
ਮੁਹਾਲੀ-ਚੰਡੀਗੜ੍ਹ ਦੀ ਹੱਦ ’ਤੇ ਸਿੱਖਾਂ ਦਾ ਪੱਕਾ ਮੋਰਚਾ ਜਾਰੀ, ਆਰਪਾਰ ਦੀ ਲੜਾਈ ਲੜਨ ਦਾ ਐਲਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜਨਵਰੀ:
ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਮੁੱਦਿਆਂ ’ਤੇ ਕੌਮੀ ਇਨਸਾਫ਼ ਮੋਰਚਾ ਮੁਹਾਲੀ-ਚੰਡੀਗੜ੍ਹ, ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਕੜਾਕੇ ਦੀ ਠੰਢ ਵਿੱਚ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਲੜੀਵਾਰ ਧਰਨਾ ਜਾਰੀ ਹੈ। ਸੋਮਵਾਰ ਨੂੰ ਤੀਜੇ ਦਿਨ ਵੀ ਮਨੁੱਖ ਅਧਿਕਾਰ ਸੰਗਠਨਾਂ, ਪੰਥ ਦਰਦੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਇਨਸਾਫ਼ ਪਸੰਦ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਹੀ ਨਹੀਂ ਹੁਣ ਦੇਸ਼-ਵਿਦੇਸ਼ ਵਿੱਚ ਵਸਦੇ ਸਿੱਖਾਂ ਦੀ ਲਾਮਬੰਦੀ ਲਈ ਮੁਹਿੰਮ ਵਿੱਢ ਦਿੱਤੀ ਹੈ।
ਇਸ ਮੌਕੇ ਬਾਪੂ ਗੁਰਚਰਨ ਸਿੰਘ, ਭਾਈ ਜਸਵਿੰਦਰ ਸਿੰਘ ਰਾਜਪੁਰਾ, ਪ੍ਰੋ. ਮਨਜੀਤ ਸਿੰਘ, ਮਨੁੱਖ ਅਧਿਕਾਰ ਸੰਗਠਨ ਦੇ ਵਕੀਲ ਦਿਲਸ਼ੇਰ ਸਿੰਘ, ਰਜਿੰਦਰ ਸਿੰਘ ਬਾਲੀ ਸਮੇਤ ਹੋਰ ਸਿੱਖ ਆਗੂਆਂ ਨੇ ਧਰਨੇ ਨੂੰ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਹੁਕਮਰਾਨਾਂ ਵੱਲੋਂ ਦੇਸ਼ ਵਿੱਚ ਆਪਣਿਆਂ ਲਈ ਅਤੇ ਸਿੱਖਾਂ ਲਈ ਵੱਖੋ-ਵੱਖਰੇ ਕਾਨੂੰਨ ਬਣਾ ਕੇ ਸ਼ਰ੍ਹੇਆਮ ਲੋਕਤੰਤਰ ਦੀਆਂ ਕਦਰਾਂ-ਕੀਮਤਾਂ ਦਾ ਘਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨਾਲ ਸਬੰਧਤ ਚਾਰ ਕੌਮੀ ਮੁੱਦਿਆਂ ’ਤੇ ਪਿਛਲੇ ਲੰਮੇ ਸਮੇਂ ਤੋਂ ਸਮੇਂ ਦੀਆਂ ਸਰਕਾਰਾਂ ਸਿੱਖਾਂ ਦੀਆਂ ਭਾਵਨਾਵਾਂ ਦੀ ਅਣਦੇਖੀ ਕਰਦੀਆਂ ਆ ਰਹੀਆ ਹਨ। ਜਿਸ ਕਾਰਨ ਸਿੱਖਾਂ ਨੂੰ ਹੱਡ ਚੀਰਵੀਂ ਠੰਢ ਵਿੱਚ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪਿਆ ਹੈ।
ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਇਨਸਾਫ਼ ਲਈ ਸਿੱਖ ਹੁਣ ਸਰਕਾਰਾਂ ਨਾਲ ਆਰ-ਪਾਰ ਦੀ ਲੜਾਈ ਲੜਨ ਲਈ ਹੁਣ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪੱਕਾ ਮੋਰਚਾ ਲਗਾ ਕੇ ਬੈਠ ਗਏ ਹਨ ਅਤੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀ ਮਾਮਲਿਆਂ ਵਿੱਚ ਜ਼ਿੰਮੇਵਾਰ ਅਫ਼ਸਰਾਂ ਅਤੇ ਸਿਆਸੀ ਆਗੂਆਂ ਨੂੰ ਸਖ਼ਤ ਸਜਾਵਾਂ ਦਿਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਧਰਨੇ ਵਿੱਚ ਸਿੱਖ ਸੰਗਤ ਜੁੜਨੀ ਸ਼ੁਰੂ ਹੋ ਗਈ ਹੈ ਅਤੇ ਆਉਂਦੇ ਦਿਨਾਂ ਵਿੱਚ ਇੱਥੇ ਵੱਡਾ ਇਕੱਠ ਦੇਖਣ ਨੂੰ ਮਿਲੇਗਾ। ਭਾਈ ਜਸਵਿੰਦਰ ਸਿੰਘ ਨੇ ਕਿਹਾ ਕਿ ਲੋਹੜੀ ’ਤੇ ਅਗਲੇ ਐਕਸ਼ਨ ਦੀ ਰੂਪਰੇਖਾ ਉਲੀਕੀ ਜਾਵੇਗੀ। ਜੇਕਰ ਸਰਕਾਰਾਂ ਨੇ ਸਿੱਖਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਐਡਵੋਕੇਟ ਦਿਲਸ਼ੇਰ ਸਿੰਘ ਨੇ ਕਾਨੂੰਨੀ ਪੱਖਾਂ ’ਤੇ ਚਾਣਨਾ ਪਾਉਂਦੇ ਹੋਏ ਕਿਹਾ ਕਿ ਜਦੋਂ ਕੋਈ ਵਿਅਕਤੀ ਕਾਨੂੰਨ ਮੁਤਾਬਕ ਆਪਣੀ ਸਜ਼ਾ ਭੁਗਤ ਲਵੇ ਤਾਂ ਉਸ ਨੂੰ ਜੇਲ੍ਹ ਵਿੱਚ ਬੰਦੀ ਬਣਾ ਕੇ ਨਹੀਂ ਰੱਖਿਆ ਜਾ ਸਕਦਾ ਪ੍ਰੰਤੂ ਭਾਰਤ ਵਿੱਚ ਕਾਲੇ ਕਾਨੂੰਨਾਂ ਤਹਿਤ ਇਹ ਸਾਰਾ ਕੁੱਝ ਵਾਪਰ ਰਿਹਾ ਹੈ ਅਤੇ ਕਿਉਂਕਿ ਸਰਕਾਰਾਂ ਨੂੰ ਕੋਈ ਪੁੱਛਣ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਹੁਕਮਰਾਨ ਸੁਰੱਖਿਆ ਦਾ ਮੁੱਦਾ ਬਣਾ ਕੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੇ ਰਾਹ ਵਿੱਚ ਦਿੱਕਤਾਂ ਖੜੀਆਂ ਕਰ ਰਹੇ ਹਨ।