nabaz-e-punjab.com

ਖਾਣ-ਪੀਣ ਦੀਆਂ ਵਸਤੂਆਂ ਦੇ ਸੈਂਪਲ ਫੇਲ ਹੋਣ ’ਤੇ 1.46 ਲੱਖ ਰੁਪਏ ਦਾ ਜੁਰਮਾਨਾ ਵਸੂਲਿਆ

ਮਿਲਾਵਟੀ ਸਮਾਨ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ: ਜ਼ਿਲ੍ਹਾ ਸਿਹਤ ਅਫ਼ਸਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੂਨ:
ਜ਼ਿਲ੍ਹਾ ਸਿਹਤ ਵਿਭਾਗ ਦੇ ਫੂਡ ਸੇਫ਼ਟੀ ਵਿੰਗ ਵੱਲੋਂ ਪਿਛਲੇ ਮਹੀਨੇ ਦੌਰਾਨ ਖਾਣ-ਪੀਣ ਦੀਆਂ ਵਸਤੂਆਂ ਦੇ ਸੈਂਪਲ ਫੇਲ ਹੋਣ ’ਤੇ ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ ਦੀ ਅਦਾਲਤ ਵੱਲੋਂ ਸਬੰਧਤ ਦੁਕਾਨਦਾਰਾਂ ਨੂੰ 1.46 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਸੁਭਾਸ਼ ਕੁਮਾਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਅਤੇ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਦੀਆਂ ਹਦਾਇਤਾਂ ’ਤੇ ਪਿਛਲੇ ਮਹੀਨੇ ਵੱਖ-ਵੱਖ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਸੀ ਅਤੇ ਖਾਣ-ਪੀਣ ਦੀਆਂ ਚੀਜ਼ਾਂ ਦੇ 6 ਸੈਂਪਲ ਭਰੇ ਗਏ ਸਨ। ਇਹ ਸੈਂਪਲ ਜਾਂਚ ਲਈ ਸਰਕਾਰੀ ਕੈਮੀਕਲ ਲੈਬਾਰਟਰੀ ਖਰੜ ਵਿੱਚ ਭੇਜੇ ਗਏ ਸਨ ਅਤੇ ਏਡੀਸੀ (ਜਨਰਲ) ਸ੍ਰੀਮਤੀ ਅਮਨਿੰਦਰ ਕੌਰ ਬਰਾੜ ਦੀ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਸੀ।
ਜ਼ਿਲ੍ਹਾ ਸਿਹਤ ਅਫ਼ਸਰ ਨੇ ਦੱਸਿਆ ਕਿ ਸੈਂਪਲ ਫੇਲ ਹੋਣ ’ਤੇ ਏਡੀਸੀ ਸ੍ਰੀਮਤੀ ਬਰਾੜ ਨੇ ਸਬੰਧਤ ਦੁਕਾਨਦਾਰਾਂ ਨੂੰ 1.46 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਇਕ ਦੁਕਾਨਦਾਰ ਨੂੰ ਸਭ ਤੋਂ ਵੱਧ 50 ਹਜ਼ਾਰ ਰੁਪਏ, ਤਿੰਨ ਦੁਕਾਨਦਾਰਾਂ ਨੂੰ 25-25 ਹਜ਼ਾਰ, ਇਕ ਦੁਕਾਨਦਾਰ ਨੂੰ 20 ਹਜ਼ਾਰ ਅਤੇ ਇਕ ਦੁਕਾਨਦਾਰ ਨੂੰ ਇੱਕ ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦੁਕਾਨਾਂ ਵਿੱਚ ਸਫ਼ਾਈ ਨਾ ਹੋਣ ’ਤੇ ਮੌਕੇ ਉੱਤੇ ਹੀ ਚਲਾਨ ਵੀ ਕੱਟੇ ਗਏ ਸਨ।
