ ਲਈ ਡਰਾਅ ਕੱਢਿਆ, 44 ਲਾਇਸੈਂਸ ਜਾਰੀ

ਡੀਸੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕੱਢਿਆ ਡਰਾਅ

ਨਬਜ਼-ਏ-ਪੰਜਾਬ, ਮੁਹਾਲੀ, 26 ਅਕਤੂਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਪਟਾਕਿਆਂ ਦੀ ਵਿਕਰੀ ਲਈ ਲੋਕਾਂ ਨੂੰ 44 ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਵਿਸ਼ੇਸ਼ ਕਮੇਟੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਰਾਅ ਕੱਢਿਆ ਗਿਆ। ਏਡੀਸੀ (ਜਨਰਲ) ਵਿਰਾਜ ਐਸ ਤਿੜਕੇ, ਐਸਡੀਐਮ ਚੰਦਰਜੋਤੀ ਸਿੰਘ, ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ ਤੇ ਹੋਰ ਅਧਿਕਾਰੀਆਂ ਅਤੇ ਆਮ ਲੋਕਾਂ ਤੇ ਬਿਨੈਕਾਰਾਂ ਦੀ ਹਾਜ਼ਰੀ ਵਿੱਚ ਡਰਾਅ ਕੱਢਿਆ ਗਿਆ। ਇਸ ਪੂਰੀ ਕਾਰਵਾਈ ਦੀ ਵੀਡੀਓਗ੍ਰਾਫ਼ੀ ਕੀਤੀ ਗਈ। ਪਾਰਦਰਸ਼ੀ ਤੇ ਨਿਰਪੱਖ ਪਹੁੰਚ ਅਪਣਾਉਂਦਿਆਂ ਡਰਾਅ ਕੱਢਣ ਦੀ ਪ੍ਰਕਿਰਿਆ ਆਮ ਲੋਕਾਂ ਦੀ ਹਾਜ਼ਰੀ ਵਿੱਚ ਨੇਪਰੇ ਚਾੜ੍ਹੀ ਗਈ।
ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਅਤੇ ਇੰਡਸਟਰੀ ਅਤੇ ਕਮਰਸ ਵਿਭਾਗ ਵੱਲੋਂ ਸਮੇਂ ਸਮੇਂ ’ਤੇ ਜਾਰੀ ਹਦਾਇਤਾਂ ਅਨੁਸਾਰ ਸਾਲ 2016 ਵਿੱਚ ਜਾਰੀ ਹੋਏ ਲਾਇਸੈਂਸਾਂ ਦੇ ਮੁਕਾਬਲੇ ਸਿਰਫ਼ 20 ਫੀਸਦੀ ਲਾਇਸੈਂਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਡਰਾਅ ਤੋਂ ਬਾਅਦ ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਦੱਸਿਆ ਕਿ ਮੁਹਾਲੀ ਪ੍ਰਸ਼ਾਸਨ ਨੂੰ ਜ਼ਿਲ੍ਹੇ ਭਰ ’ਚੋਂ 44 ਲਾਇਸੈਂਸਾਂ ਲਈ ਕੁੱਲ 1868 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ’ਚੋਂ 1839 ਠੀਕ ਪਾਈਆਂ ਗਈਆਂ। ਮੁਹਾਲੀ ਅਤੇ ਬਨੂੜ ਵਿੱਚ ਪਟਾਕਿਆਂ ਦੀ ਵਿਕਰੀ ਲਈ 18 ਲਾਇਸੈਂਸਾਂ ਲਈ 1575 ਅਰਜ਼ੀਆਂ ਮਿਲੀਆਂ ਸਨ ਜਦੋਂਕਿ ਖਰੜ, ਕੁਰਾਲੀ ਅਤੇ ਨਵਾਂ ਗਰਾਓਂ ਵਿੱਚ ਪਟਾਕਿਆਂ ਦੀ ਵਿਕਰੀ ਲਈ 8 ਲਾਇਸੈਂਸਾਂ ਲਈ 32 ਅਰਜ਼ੀਆਂ ਅਤੇ ਡੇਰਾਬੱਸੀ, ਲਾਲੜੂ ਅਤੇ ਜ਼ੀਰਕਪੁਰ ਵਿੱਚ ਪਟਾਕਿਆਂ ਦੀ ਵਿਕਰੀ ਲਈ 18 ਲਾਇਸੈਂਸਾਂ ਲਈ 232 ਅਰਜ਼ੀਆਂ ਪ੍ਰਾਪਤ ਹੋਈਆਂ ਸਨ।
ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਪਟਾਕਿਆਂ ਦੀ ਵਿਕਰੀ ਲਈ ਸਿਰਫ਼ 15 ਥਾਵਾਂ ਨਿਰਧਾਰਿਤ ਹਨ। ਇਨ੍ਹਾਂ ਥਾਵਾਂ ਤੋਂ ਇਲਾਵਾ ਕਿਤੇ ਵੀ ਹੋਰ ਪਟਾਕਿਆਂ ਦੀ ਵਿਕਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਨਿਸ਼ਚਤ ਸਮੇਂ ਅਤੇ ਮਿਤੀ ਤੋਂ ਪਹਿਲਾਂ ਜਾਂ ਬਾਅਦ ਵਿੱਚ ਪਟਾਕੇ ਚਲਾਉਣ ਅਤੇ ਬਿਨਾਂ ਲਾਇਸੈਂਸ ਤੋਂ ਪਟਾਕਿਆਂ ਦੀ ਵਿਕਰੀ ਦੀ ਇਜਾਜ਼ਤ ਨਹੀਂ ਹੋਵੇਗੀ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ 12 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਸ਼ਾਮ 8 ਵਜੇ ਤੋਂ 10 ਵਜੇ ਤੱਕ ਅਤੇ 27 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਸ਼ਾਮ ਨੂੰ 9 ਵਜੇ ਤੋਂ 10 ਵਜੇ ਤੱਕ ਨਿਰਧਾਰਿਤ ਆਵਾਜ਼ ਅੰਦਰ ਹੀ ਫਾਇਰ ਕਰੈਕਰਜ/ਪਟਾਕੇ ਚਲਾਉਣ ਦੀ ਆਗਿਆ ਹੋਵੇਗੀ। ਇਸ ਮਿਤੀ ਅਤੇ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਕੋਈ ਵੀ ਵਸਨੀਕ ਫਾਇਰ ਕਰੈਕਰਜ/ਪਟਾਕੇ ਨਹੀਂ ਚਲਾਏਗਾ ਅਤੇ ਅਦਾਲਤ ਦੇ ਹੁਕਮਾਂ ਦੀ ਸਵੈ ਪਾਲਣਾ ਵੀ ਕਰੇਗਾ। ਉਨ੍ਹਾਂ ਦੱਸਿਆ ਕਿ ਦੀਵਾਲੀ ਮੌਕੇ ਪਟਾਕੇ ਵੇਚਣ ਲਈ 10, 11 ਅਤੇ 12 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 7.30 ਵਜੇ ਤੱਕ ਅਤੇ ਗੁਰਪੁਰਬ ਮੌਕੇ 27 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 7.30 ਵਜੇ ਤੱਕ ਨਿਰਧਾਰਿਤ ਸਥਾਨਾਂ ’ਤੇ ਹੀ ਸਟਾਲ ਲਗਾਉਣ ਦੀ ਆਗਿਆ ਹੋਵੇਗੀ। ਕੋਈ ਵੀ ਵਿਅਕਤੀ ਗੈਰ ਕਾਨੂੰਨੀ ਤਰੀਕੇ ਨਾਲ ਫਾਇਰ ਕਰੈਕਰਜ਼/ਪਟਾਕਿਆਂ ਦੀ ਸਟੋਰੇਜ ਨਹੀਂ ਕਰੇਗਾ ਅਤੇ ਬਿਨਾਂ ਲਾਇਸੈਂਸ ਤੋਂ ਵਿਕਰੀ ਨਹੀਂ ਕਰੇਗਾ। ਪਟਾਕੇ ਵੇਚਣ ਸਬੰਧੀ ਨਿਰਧਾਰਿਤ ਥਾਵਾਂ, ਸ਼ਰਤਾਂ ਅਤੇ ਵਧੇਰੇ ਜਾਣਕਾਰੀ ਲਈ ਵੈਬਸਾਈਟ www.sasnagar.nic.in ’ਤੇ ਦੇਖਿਆ ਜਾ ਸਕਦਾ ਹੈ।

Load More Related Articles
Load More By Nabaz-e-Punjab
Load More In General News

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…