ਡਾ. ਸੁਭਾਸ਼ ਕੁਮਾਰ ਨੇ ਮਿਠਾਈ ਦੁਕਾਨਦਾਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਫੂਡ ਸੇਫ਼ਟੀ ਕਾਨੂੰਨ ਤਹਿਤ ਮਠਿਆਈ ਵੇਚਣ ਵਾਲੇ ਦੁਕਾਨਦਾਰਾਂ ਨੂੰ ਦਰਸਾਉਣਾ ਪਵੇਗਾ ਕਿ ਦੁਕਾਨ ਵਿੱਚ ਟਰੇਅ ਜਾਂ ਕਾਊਂਟਰ ਵਿੱਚ ਵਿਕਰੀ ਲਈ ਪਈਆਂ ਖੁੱਲ੍ਹੀਆਂ ਮਠਿਆਈਆਂ ਕਿਹੜੀ ਤਰੀਕ ਤੱਕ ਖਾਣ ਯੋਗ ਹਨ। ਹਰ ਦੁਕਾਨਦਾਰ ਨੂੰ ਟਰੇਅ ਉੱਤੇ ‘ਇਸ ਤਰੀਕ ਤੋਂ ਪਹਿਲਾਂ ਖਾਣਯੋਗ’ ਵਾਲੀ ਪਰਚੀ ਲਗਾਉਣੀ ਪਵੇਗੀ ਅਤੇ ਜਿਹੜੇ ਦੁਕਾਨਦਾਰ 20 ਜੂਨ ਤੱਕ ਅਜਿਹਾ ਨਹੀਂ ਕਰਨਗੇ, ਉਨ੍ਹਾਂ ਵਿਰੱੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਨਿਯਮ ਦੇਸ਼ ਭਰ ਵਿੱਚ 1 ਅਕਤੂਬਰ 2020 ਤੋਂ ਲਾਗੂ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਦੁਕਾਨਦਾਰਾਂ ਨੇ ਟਰੇਆਂ ਵਿੱਚ ਖੁੱਲ੍ਹੀਆਂ ਮਿਠਾਈਆਂ ਰੱਖੀਆਂ ਹੁੰਦੀਆਂ ਹਨ ਅਤੇ ਗਾਹਕਾਂ ਨੂੰ ਪਤਾ ਨਹੀਂ ਲਗਦਾ ਕਿ ਮਿਠਾਈਆਂ ਕਦੋਂ ਬਣੀਆਂ ਹਨ ਅਤੇ ਕਦੋਂ ਤੱਕ ਖਾਣਯੋਗ ਹਨ।
ਦੁਕਾਨਦਾਰਾਂ ਨੂੰ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ’ਤੇ ਜ਼ੋਰ ਦਿੰਦਿਆਂ ਡੀਐਚਓ ਨੇ ਕਿਹਾ ਕਿ ਚੈਕਿੰਗ ਦਾ ਮਤਲਬ ਕਿਸੇ ਨੂੰ ਤੰਗ-ਪ੍ਰੇਸ਼ਾਨ ਕਰਨਾ ਨਹੀਂ ਸਗੋਂ ਲੋਕਾਂ ਨੂੰ ਸ਼ੁੱਧ ਤੇ ਮਿਆਰੀ ਦਰਜੇ ਦੇ ਭੋਜਨ ਪਦਾਰਥ ਉਪਲਬਧ ਕਰਾਉਣਾ ਯਕੀਨੀ ਬਣਾਉਣਾ ਹੈ। ਉਨ੍ਹਾਂ ਲੋਕਾਂ ਨੂੰ ਭੋਜਨ ਪਦਾਰਥਾਂ ਦੀ ਗੁਣਵੱਤਾ ਪ੍ਰਤੀ ਕਿਸੇ ਕਿਸਮ ਦਾ ਸਮਝੌਤਾ ਨਾ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਦੁਕਾਨਦਾਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਮਿਲਾਵਟੀ ਚੀਜ਼ਾਂ ਵੇਚਣ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਦੁਕਾਨ ਦਾ ਲਾਇਸੈਂਸ ਵੀ ਰੱਦ ਕੀਤਾ ਜਾ ਸਕਦਾ ਹੈ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…